ਪੰਜਾਬ ਮੁੱਖ ਖ਼ਬਰ

ਹੁਸ਼ਿਆਰਪੁਰ:- ਮਾਤਾ ਚਿੰਤਪੁਰਨੀ ਮੇਲਾ – ਲੰਗਰ ਦੌਰਾਨ ਨਹੀਂ ਹੋਵੇਗੀ ਡੀ. ਜੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ, ਡੀਸੀ ਮਿੱਤਲ ਨੇ ਲੰਗਰ ਕਮੇਟੀਆਂ ਨਾਲ ਮੀਟਿੰਗ ਦੌਰਾਨ ਲਿਆ ਫ਼ੈਸਲਾ

ਹੁਸ਼ਿਆਰਪੁਰ:- ਮਾਤਾ ਚਿੰਤਪੁਰਨੀ ਮੇਲਾ – ਲੰਗਰ ਦੌਰਾਨ ਨਹੀਂ ਹੋਵੇਗੀ ਡੀ. ਜੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ, ਡੀਸੀ ਮਿੱਤਲ ਨੇ ਲੰਗਰ ਕਮੇਟੀਆਂ ਨਾਲ ਮੀਟਿੰਗ ਦੌਰਾਨ ਲਿਆ ਫ਼ੈਸਲਾ
  • PublishedJuly 21, 2023

ਸ਼ਰਧਾਲੂ ਭਾਰ ਢੋਹਣ ਵਾਲੇ ਵਾਹਨਾਂ ਦੀ ਨਾ ਕਰਨ ਵਰਤੋਂ

ਸੇਵਾ ਦੇ ਇਸ ਕੰਮ ਵਿਚ ਲੰਗਰ ਕਮੇਟੀਆਂ ਅਤੇ ਸੰਗਠਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਦੀ ਕੀਤੀ ਅਪੀਲ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦਾ ਦਿੱਤਾ ਭਰੋਸਾ

ਹੁਸ਼ਿਆਰਪੁਰ, 21 ਜੁਲਾਈ 2023 (ਦੀ ਪੰਜਾਬ ਵਾਇਰ)। 17 ਤੋਂ 25 ਅਗਸਤ ਤੱਕ ਚੱਲਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਇਸ ਵਾਰ ਲਗਾਏ ਜਾਣ ਵਾਲੇ ਲੰਗਰਾਂ ਮੌਕੇ ਡੀ. ਜੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਫ਼ੈਸਲਾ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੱਖ-ਵੱਖ ਲੰਗਰ ਕਮੇਟੀਆਂ ਨਾਲ ਮੀਟਿੰਗ ਦੌਰਾਨ ਲਿਆ। ਉਨ੍ਹਾਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਲੰਗਰ ਲਗਾਉਣ ਮੌਕੇ ਸਫ਼ਾਈ ਪ੍ਰਬੰਧ ਬਰਕਰਾਰ ਰੱਖਣੇ ਯਕੀਨੀ ਬਣਾਏ ਜਾਣ, ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਲੰਗਰ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਰਵਿਘਨ ਟ੍ਰੈਫਿਕ ਵਿਵਸਥਾ ਲਈ ਉਨ੍ਹਾਂ ਵੱਲੋਂ ਸੜਕ ’ਤੇ ਆ ਕੇ ਲੰਗਰ ਨਾ ਵਰਤਾਇਆ ਜਾਵੇ ਅਤੇ ਨਿਰਧਾਰਤ ਥਾਵਾਂ ’ਤੇ ਹੀ ਲੰਗਰ ਲਗਾਏ ਜਾਣ। ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ, ਇਸ ਲਈ ਲੰਗਰ ਕਮੇਟੀਆਂ ਵੱਲੋਂ ਇਹ ਰਜਿਸਟ੍ਰੇਸ਼ਨ ਐਸ. ਡੀ. ਐਮ ਦਫ਼ਤਰ ਹੁਸ਼ਿਆਰਪੁਰ ਵਿਖੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਮੋਬਾਈਲ ਪਖਾਨੇ ਆਦਿ ਦਾ ਪ੍ਰਬੰਧ ਕਰਨ ਤੋਂ ਇਲਾਵਾ ਸਿਹਤ ਸੁਵਿਧਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਮੇਲੇ ਦੌਰਾਨ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ ਵੀ ਕੀਤੇ ਜਾਣਗੇ। ਇਸੇ ਤਰ੍ਹਾਂ ਫਾਇਰ ਟੈਂਡਰ ਅਤੇ ਐਂਬੂਲੈਂਸਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਲੰਗਰ ਕਮੇਟੀਆਂ ਨੂੰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਬੈਨ ਕੀਤਾ ਗਿਆ ਹੈ, ਇਸ ਲਈ ਲੰਗਰ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਸ਼ਰਧਾਲੂਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਾਹਨਾਂ ਨਾਲ ਹਮੇਸ਼ਾ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਲੰਗਰ ਕਮੇਟੀਆਂ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਐਸ. ਪੀ ਮਨਜੀਤ ਕੌਰ ਅਤੇ ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੋਂ ਇਲਾਵਾ ਭਾਰਤੀ ਸਨਾਤਨ ਧਰਮ ਮਹਾਵੀਰ ਦਲ, ਮਈਆ ਜੀ ਅਸੀਂ ਨੌਕਰ ਤੇਰੇ, ਚਿੰਤਪੁਰਨੀ ਸੇਵਾ ਦਲ ਬਾਲ ਕ੍ਰਿਸ਼ਨ ਰੋਡ, ਚਿੰਤਪੁਰਨੀ ਸੇਵਾ ਕਮੇਟੀ ਬਾਲ ਕ੍ਰਿਸ਼ਨ ਰੋਡ, ਜੈ ਮਾਂ ਚਿੰਤਪੁਰਨੀ ਲੰਗਰ ਕਮੇਟੀ, ਮਾਤਾ ਚਿੰਤਪੁਰਨੀ ਸੇਵਾ ਸੁਸਾਇਟੀ ਵੈਸ਼ਨੋ ਧਾਮ, ਸਫਾਈ ਕਮੇਟੀ, ਸਵੱਛਤਾ ਕਾ ਲੰਗਰ ਸੇਵਾ ਸੁਸਾਇਟੀ ਦੇ ਨੁਮਾਇੰਦੇ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Written By
The Punjab Wire