ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਨੇ ਮੁਫ਼ਤ ਜਾਂਚ ਤੇ ਇਲਾਜ ਲਈ ਵਿਸ਼ੇਸ਼ ਤੌਰ ਉਤੇ ਤਿਆਰ ਕੀਤੀ ਮੋਬਾਈਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਮੁਫ਼ਤ ਜਾਂਚ ਤੇ ਇਲਾਜ ਲਈ ਵਿਸ਼ੇਸ਼ ਤੌਰ ਉਤੇ ਤਿਆਰ ਕੀਤੀ ਮੋਬਾਈਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ
  • PublishedAugust 14, 2023

ਘਰ-ਘਰ ਜਾ ਕੇ ਸਿਹਤ ਸੰਭਾਲ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸਹਾਈ ਸਿੱਧ ਹੋਵੇਗਾ ਉਪਰਾਲਾ

ਧੂਰੀ ਨੂੰ ਮਾਡਲ ਵਿਧਾਨ ਸਭਾ ਹਲਕਾ ਬਣਾਉਣ ਦਾ ਵਾਅਦਾ

ਅਗਲੇ ਸਾਲ ਤੱਕ ਧੂਰੀ ਦੇ ਸਾਰੇ ਖਾਲਿਆਂ ਤੇ ਕੱਸੀਆਂ ਵਿਚ ਨਹਿਰੀ ਪਾਣੀ ਪਹੁੰਚਾਉਣ ਦਾ ਐਲਾਨ

ਧੂਰੀ (ਸੰਗਰੂਰ), 14 ਅਗਸਤ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਸੰਗਰੂਰ ਦੇ ਲੋਕਾਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਮੋਬਾਈਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਜਿਸ ਨਾਲ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਯਕੀਨੀ ਬਣਾਈ ਜਾਵੇਗੀ।

ਇਸ ਵੈਨ ਨੂੰ ਰਵਾਨਾ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਵੈਨ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਵੱਲੋਂ ਮੁਹੱਈਆ ਕਰਵਾਈ ਗਈ ਹੈ ਜਿਸ ਦਾ ਸੰਚਾਲਨ ਸਿਹਤ ਵਿਭਾਗ ਦਾ ਸਟਾਫ ਕਰੇਗਾ। ਉਨ੍ਹਾਂ ਕਿਹਾ ਕਿ ਇਹ ਮੋਬਾਈਲ ਵੈਨ ਆਹਲਾ ਦਰਜੇ ਦੇ ਬੁਨਿਆਦੀ ਢਾਂਚੇ ਨਾਲ ਲੈਸ ਹੈ ਜੋ ਲੋਕਾਂ ਨੂੰ ਘਰ-ਘਰ ਜਾ ਕੇ ਅਤਿ ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਪੀ., ਈ.ਸੀ.ਜੀ., ਐਚ.ਆਈ.ਵੀ. ਤੇ ਹੋਰ ਟੈਸਟ ਇਸ ਮੋਬਾਈਲ ਵੈਨ ਵਿਚ ਸੌਖਿਆ ਹੀ ਹੋ ਜਾਇਆ ਕਰਨਗੇ ਅਤੇ ਇਸ ਤੋਂ ਇਲਾਵਾ ਲੋਕਾਂ ਨੂੰ ਜਾਂਚ ਤੇ ਇਲਾਜ ਦੀ ਸਹੂਲਤ ਵੀ ਮਿਲੇਗੀ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨਿਵੇਕਲਾ ਪ੍ਰੋਗਰਾਮ ਲੋਕਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਬਹੁਤ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖੇਤਰ ਵਿਚ ਕਈ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਮੋਬਾਈਲ ਵੈਨਾਂ ਲੋਕਾਂ ਨੂੰ ਖਾਸ ਕਰਕੇ ਪੇਂਡੂ ਖੇਤਰਾਂ ਵਿਚ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣਗੀਆਂ।

ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਅਜਿਹੇ ਲੀਹੋਂ ਹਟਵੇਂ ਵਿਚਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੀ ਘਾਟ ਕਾਰਨ ਲੋਕਾਂ ਵਿਚ ਖਾਸ ਕਰਕੇ ਪੇਂਡੂ ਖੇਤਰਾਂ ਵਿਚ ਸਿਹਤ ਸਬੰਧੀ ਸਮੱਸਿਆਵਾਂ ਨੂੰ ਅਣਗੌਲਿਆ ਕਰਨ ਦਾ ਰੁਝਾਨ ਆਮ ਹੀ ਪਾਇਆ ਜਾਂਦਾ ਹੈ ਜਿਸ ਨਾਲ ਸਥਿਤੀ ਖਰਾਬ ਹੋ ਜਾਂਦੀ ਹੈ। ਅਜਿਹੇ ਉਪਰਾਲਿਆਂ ਰਾਹੀਂ ਪੇਂਡੂ ਲੋਕਾਂ ਦੀ ਸਿਹਤ ਸੰਭਾਲ ਕਰਨ ਉਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਸਮੇਂ ਦੀ ਲੋੜ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਧੂਰੀ ਹਲਕੇ ਦੇ ਲੋਕਾਂ ਦੇ ਸਦਾ ਰਿਣੀ ਰਹਿਣਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਵਿਧਾਇਕ ਚੁਣ ਕੇ ਨਾ ਸਿਰਫ ਹਲਕੇ ਦੀ ਨੁਮਾਇੰਦਗੀ ਕਰਨ ਸਗੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਮੁੜ ਕਿਹਾ ਕਿ ਧੂਰੀ ਨੂੰ ਸੂਬੇ ਦੇ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਕਿਉਂਕਿ ਅਤਿ ਆਧੁਨਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਇਸ ਹਲਕੇ ਤੋਂ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਖਾਸ ਕਰਕੇ ਧੂਰੀ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਨੇ ਐਲਾਨ ਕੀਤਾ ਕਿ ਅਗਲੇ ਸਾਲ ਤੱਕ ਧੂਰੀ ਹਲਕੇ ਦੇ ਸਾਰੇ ਖਾਲੇ ਤੇ ਕੱਸੀਆਂ ਵਿਚ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ।

Written By
The Punjab Wire