ਹੋਰ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਰਾਵੀ ਦਰਿਆ ਦੇ ਪਾਣੀ ਤੋਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਕੋਈ ਖ਼ਤਰਾ ਨਹੀਂ – ਡਿਪਟੀ ਕਮਿਸ਼ਨਰ

ਰਾਵੀ ਦਰਿਆ ਦੇ ਪਾਣੀ ਤੋਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਕੋਈ ਖ਼ਤਰਾ ਨਹੀਂ – ਡਿਪਟੀ ਕਮਿਸ਼ਨਰ
  • PublishedJuly 20, 2023

ਪਾਕਿਸਤਾਨ ਵਾਲੇ ਪਾਸੇ ਤੋਂ ਆਇਆ ਕੁਝ ਪਾਣੀ ਧੁੱਸੀ ਬੰਨ ਤੋਂ ਪਾਰ, ਦਰਸ਼ਨ ਸਥੱਲ ਤੇ ਧੁੱਸੀ ਬੰਨ ਪੂਰੀ ਤਰ੍ਹਾਂ ਸੁਰੱਖਿਅਤ

ਸੰਗਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕੀ

ਪਾਕਿਸਤਾਨ ਅਥਾਰਟੀ ਕੋਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਵੀ ਦੇ ਪਾਣੀ ਦੀ ਲਈ ਜਾ ਰਹੀ ਰੀਪੋਰਟ

ਗੁਰਦਾਸਪੁਰ, 20 ਜੁਲਾਈ 2023 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਬਾਵਜੂਦ ਡੇਰਾ ਬਾਬਾ ਨਾਨਕ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਕੋਈ ਖਤਰਾ ਨਹੀਂ ਹੈ ਅਤੇ ਉਹ ਪੂਰੀ ਤਰਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਸਵੇਰੇ ਕੋਰੀਡੋਰ ਦੇ ਨਜ਼ਦੀਕ ਧੁੱਸੀ ਬੰਨ ਕੋਲ ਪਾਕਿਸਤਾਨ ਦੇ ਪਾਸੇ ਤੋਂ ਰਾਵੀ ਦਰਿਆ ਦਾ ਕੁਝ ਪਾਣੀ ਆਇਆ ਹੈ ਪਰ ਇਹ ਪਾਣੀ ਧੁੱਸੀ ਬੰਨ ਤੋਂ ਪਾਰ ਪਾਕਿਸਤਾਨ ਵਾਲੇ ਪਾਸੇ ਦਰਸ਼ਨ ਸਥੱਲ ਦੇ ਨਜ਼ਦੀਕ ਹੈ। ਉਨ੍ਹਾਂ ਕਿਹਾ ਕਿ ਇਸ ਪਾਣੀ ਦਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਧੁੱਸੀ ਬੰਨ ਅਤੇ ਦਰਸ਼ਨ ਸਥੱਲ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ ਅਤੇ ਸਥਿੱਤੀ ਉੱਪਰ ਨੇੜੇ ਤੋਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਾਣੀ ਪਾਕਿਸਤਾਨ ਵਾਲੇ ਪਾਸੋਂ ਤੋਂ ਕਿਵੇਂ ਆਇਆ ਇਸ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੀ ਸੰਗਤ ਨੂੰ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰੋਕ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦਰਿਆ ਤੋਂ ਪਾਰ ਹੈ ਅਤੇ ਇਸ ਸਮੇਂ ਦਰਿਆ ਰਾਵੀ ਵਿੱਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੱਧਰ ’ਤੇ ਪਾਕਿਸਤਾਨੀ ਅਥਾਰਟੀ ਕੋਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਰਸਤੇ ਵਿੱਚ ਰਾਵੀ ਦੇ ਪਾਣੀ ਦੀ ਰਿਪੋਰਟ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਹੇਠਾਂ ਆਉਣ ’ਤੇ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕਿਸੇ ਨੂੰ ਵੀ ਕੋਈ ਘਬਰਾਉਣ ਦੀ ਲੋੜ ਨਹੀਂ ਹੈ, ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦਰਿਆ ਰਾਵੀ ਦੇ ਨਜ਼ਦੀਕ ਨਾ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

Written By
The Punjab Wire