Close

Recent Posts

ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ

ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ
  • PublishedJuly 20, 2023

ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਕਰੜੀ ਸਜ਼ਾ ਦੇਣ ਦੀ ਵਕਾਲਤ

ਦਿਲ ਦਹਿਲਾਉਣ ਵਾਲੀ ਘਟਨਾ ਮੁਲਕ ਦੇ ਜ਼ਮੀਰ ਉਤੇ ਵੱਡਾ ਕਲੰਕ

ਔਰਤਾਂ ਦਾ ਮਾਣ-ਸਤਿਕਾਰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ

ਚੰਡੀਗੜ੍ਹ, 20 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਵਾਪਰੀ ਘਿਨਾਉਣੀ ਕਾਰਵਾਈ ਉਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ।

ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੇਸਹਾਰਾ ਔਰਤਾਂ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਵਹਿਸ਼ੀ ਘਟਨਾ ਮੁਲਕ ਦੀ ਜ਼ਮੀਰ ‘ਤੇ ਵੱਡਾ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਘਿਨਾਉਣਾ ਅਤੇ ਅਣਮਨੁੱਖੀ ਕਾਰਾ ਹੈ ਜਿਸ ਕਾਰਨ ਅੱਜ ਹਰ ਦੇਸ਼ ਵਾਸੀ ਸ਼ਰਮ ਮਹਿਸੂਸ ਕਰ ਰਿਹਾ ਹੈ।

ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਪਰਾਧੀ ਕਿਸੇ ਤਰ੍ਹਾਂ ਦੇ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਅਜਿਹੇ ਲੋਕਾਂ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਹੋਰ ਅਜਿਹੀ ਜੁਅੱਰਤ ਨਾ ਕਰੇ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਨੂੰ ਯਕੀਨੀ ਬਣਾਉਣ ਤਾਂ ਜੋ ਪੀੜਤਾਂ ਦੇ ਪਰਿਵਾਰਾਂ, ਸਾਕ-ਸਨੇਹੀਆਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਔਰਤਾਂ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ‘ਚ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਵੀ ਇਸ ‘ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਅਣਮਨੁੱਖੀ ਕਾਰਿਆਂ ਦੀ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਸਮੁੱਚੇ ਦੇਸ਼ ਨੂੰ ਇਸ ਦੀ ਇੱਕਜੁਟ ਹੋ ਕੇ ਨਿਖੇਧੀ ਕਰਨੀ ਚਾਹੀਦੀ ਹੈ।

Written By
The Punjab Wire