ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਣ ਸਾਰ ਹੀ ਲੈ ਸਕਣਗੇ ਸਰਕਾਰੀ ਸਕੀਮਾਂ ਦਾ ਲਾਭ
ਚੰਡੀਗੜ੍ਹ, 14 ਜੁਲਾਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਲਾਭ ਦੇਣ ਲਈ ਨਿਯਮਾਂ ’ਤੇ ਸ਼ਰਤਾਂ ਨੂੰ ਹੋਰ ਸੁਖਾਲਾ ਬਣਾਏਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਲੇਬਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਉਸਾਰੀ ਕਿਰਤੀਆਂ ਨੂੰ ਵੇਧੇਰੇ ਲਾਭ ਦੇਣ ਦੇ ਮੰਤਵ ਨਾਲ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦੇ ਨਿਯਮਾਂ ਅਤੇ ਸ਼ਰਤਾਂ ਨੂੰ ਸੁਖਾਲਾ ਬਣਾਇਆ ਜਾਵੇਗਾ । ਉਨ੍ਹਾ ਕਿਹਾ ਕਿ ਹੁਣ ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਾਉਦਿਆ ਸਾਰ ਹੀ ਬੋਰਡ ਦੀ ਭਲਾਈ ਸਕੀਮਾਂ ਦਾ ਲਾਭ ਲੈ ਸਕਣਗੇ ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਉਸਾਰੀ ਕਿਰਤੀਆ ਦੀ ਸਹੂਲਤ ਲਈ ਇੱਕ ਮੋਬਾਇਲ ਐਪ ‘ਪੰਜਾਬ ਕਿਰਤੀ ਸਹਾਇਕ’ ਉਪਲਬਧ ਹੈ । ਉਨ੍ਹਾਂ ਕਿਹਾ ਕਿ ਇਸ ਮੋਬਾਇਲ ਐਪ ਤੇ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰ ਕਰ ਸਕਦੇ ਹਨ ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨਕਸਾਨ ਕਰਕੇ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ ।
ਮੰਤਰੀ ਨੇ ਸੂਬੇ ਦੇ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਆਪਣੀ ਰਜਿਸਟ੍ਰੇਸ਼ਨ ਕਰਵਾਉਣ । ਉਨਾਂ ਕਿਹਾ ਕਿ ਸੂਬਾ ਸਰਕਾਰ ਉਸਾਰੀ ਕਿਰਤੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।