ਘਣੀਏ ਕੇ ਬੇਟ ਇਲਾਕੇ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਵੰਡੀ ਜਾ ਰਹੀ ਹੈ ਰਾਹਤ ਸਮੱਗਰੀ
ਮੈਡੀਕਲ ਟੀਮਾਂ ਵੱਲੋਂ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 24 ਜੁਲਾਈ2023 (ਦੀ ਪੰਜਾਬ ਵਾਇਰ) । ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਅਤੇ ਦਰਿਆ ਉੱਜ ਰਾਹੀਂ ਆਏ ਪਾਣੀ ਕਾਰਨ ਰਾਵੀ ਦਰਿਆ ਦੇ ਨਾਲ ਲੱਗਦੇ ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਇਲਾਕਿਆਂ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਵੱਲੋਂ ਜਿਥੇ ਮਕੌੜਾ ਪੱਤਣ ਤੋਂ ਪਾਰ ਬਲਜ ਏਰੀਏ ਦੀ ਵਸੋਂ ਨਾਲ ਲਗਾਤਾਰ ਸੰਪਰਕ ਕਰਕੇ ਉਨ੍ਹਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ ਓਥੇ ਡੇਰਾ ਬਾਬਾ ਨਾਨਕ ਨਜ਼ਦੀਕ ਰਾਵੀ ਦਰਿਆ ਤੋਂ ਪਾਰ ਪਿੰਡ ਘਣੀਏ-ਕੇ-ਬੇਟ ਇਲਾਕੇ ਵਿੱਚ ਵੀ ਲਗਾਤਾਰ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਿਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਤਿਆਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਰਵਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਅਰਵਿੰਦ ਕੁਮਾਰ ਅਤੇ ਐੱਸ.ਡੀ.ਐੱਮ. ਡੇੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਅਰੋੜਾ ਦੀ ਅਗਵਾਈ ਹੇਠ ਸਿਵਲ ਤੇ ਪੁਲਿਸ ਵਿਭਾਗ ਦੀਆਂ ਰਾਹਤ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਇਨ੍ਹਾਂ ਰਾਹਤ ਕਾਰਜਾਂ ਵਿੱਚ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਅਰੋੜਾ ਨੇ ਦੱਸਿਆ ਕਿ ਪ੍ਰਭਾਵਤ ਪਿੰਡਾਂ ਵਿੱਚ ਲੋਕਾਂ ਨੂੰ ਖਾਣ-ਪੀਣ ਦੀ ਸਮੱਗਰੀ ਦੇਣ ਦੇ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਉਨ੍ਹਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਵੈਟਨਰੀ ਡਾਕਟਰਾਂ ਦੀ ਟੀਮ ਵੱਲੋਂ ਪਸ਼ੂਆਂ ਦੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਲਗਾਤਾਰ ਪ੍ਰਭਾਵਤ ਖੇਤਰ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਅਤੇ ਜੋ ਵੀ ਉਨ੍ਹਾਂ ਦੀ ਲੋੜ ਹੈ ਉਸ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਹਰ ਸਮੇਂ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ।