Close

Recent Posts

ਖੇਡ ਸੰਸਾਰ ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਦੇ ਪੋਰਟਲ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਦੇ ਪੋਰਟਲ ਦੀ ਸ਼ੁਰੂਆਤ
  • PublishedAugust 15, 2023

ਚਾਹਵਾਨ ਖਿਡਾਰੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ www.khedanwatanpunjabdia.com ਉਤੇ ਕਰ ਸਕਦੇ ਨੇ ਅਪਲਾਈ

ਦੂਜੀ ਵਾਰ ਹੋਣ ਜਾ ਰਹੇ ਖੇਡ ਮੁਕਾਬਲਿਆਂ ਵਿੱਚ ਪੰਜ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ

ਪਟਿਆਲਾ, 15 ਅਗਸਤ 2023 (ਦੀ ਪੰਜਾਬ ਵਾਇਰ)। ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਪੋਰਟਲ www.khedanwatanpunjabdia.com ਦੀ ਸ਼ੁਰੂਆਤ ਕੀਤੀ ਜਿਸ ਨਾਲ ਏਸੇ ਮਹੀਨੇ ਦੀ 29 ਤਰੀਕ ਤੋਂ ਸ਼ੂਰੂ ਹੋਣ ਦਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ।

ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਕਰਵਾਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੋਕਾਂ ਨੇ ਬਹੁਤ ਵੱਡਾ ਹੁੰਗਾਰਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਖੇਡ ਸਮਾਰੋਹ ਵਿਚ ਛੇ ਵੱਖ-ਵੱਖ ਉਮਰ ਵਰਗਾਂ ਵਿੱਚ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ 30 ਖੇਡ ਕੈਟਾਗਰੀਆਂ ਵਿਚ ਬਲਾਕ ਤੋਂ ਲੈ ਕੇ ਸੂਬਾ ਪੱਧਰ ਦੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਵੀ ਇਹ ਖੇਡ ਮੁਕਾਬਲੇ 29 ਅਗਸਤ ਤੋਂ ਸ਼ੁਰੂ ਹੋਣਗੇ ਜਿਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਲ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਕੀਤੀਆਂ ਗਈਆਂ ਹਨ ਜੋ ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਰਕਾਰ ਦਾ ਨਿਮਾਣਾ ਜਿਹਾ ਯਤਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ਖੇਡਾਂ ਦਾ ਮਾਹੌਲ ਸਿਰਜਣ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਦੀ ਊਰਜਾ ਨੂੰ ਸਾਕਾਰਤਮਕ ਦਿਸ਼ਾ ਵਿਚ ਲਾਇਆ ਜਾ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਇਸ ਦਿਸ਼ਾ ਵੱਲ ਉਸਾਰੂ ਕਦਮ ਹੈ ਕਿਉਂਕਿ ਇਹ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਢੁਕਵਾਂ ਮੰਚ ਪ੍ਰਦਾਨ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਵੀ ਮਦਦ ਕਰਨਗੀਆਂ ਜੋ ਕਿ ਭਵਿੱਖ ਵਿੱਚ ਹੋਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਹੇਵੰਦ ਸਿੱਧ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਮਕਬੂਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਰੋਲ ਨਿਭਾਅ ਸਕਦੀਆਂ ਹਨ।

Written By
The Punjab Wire