ਚੰਡੀਗੜ੍ਹ, 22 ਜੁਲਾਈ 2023 (ਦੀ ਪੰਜਾਬ ਵਾਇਰ)। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ (ਈਸੀਸੀਈ) ਦਿਨ ਮਨਾਇਆ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਕਰਵਾਈਆਂ ਜਾ ਰਹੀਆਂ ਪੂਰਵ ਸਕੂਲ ਸਿੱਖਿਆ ਦੀਆਂ ਗਤੀਵਿਧੀਆਂ ਤੋਂ ਉਨ੍ਹਾਂ ਦੇ ਮਾਂ ਬਾਪ ਨੂੰ ਜਾਣੂ ਕਰਵਾਉਣਾ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਨਵੀਂ ਸਿੱਖਿਆ ਨੀਤੀ (2020), ਫਾਊਂਡੇਸ਼ਨਲ ਲਰਨਿੰਗ ਲਈ ਰਾਸ਼ਟਰੀ ਪਾਠਕ੍ਰਮ ਫਰੇਮਵਰਕ (2022) ਅਤੇ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਦੇ ਦਿਸ਼ਾ-ਨਿਰਦੇਸ਼ਾਂ ਦੇ ਨਾਲ, ਉੱਚ-ਗੁਣਵੱਤਾ ਵਾਲੇ ਈਸੀਸੀਈ ਦੀ ਮਹੱਤਤਾ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਦਾ ਬੱਚਿਆਂ ਦੇ ਮਨੋਵਿਗਿਆਨਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ‘ਤੇ ਮਹੱਤਵਪੂਰਨ ਪ੍ਰਭਾਵ ਪੈਂਦਾ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੱਚੇ ਦੇ ਮੁੱਢਲੇ 6 ਸਾਲ ੳਸਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਆਂਗਨਵਾੜੀ ਸੈਂਟਰਾਂ ਵਿਚ ਪ੍ਰੀ-ਸਕੂਲ ਸਿਖਿਆ ਦਿੰਦੇ ਸਮੇਂ ਬੱਚੇ ਦੇ ਸੰਪੂਰਨ ਵਿਕਾਸ ਭਾਵ ਬੌਧਿਕ ਵਿਕਾਸ, ਭਾਸ਼ਾ ਦਾ ਵਿਕਾਸ, ਸਰੀਰਿਕ ਵਿਕਾਸ, ਸਮਾਜਿਕ ਅਤੇ ਭਾਵਨਾਤਮਕ ਵਿਕਾਸ, ਰਚਨਾਤਮਕ ਵਿਕਾਸ ਨੂੰ ਮੁੱਖ ਰੱਖ ਕੇ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਵਿੱਚ ਬੱਚੇ ਨੂੰ ਪੂਰਵ ਪੜ੍ਹਨ ਤੋਂ ਪੂਰਵ ਲਿਖਣ ਦਾ ਅਭਿਆਸ ਕਰਵਾਇਆ ਜਾਂਦਾ ਹੈ ਤਾਂ ਜੋ ਬੱਚਾ ਸਕੂਲ ਵਿੱਚ ਪੜਨ ਲਈ ਤਿਆਰ ਹੋ ਸਕੇ। ਇਸ ਤੋਂ ਇਲਾਵਾ ਬੱਚਿਆਂ ਦੀ ਸਿਹਤ ਨੂੰ ਮੋਨੀਟਰ ਕਰਨ ਲਈ ਗ੍ਰੋਥ ਮੋਨੀਟਰਿੰਗ ਬਾਰੇ ਵੀ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਮਾਪਿਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ, ਆਂਗਣਵਾੜੀ ਹੈਲਪਰਾਂ, ਮਾਪਿਆਂ ਅਤੇ ਸੰਸਥਾ ਮੇਰਕੀ ਫਾਊਂਡੇਸ਼ਨ ਦਾ ਛੋਟੇ ਬੱਚਿਆਂ ਲਈ ਸੁਰੱਖਿਅਤ ਅਤੇ ਪਾਲਣ ਪੋਸ਼ਣ ਲਈ ਸ਼ਲਾਘਾ ਕੀਤੀ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦੀ ਡਾਇਰੈਕਟਰ ਸ੍ਰੀਮਤੀ ਡਾ. ਮਾਧਵੀ ਕਟਾਰੀਆ ਨੇ ਸੂਬੇ ਵਿੱਚ ਸ਼ੁਰੂਆਤੀ ਬਚਪਨ ਅਤੇ ਸਿੱਖਿਆ ਤੱਕ ਪਹੁੰਚ ਨੂੰ ਵਧਾਉਣ ਅਤੇ ਸਿੱਖਣ ਦੇ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।