ਪੰਜਾਬ ਮੁੱਖ ਖ਼ਬਰ

ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਤੇ ਸਮਰੱਥ ਹੈ ਜ਼ਿਲ੍ਹਾ ਪ੍ਰਸ਼ਾਸਨ – ਡਿਪਟੀ ਕਮਿਸ਼ਨਰ

ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਤੇ ਸਮਰੱਥ ਹੈ ਜ਼ਿਲ੍ਹਾ ਪ੍ਰਸ਼ਾਸਨ – ਡਿਪਟੀ ਕਮਿਸ਼ਨਰ
  • PublishedJuly 16, 2023

ਅਧਿਕਾਰੀਆਂ ਨੂੰ ਸਟੇਸ਼ਨ ਨਾ ਛੱਡਣ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 16 ਜੁਲਾਈ 2023 (ਦੀ ਪੰਜਾਬ ਵਾਇਰ )। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਦੌਰਾਨ ਕੀਤੀ ਗਈ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਅਤੇ ਚੌਕਸ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਸਥਿਤੀੀ `ਤੇ ਨੇੜੇ ਤੋਂ ਨਜ਼ਰ ਰੱਖਣ ਅਤੇ ਜਦੋਂ ਤੱਕ ਹੜ੍ਹਾਂ ਦਾ ਖ਼ਤਰਾ ਟਲ ਨਹੀਂ ਜਾਂਦਾ ਕੋਈ ਵੀ ਅਧਿਕਾਰੀ ਆਪਣਾ ਸਟੇਸ਼ਨ ਨਹੀਂ ਛੱਡੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆਵਾਂ ਅਤੇ ਨਾਲਿਆਂ ਦੇ ਪਾਣੀ ਦੇ ਪੱਧਰ ਉੱਪਰ ਵੀ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸਦੇ ਨਾਲ ਹੀ ਰਣਜੀਤ ਸਾਗਰ ਡੈਮ, ਉੱਜ ਦਰਿਆ ਅਤੇ ਪੌਂਗ ਡੈਮ `ਚੋਂ ਕਿੰਨਾ ਪਾਣੀ ਛੱਡਿਆ ਜਾ ਰਿਹਾ ਹੈ ਇਸ ਸਬੰਧੀ ਵੀ ਓਥੋਂ ਦੇ ਪ੍ਰਬੰਧਕਾਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਦੋਂ ਵੀ ਡੈਮਾਂ ਵਿਚੋਂ ਪਾਣੀ ਛੱਡਣ ਦੀ ਸੂਚਨਾ ਪ੍ਰਾਪਤ ਹੁੰਦੀ ਹੈ ਤਾਂ ਸਮਾਂ ਰਹਿੰਦੇ ਹੀ ਇਸਨੂੰ ਜ਼ਿਲ੍ਹਾ ਵਾਸੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਸਬੰਧੀ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਹੈ ਜੋ ਦਿਨ-ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਫਲੱਡ ਕੰਟਰੋਲ ਰੂਮ ਦਾ ਨੰਬਰ 01874-266376 ਹੈ ਜਦਕਿ ਇਸ ਤੋਂ ਇਲਾਵਾ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਉੱਪਰ ਲੋੜ ਪੈਣ `ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆਵਾਂ ਕੰਢੇ ਰਹਿੰਦੀ ਵਸੋਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ ਕਿ ਉਹ ਦਰਿਆਵਾਂ ਦੇ ਨੇੜੇ ਨਾ ਜਾਣ। ਉਨ੍ਹਾਂ ਕਿਹਾ ਕਿ ਜਦੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਸਬੰਧੀ ਕੋਈ ਅਲਰਟ ਜਾਂ ਹਦਾਇਤ ਜਾਰੀ ਕੀਤੀ ਜਾਂਦੀ ਹੈ ਤਾਂ ਉਸਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਤਰਾਂ ਦੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਜ਼ਿਲ੍ਹਾ ਪ੍ਰਸ਼ਾਸਨ ਹਰ ਸਥਿਤੀ ਦਾ ਟਾਕਰਾ ਕਰਨ ਲਈ ਤਿਆਰ ਅਤੇ ਸਮਰੱਥ ਹੈ।

Written By
The Punjab Wire