Close

Recent Posts

ਗੁਰਦਾਸਪੁਰ ਪੰਜਾਬ

ਜਸ਼ਨ-ਏ-ਅਜ਼ਾਦੀ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਜਸ਼ਨ-ਏ-ਅਜ਼ਾਦੀ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
  • PublishedAugust 8, 2023

ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ ਵਿਸ਼ੇਸ਼ ਖਿੱਚ ਦਾ ਕੇਂਦਰ

ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ

ਅਜ਼ਾਦੀ ਦਿਹਾੜੇ ਦੀ ਫੁੱਲ ਡਰੈੱਸ ਰਿਹਰਸਲ 12 ਅਗਸਤ ਨੂੰ ਹੋਵੇਗੀ

ਗੁਰਦਾਸਪੁਰ, 8 ਅਗਸਤ 2023 (ਦੀ ਪੰਜਾਬ ਵਾਇਰ ) । ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 15 ਅਗਸਤ ਨੂੰ ਮਨਾਏ ਜਾ ਰਹੇ ਕੌਮੀ ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਵਾਰ ਵੀ ਗੁਰਦਾਸਪੁਰ ਵਿਖੇ ਜਸ਼ਨ-ਏ-ਅਜ਼ਾਦੀ ਸਮਾਗਮ ਪੂਰੀ ਧੂਮ-ਧਾਮ ਨਾਲ ਮਨਾਇਆ ਜਾਵੇਗਾ ਅਤੇ ਹਰ ਵਿਭਾਗ ਆਪਣੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਮੁਕੰਮਲ ਕਰ ਲਵੇ। ਉਨਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਉਪਰੰਤ ਪੰਜਾਬ ਪੁਲੀਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਕੈਡਿਟ, ਭਾਰਤੀ ਫ਼ੌਜ ਦਾ ਬੈਂਡ ਅਤੇ ਵੱਖ ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਅਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਅਜ਼ਾਦੀ ਜਸ਼ਨਾਂ ਦੌਰਾਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਤਰਜ਼ਮਾਨੀ ਕਰਦਾ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੀ ਰੋਜ਼ਾਨਾਂ ਰਿਹਰਸਲ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 12 ਅਗਸਤ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਵੇਗੀ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਟੇਡੀਅਮ ਦੇ ਨਾਲ ਸਮੁੱਚੇ ਸ਼ਹਿਰ ਦੀ ਸਾਫ਼-ਸਫ਼ਾਈ ਅਤੇ ਚੌਂਕਾਂ ਦੀ ਸਜ਼ਾਵਟ ਵੱਲ ਵਿਸ਼ੇਸ਼ ਧਿਆਨ ਦੇਣ ਦੀਆਂ ਹਦਾਇਤਾਂ ਦਿੱਤੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਰਵਿੰਧਰਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਐੱਸ.ਪੀ. ਸ. ਨਵਜੋਤ ਸਿੰਘ, ਤਹਿਸੀਲਦਾਰ ਰਾਜਵਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਕਿ੍ਰਪਾਲ ਸਿੰਘ ਢਿਲੋਂ, ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਡਿਪਟੀ ਡਾਇਰੈਕਟਰ ਸ. ਤਜਿੰਦਰ ਸਿੰਘ ਬਾਜਵਾ, ਜ਼ਿਲਾ ਭੂਮੀ ਰੱਖਿਆ ਅਫ਼ਸਰ ਸ. ਹਰਚਰਨ ਸਿੰਘ ਕੰਗ, ਐਕਸੀਅਨ ਮੰਡੀ ਬੋਰਡ ਸ. ਬਲਦੇਵ ਸਿੰਘ ਬਾਜਵਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਵਿਨੋਦ ਸ਼ਰਮਾਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ੍ਰੀਮਤੀ ਮਮਤਾ ਖੁਰਾਣਾ ਸੇਠੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Written By
The Punjab Wire