Close

Recent Posts

ਗੁਰਦਾਸਪੁਰ ਪੰਜਾਬ

ਸੁੱਕੇ ਤੇ ਗਿੱਲੇ ਕੂੜੇ ਦੀ 100 ਫੀਸਦੀ ਡੋਰ ਟੂ ਡੋਰ ਕੁਲੈਕਸ਼ਨ ਯਕੀਨੀ ਬਣਾਈ ਜਾਵੇ – ਡਿਪਟੀ ਕਮਿਸ਼ਨਰ

ਸੁੱਕੇ ਤੇ ਗਿੱਲੇ ਕੂੜੇ ਦੀ 100 ਫੀਸਦੀ ਡੋਰ ਟੂ ਡੋਰ ਕੁਲੈਕਸ਼ਨ ਯਕੀਨੀ ਬਣਾਈ ਜਾਵੇ – ਡਿਪਟੀ ਕਮਿਸ਼ਨਰ
  • PublishedJuly 10, 2023

ਸ਼ਹਿਰਾਂ ਦੇ ਬਜ਼ਾਰਾਂ ਅਤੇ ਸੜਕਾਂ ਦੇ ਕਿਨਾਰਿਆਂ ਤੋਂ ਨਜਾਇਜ ਕਬਜ਼ੇ ਹਟਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ

ਗੁਰਦਾਸਪੁਰ, 10 ਜੁਲਾਈ 2023 (ਦੀ ਪੰਜਾਬ ਵਾਇਰ) ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਬਟਾਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸੁੱਕੇ ਤੇ ਗਿੱਲੇ ਕੂੜੇ ਦੀ 100 ਫੀਸਦੀ ਡੋਰ-ਟੂ-ਡੋਰ ਕੁਲੈਕਸ਼ਨ ਕਰਕੇ ਕੂੜੇ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਨ ਤਾਂ ਜੋ ਸ਼ਹਿਰਾਂ ਵਿਚੋਂ ਕੂੜੇ ਦੇ ਢੇਰਾਂ ਦਾ ਖਾਤਮਾ ਹੋ ਸਕੇ। ਅੱਜ ਸਥਾਨਕ ਪੰਚਾਇਤ ਭਵਨ ਵਿਖੇ ਸ਼ਹਿਰਾਂ ਦੀ ਸਫ਼ਾਈ ਵਿਵਸਥਾ ਦਾ ਰੀਵਿਊ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਇਸ ਵਿੱਚ ਕਿਸੇ ਤਰਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਨਗਰ ਕੌਂਸਲ ਦੇ ਕੁਝ ਕਰਮਚਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਸਬੰਧੀ ਜੁਆਬ-ਤਲਬੀ ਵੀ ਕੀਤੀ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸ਼ਹਿਰਾਂ ਵਿੱਚ ਲੋੜ ਅਨੁਸਾਰ ਨਵੀਂਆਂ ਕੰਪੋਸਟ ਪਿਟਸ ਬਣਾਈਆਂ ਜਾਣ ਅਤੇ ਸੁੱਕੇ ਤੇ ਗਿੱਲੇ ਕੂੜੇ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੂੜੇ ਦੀ 100 ਫੀਸਦੀ ਡੋਰ-ਟੂ-ਡੋਰ ਕੁਲੈਕਸ਼ਨ ਕਰਨ ਨਾਲ ਸ਼ਹਿਰਾਂ ਵਿੱਚ ਕੂੜੇ ਦੇ ਡੰਪ ਅਸਾਨੀ ਨਾਲ ਖਤਮ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਹਫ਼ਤੇ ਸ਼ਹਿਰ ਦੇ ਇੱਕ ਵਾਰਡ ਵਿੱਚ ‘ਮੇਰਾ ਸ਼ਹਿਰ, ਮੇਰਾ ਮਾਣ’ ਪ੍ਰੋਗਰਾਮ ਕਰਕੇ ਜਿਥੇ ਉਸ ਇਲਾਕੇ ਵਿੱਚ ਸਫ਼ਾਈ ਦਾ ਵਿਸ਼ੇਸ਼ ਅਭਿਆਨ ਚਲਾਇਆ ਜਾਵੇ ਓਥੇ ਨਾਲ ਹੀ ਉਸ ਵਾਰਡ ਦੀਆਂ ਹੋਰ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਵੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਅਭਿਆਨ ਵਿੱਚ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਕੇ ਉਨ੍ਹਾਂ ਦਾ ਸਹਿਯੋਗ ਵੀ ਲਿਆ ਜਾਵੇ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿਚੋਂ ਪ੍ਰਾਪਰਟੀ ਟੈਕਸ, ਗਊ ਸੈੱਸ, ਸੀਵਰੇਜ ਅਤੇ ਪਾਣੀ ਦੇ ਬਿੱਲ ਆਦਿ ਸਮੇਂ ਸਿਰ ਇਕੱਠੇ ਕੀਤੇ ਜਾਣ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰਾਂ ਦੇ ਬਜ਼ਾਰਾਂ ਅਤੇ ਸੜਕਾਂ ਦੇ ਕਿਨਾਰਿਆਂ ਤੋਂ ਨਜਾਇਜ ਕਬਜ਼ੇ ਹਟਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਦੁਕਾਨਦਾਰ ਬਾਰ-ਬਾਰ ਕਹਿਣ ਦੇ ਬਾਵਜੂਦ ਵੀ ਆਖੇ ਨਹੀਂ ਲੱਗ ਰਹੇ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਨਗਰ ਨਿਗਮ ਬਟਾਲਾ ਦੇ ਸਕੱਤਰ ਸ੍ਰੀ ਸ਼ਿਵ ਕੁਮਾਰ, ਸੁਪਰਡੈਂਟ ਸ. ਨਿਰਮਲ ਸਿੰਘ, ਨਗਰ ਕੌਂਸਲ ਕਾਦੀਆਂ, ਧਾਰੀਵਾਲ ਤੇ ਸ੍ਰੀ ਹਰਗੋਬਿੰਦਪੁਰ ਦੇ ਈ.ਓ. ਸ੍ਰੀ ਅਰੁਨ ਕੁਮਾਰ, ਈ.ਓ. ਗੁਰਦਾਸਪੁਰ ਸ੍ਰੀ ਭੁਪਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire