ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ

ਜ਼ਿਲ੍ਹੇ ਦੇ ਸ਼ਹਿਰਾਂ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ 1650 ਨਵੇਂ ਮਕਾਨ ਬਣਾ ਕੇ ਦਿੱਤੇ ਜਾਣਗੇ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 4 ਅਗਸਤ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹਿਰੀ ਵਿਕਾਸ ਲਈ 101 ਕਰੋੜ ਰੁਪਏ ਸਥਾਨਕ ਸਰਕਾਰਾਂ ਵਿਭਾਗ ਨੂੰ ਜਾਰੀ ਕੀਤੇ ਗਏ ਹਨ, ਜਿਸ ਰਾਸ਼ੀ ਵਿਚੋਂ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰਾਂ ਵਿੱਚ ਵੀ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ 1650 ਨਵੇਂ ਮਕਾਨ ਉਸਾਰ ਕੇ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਈ.ਓਜ਼ ਨੂੰ ਹਦਾਇਤ ਕੀਤੀ ਕਿ ਇਹ ਰਾਸ਼ੀ ਪੂਰੀ ਪਾਰਦਰਸ਼ਤਾ ਨਾਲ ਗਰੀਬ ਤੇ ਲੋੜਵੰਦ ਪਰਿਵਾਰਾਂ ਉੱਪਰ ਖਰਚ ਕੀਤੀ ਜਾਵੇ। ਇਸਦੇ ਨਾਲ ਹੀ ਉਨ੍ਹਾਂ ਸ਼ਹਿਰਾਂ ਦੇ ਹੋਰ ਵਿਕਾਸ ਕਾਰਜਾਂ ਅਤੇ ਸੁੰਦਰੀਕਰਨ ਪ੍ਰੋਜੈਕਟਾਂ ਉੱਪਰ ਵੀ ਚਰਚਾ ਕੀਤੀ।

ਮੀਟਿੰਗ ਦੌਰਾਨ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਦੇ ਸਮੂਹ ਬਲਾਕਾਂ ਦੇ ਸੀ.ਡੀ.ਪੀ.ਓਜ਼. ਕੋਲੋਂ ਬੁਢਾਪਾ, ਆਸ਼ਰਤ, ਅੰਗਹੀਣ ਅਤੇ ਵਿਧਵਾ ਪੈਨਸ਼ਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਯੋਗ ਲਾਭਪਾਤਰੀ ਪੈਨਸ਼ਨ ਸਕੀਮ ਤੋਂ ਵਾਂਝੇ ਹਨ ਉਨ੍ਹਾਂ ਦੀ ਪਹਿਲ ਦੇ ਅਧਾਰ `ਤੇ ਪੈਨਸ਼ਨ ਲਗਾਈ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸੇਵਾਵਾਂ ਦਾ ਮੁਲਾਂਕਣ ਵੀ ਕੀਤਾ। ਇਸੇ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਫੀਲਡ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਤਾਂ ਜੋ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਧਿਕਾਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰੇਕ ਆਮ ਆਦਮੀ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ, ਮੁਫ਼ਤ ਬਿਜਲੀ ਸਹੂਲਤ, ਨੌਜਵਾਨਾਂ ਨੂੰ ਨੌਂਕਰੀਆਂ, ਸਿੱਖਿਆ ਤੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਅਤੇ ਕਈ ਲੋਕ ਭਲਾਈ ਯੋਜਨਾਵਾਂ ਲਾਗੂ ਕਰਕੇ ਸੂਬਾ ਵਾਸੀਆਂ ਦਾ ਦਿਲ ਜਿੱਤ ਲਿਆ ਹੈ।

Exit mobile version