ਪੰਜਾਬ ਮੁੱਖ ਖ਼ਬਰ

ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼

ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟਾਂ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼
  • PublishedAugust 8, 2023

ਸੂਬੇ ਵਿੱਚ ਚੱਲ ਰਹੇ ਚਾਰ ਵੱਡੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਚੰਡੀਗੜ੍ਹ, 8 ਅਗਸਤ 2023 (ਦੀ ਪੰਜਾਬ ਵਾਇਰ)। ਪੰਜਾਬ ਵਾਸੀਆਂ ਨੂੰ ਪੀਣਯੋਗ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਚੱਲ ਰਹੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਚਵਿੰਡਾ ਕਲਾਂ (ਅੰਮ੍ਰਿਤਸਰ), ਭੁੱਚਰ ਕਲਾਂ (ਅੰਮ੍ਰਿਤਸਰ), ਪਰੋਵਾਲ (ਗੁਰਦਾਸਪੁਰ) ਅਤੇ ਕੁੰਜਰ (ਗੁਰਦਾਸਪੁਰ) ਵਿਖੇ ਨਹਿਰੀ ਪਾਣੀ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਿੰਪਾ ਨੇ ਸਬੰਧਤ ਏਜੰਸੀਆਂ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਨੇਪਰੇ ਚੜ੍ਹਾਉਣ ਲਈ ਕਿਹਾ ਤਾਂ ਜੋ ਸਾਫ਼ ਪਾਣੀ ਪੱਖੋਂ ਪੱਛੜੇ ਖੇਤਰਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਪੇਂਡੂ ਖੇਤਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਉਹਨਾਂ ਥਾਵਾਂ ’ਤੇ ਧਰਤੀ ਹੇਠਲੇ ਪਾਣੀ ਦੀ ਸਪਲਾਈ ਦੇ ਵੱਡੇ ਪ੍ਰੋਜੈਕਟ ਚਲਾਏ ਜਾ ਰਹੇ ਹਨ, ਜਿੱਥੇ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਖਰਾਬ ਹੈ।

ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਵਿੱਚ ਤੇਜ਼ੀ ਲਿਆਉਣ ਲਈ ਉਹ ਨਿੱਜੀ ਤੌਰ ’ਤੇ ਨਿਰੰਤਰ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ 353 ਪਿੰਡਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਇਸ ਮੌਕੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਵਿਭਾਗ ਮੁਖੀ ਮੁਹੰਮਦ ਇਸ਼ਫਾਕ, ਹੋਰ ਸੀਨੀਅਰ ਅਧਿਕਾਰੀ ਅਤੇ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।

Written By
The Punjab Wire