ਹੁਸ਼ਿਆਰਪੁਰ-ਜ਼ਿਲ੍ਹੇ ਦਾ ਕੋਈ ਵੀ ਹੜ੍ਹ ਪ੍ਰਭਾਵਿਤ ਵਿਅਕਤੀ ਮੁਆਵਜ਼ੇ ਤੋਂ ਵਾਂਝਾ ਨਾ ਰਹੇ-ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਗਿਰਦਾਵਰੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਇਕ ਹੋਰ ਆਮ ਆਦਮੀ ਕਲੀਨਿਕ ਜਲਦੀ ਹੀ ਕੀਤਾ ਜਾਵੇਗਾ ਲੋਕ ਅਰਪਿਤ
ਹੁਸ਼ਿਆਰਪੁਰ, 2 ਅਗਸਤ 2023 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਅੰਦਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹੋਏ ਫ਼ਸਲਾਂ ਅਤੇ ਜਾਨ-ਮਾਲ ਦੇ ਨੁਕਸਾਨ ਦਾ ਨਿਯਮਾਂ ਮੁਤਾਬਿਕ ਮੁਆਵਜ਼ਾ ਦੇਣ ਲਈ ਪ੍ਰਭਾਵਿਤ ਖੇਤਰਾਂ ਵਿਚ ਸਪੈਸ਼ਲ ਗਿਰਦਾਵਰੀ ਦੇ ਚੱਲ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਸਪੈਸ਼ਲ ਗਿਰਦਾਵਰੀ ਅਤੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਸਬੰਧੀ ਕੀਤੀ ਵੀਡੀਓ ਕਾਨਫਰੰਸਿੰਗ ਤੋਂ ਬਾਅਦ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਗਿਰਦਾਵਰੀ ਦੀ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਖ਼ੁਦ ਵੀ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਗਿਰਦਾਵਰੀ ਪ੍ਰਕਿਰਆ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਕੋਈ ਵੀ ਪ੍ਰਭਾਵਿਤ ਵਿਅਕਤੀ ਬਣਦੇ ਯੋਗ ਮੁਆਵਜ਼ੇ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਹੜ੍ਹਾਂ ਦੇ ਪਾਣੀ ਕਾਰਨ ਹੋਏ ਨੁਕਸਾਨ ਦਾ ਕਿਸਾਨਾਂ ਤੋਂ ਇਲਾਵਾ ਹਰੇਕ ਪ੍ਰਭਾਵਿਤ ਨੂੰ ਮੁਆਵਜ਼ਾ ਦਿੱਤਾ ਜਾਣਾ ਹੈ। ਇਸ ਲਈ ਕੋਈ ਵੀ ਵਿਅਕਤੀ, ਘਰ ਅਤੇ ਕਿਸਾਨ ਅਜਿਹਾ ਨਾ ਰਹੇ, ਜਿਸ ਦਾ ਨੁਕਸਾਨ ਹੋਇਆ ਹੋਵੇ ਅਤੇ ਉਸ ਦੀ ਗਿਰਦਾਵਰੀ ਨਾ ਕੀਤੀ ਹੋਵੇ। ਉਨ੍ਹਾਂ ਹਦਾਇਤ ਕੀਤੀ ਕਿ ਇਹ ਸਪੈਸ਼ਲ ਗਿਰਦਾਵਰੀ 10 ਦਿਨਾਂ ਅੰਦਰ ਹਰ ਹਾਲ ਵਿਚ ਮੁਕੰਮਲ ਕੀਤੀ ਜਾਵੇ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪੱਖੋਂ ਸੁਧਾਰ ਲਈ ਅਹਿਮ ਉਪਰਾਲੇ ਕਰ ਰਹੀ ਹੈ, ਅਤੇ ਜ਼ਿਲ੍ਹੇ ਵਿਚ 43 ਆਮ ਆਦਮੀ ਕਲੀਨਿਕ ਸਫ਼ਲਤਾ ਪੂਰਵਕ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਜਲਦ ਹੀ ਇਕ ਹੋਰ ਆਮ ਆਦਮੀ ਕਲੀਨਿਕ ਪਿੰਡ ਦਾਰਾਪੁਰ ਵਿਖੇ ਖੋਲਿ੍ਹਆ ਜਾ ਰਿਹਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ 12 ਅਗਸਤ ਤੱਕ ਇਸ ਆਮ ਆਦਮੀ ਕਲੀਨਿਕ ਨੂੰ ਹਰ ਪੱਖੋਂ ਮੁਕੰਮਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਹ ਜਲਦ ਹੀ ਲੋਕਾਂ ਨੂੰ ਸਮਰਪਿਤ ਕੀਤਾ ਜਾ ਸਕੇ। ਇਸ ਮੌਕੇ ਦਿਵਿਆ ਪੀ. (ਆਈ. ਏ. ਐਸ ਅੰਡਰ ਟ੍ਰੇਨੀ), ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਐਨ. ਐਚ. ਐਮ ਮੁਹੰਮਦ ਆਸਿਫ਼, ਸੁਪਰਡੈਂਟ ਮਾਲ ਵਿਭਾਗ ਨਿਰਮਲ ਸਿੰਘ ਕੰਗ, ਡੀ. ਆਰ. ਏ. ਟੀ ਕਮਲਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।