ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਪੰਜਾਬ ਪੁਲਿਸ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ, ਐਸਐਸਪੀ ਵੱਲੋਂ ਖੁੱਦ ਕੀਤੀ ਜਾ ਰਹੀ ਨਿਜੀ ਨਿਗਰਾਣੀ

ਪੰਜਾਬ ਪੁਲਿਸ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ, ਐਸਐਸਪੀ ਵੱਲੋਂ ਖੁੱਦ ਕੀਤੀ ਜਾ ਰਹੀ ਨਿਜੀ ਨਿਗਰਾਣੀ
  • PublishedJuly 9, 2023

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਸਥਿਤੀ ਦੀ ਨਿੱਜੀ ਤੌਰ ‘ਤੇ ਕਰ ਰਹੇ ਹਨ ਨਿਗਰਾਨੀ

 ਸੀਪੀਜ਼/ਐਸਐਸਪੀਜ਼ ਨੂੰ ਫੀਲਡ ਵਿੱਚ ਰਹਿ ਕੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼

ਹੜ੍ਹਾਂ ਦੀ ਰੋਕਥਾਮ ਲਈ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ: ਡੀਜੀਪੀ ਗੌਰਵ ਯਾਦਵ

 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ, ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਐਸ.ਆਰ.ਟੀ.ਐਫ. ਵੀ ਪੱਬਾਂ ਭਾਰ: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 9 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਿੱਤੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ ਹਨ ਅਤੇ ਪੰਜਾਬ ਪੁਲਿਸ ਵੱਲੋਂ ਹੜ੍ਹਾਂ ਦੀ ਸੰਭਾਵਨਾ ਨੂੰ  ਦੇਖਦਿਆਂ ਇਸ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਸਟੇਟ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹਿਆਂ ਤੋਂ ਘੰਟਿਆਂਬੱਧੀ ਰਿਪੋਰਟ ਲੈਣ ਲਈ ਕਿਹਾ ਗਿਆ ਹੈ ਤਾਂ ਜੋ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਦੀ ਮੌਜੂਦਾ ਸਥਿਤੀ ਬਾਰੇ ਅਪਡੇਟ ਰਹਿਣ।

ਜ਼ਿਕਰਯੋਗ ਹੈ ਕਿ ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨਿੱਜੀ ਤੌਰ ‘ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ, ਜਦਕਿ ਸੀਪੀਜ਼/ਐਸਐਸਪੀਜ਼ ਨੂੰ ਵੀ ਫੀਲਡ ਵਿੱਚ ਰਹਿਣ ਅਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਨਿਯਮਤ ਅੰਤਰਾਲਾਂ ‘ਤੇ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਹੋਰ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸ.ਟੀ.ਆਰ.ਐਫ.) ਦੀਆਂ ਟੀਮਾਂ ਅਲਰਟ ‘ਤੇ ਹਨ ਅਤੇ ਕਿਸੇ ਵੀ ਕਿਸਮ ਦੇ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ ਅਤੇ ਫਤਹਿਗੜ੍ਹ ਸਾਹਿਬ ਸਮੇਤ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਅਤੇ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.) ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਫੌਜ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ।

ਵਿਸ਼ੇਸ਼ ਡੀਜੀਪੀ ਨੇ ਸੂਬੇ ਦੇ ਲੋਕਾਂ ਨੂੰ ਨਾ ਘਬਰਾਉਣ ਅਤੇ ਪ੍ਰਸ਼ਾਸਨ ਅਤੇ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੀਵੇਂ ਇਲਾਕਿਆਂ ਜਾਂ ਹੜ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁਰੱਖਿਆ ਲਈ ਕਿਸੇ ਸੁਰੱਖਿਅਤ ਜਗ੍ਹਾ ‘ਤੇ ਰਹਿਣ ਜਾਂ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਰਾਹਤ ਕੇਂਦਰਾਂ ਤੱਕ ਪਹੁੰਚ ਕਰਨ।

Written By
The Punjab Wire