ਨਸ਼ਾ ਮੁਕਤੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ
ਗੁਰਦਾਸਪੁਰ, 31 ਜੁਲਾਈ 2023 (ਦੀ ਪੰਜਾਬ ਵਾਇਰ ) । ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਐੱਸ.ਪੀ. ਗੁਰਦਾਸਪੁਰ ਸ. ਪ੍ਰਿਥੀਪਾਲ ਸਿੰਘ, ਐੱਸ.ਪੀ. ਬਟਾਲਾ ਸ. ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਲਖਵਿੰਦਰ ਸਿੰਘ ਤੋਂ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਵਿੱਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਿਆ ਜਾਵੇ। ਉਨਾਂ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਗਠਿਤ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਰੈਗੂਲਰ ਤੌਰ ’ਤੇ ਮੀਟਿੰਗਾਂ ਕੀਤੀਆਂ ਜਾਣ ਅਤੇ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਹੱਦ ਪਾਰੋਂ ਡਰੋਨ ਰਾਹੀਂ ਹੁੰਦੀ ਤਸਕਰੀ ਨੂੰ ਰੋਕਣ ਲਈ ਚੌਕਸ ਤੇ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ’ਤੇ ਤੁਰੰਤ ਜ਼ਿਲਾ ਪੱਧਰ ’ਤੇ ਬਣੇ ਕੰਟਰੋਲ ਰੂਮ ਦੇ ਨੰਬਰ 1800-180-1852 ’ਤੇ ਜਾਂ ਪੁਲਿਸ ਵਿਭਾਗ ਦੇ ਹੈਲਪ ਲਾਈਨ ਨੰਬਰ 78145-45950 ਉੱਪਰ ਸੰਪਰਕ ਜਾਵੇ। ਉਨਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।
ਇਸਦੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕਰਨ ਅਤੇ ਜਿਹੜੇ ਕੈਮਿਸਟ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਕਰਦੇ ਹਨ ਉਨ੍ਹਾਂ ਖ਼ਿਲਾਫ਼ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਓਟ ਸੈਂਟਰਾਂ ਅਤੇ ਨਸ਼ਾ ਛੁਡਾਉ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਖਿਲਾਫ ਵਿਸ਼ੇਸ਼ ਜਾਗਰੂਕਤਾ ਪ੍ਰੋਗਾਰਮ ਕਰਵਾਏ ਜਾਣ। ਇਸਦੇ ਨਾਲ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੁੱਕੜ ਨਾਟਕਾਂ ਦੇ ਜਰੀਏ ਲੋਕਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਚੇਤਨਤਾ ਲਿਆਂਦੀ ਜਾਵੇ। ਉਨ੍ਹਾਂ ਨਹਿਰੂ ਯੁਵਾ ਕੇਂਦਰ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਵਿਸ਼ੇਸ਼ ਖੇਡ ਟੂਰਨਾਮੈਂਟ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦਾ ਪੂਰਾ ਸਾਥ ਦੇਣ।