77ਵੇਂ ਅਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਇਆ
ਮੁੱਖ ਮੰਤਰੀ ਦੀ ਅਗਵਾਈ ਹੇਠ ਰਾਜ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ – ਕੈਬਨਿਟ ਮੰਤਰੀ ਭੁੱਲਰ
ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ
ਅਜ਼ਾਦੀ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਕ ਪ੍ਰੋਗਰਾਮ ਦੀ ਖੂਬਸੂਰਤ ਪੇਸ਼ਕਾਰੀ
ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ, ਸ਼ਲਾਘਾਯੋਗ ਕਾਰਜ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਅਜ਼ਾਦੀ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ
ਗੁਰਦਾਸਪੁਰ, 15 ਅਗਸਤ 2023 (ਦੀ ਪੰਜਾਬ ਵਾਇਰ )। ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਵਿਖੇ ਅੱਜ 77ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸੂਬੇ ਦੇ ਟਰਾਂਸਪੋਰਟ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਹੋਰਨਾਂ ਸ਼ਖਸੀਅਤਾਂ ਸਮੇਤ ਸ਼ਹੀਦ ਨਵਦੀਪ ਸਿੰਘ ਸਟੇਡੀਅਮ ਵਿੱਚ ਬਣੀ ਸ਼ਹੀਦੀ ਗੈਲਰੀ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਮਹਾਨ ਸ਼ਹਾਦਤਾਂ ਨੂੰ ਨਮਨ ਕੀਤਾ।
ਗੁਰਦਾਸਪੁਰ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਦਕਾ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਨੇ ਜਿੱਥੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ, ਉਥੇ ਨਾਲ ਹੀ ਫੈਸਲਾ ਕੀਤਾ ਕਿ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁਹਾਲੀ ਕੌਮਾਂਤਰੀ ਏਅਰ ਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਗਿਆ ਹੈ, ਜਿੱਥੇ ਸਰਕਾਰ ਸ਼ਹੀਦ-ਏ-ਆਜ਼ਮ ਦਾ ਬੁੱਤ ਲਗਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਪੰਜਾਬ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਪ੍ਰਤੀ ਆਪਣੇ ਸਤਿਕਾਰ ਦੇ ਸਨਮੁਖ ਸੂਬੇ ਦੇ ਮੌਜੂਦਾ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ ਨੂੰ 9400 ਤੋਂ ਵਧਾ ਕੇ 11,000 ਰੁਪਏ ਕਰ ਦਿੱਤਾ ਹੈ।
ਟਰਾਂਸਪੋਰਟ ਵਿਭਾਗ ਦਾ ਜਿਕਰ ਕਰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲਗਜ਼ਰੀ ਬੱਸਾਂ ਪੰਜਾਬ ਤੋਂ ਸਿੱਧੀਆਂ ਦਿੱਲੀ ਏਅਰਪੋਰਟ ਲਈ ਜਾਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦਾ ਕਿਰਾਇਆ ਵੀ ਪ੍ਰਾਈਵੇਟ ਬੱਸਾਂ ਨਾਲੋਂ ਕਾਫ਼ੀ ਘੱਟ ਹੈ। ਇਸ ਤੋਂ ਇਲਾਵਾ ਪਨਬੱਸ ਦੀਆਂ 371 ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਸ਼ਾਮਲ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਰਾਜ ਸਰਕਾਰ ਪਿੰਡਾਂ ਦਾ ਸਰਬਪੱਖੀ ਵਿਕਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਗਨਰੇਗਾ ਤਹਿਤ ਪਿੰਡਾਂ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਲੋੜਵੰਦ ਦਾ ਮਗਨਰੇਗਾ ਜਾਬ ਕਾਰਡ ਜਰੂਰ ਬਣਾਇਆ ਜਾਵੇ।
ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਦੀ ਗੱਲ ਕਰਦਿਆਂ ਸ. ਭੁੱਲਰ ਨੇ ਕਿਹਾ ਕਿ ਸਰਕਾਰ ਇਸ ਸਰਹੱਦੀ ਜ਼ਿਲ੍ਹੇ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਇੱਕ ਅਤਿ-ਆਧੁਨਿਕ ਬੱਸ ਅੱਡੇ ਦਾ ਨਿਰਮਾਣ ਕਰ ਰਹੀ ਹੈ, ਜੋ ਲਗਭਗ ਮੁਕੰਮਲ ਹੋ ਗਿਆ ਹੈ। ਇਸ ਬੱਸ ਅੱਡੇ ਨੂੰ ਛੇਤੀ ਹੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਤਿੱਬੜੀ ਰੋਡ ਉੱਪਰ 22 ਕਰੋੜ ਰੁਪਏ ਨਾਲ ਰੇਲਵੇ ਅੰਡਰ ਬਰਿੱਜ ਦੀ ਉਸਾਰੀ ਕਰਵਾਈ ਗਈ ਹੈ। ਇਹ ਪੁਲ ਬਣ ਕੇ ਤਿਆਰ ਹੋ ਗਿਆ ਹੈ ਅਤੇ ਇਸਦੀ ਟੈਸਟਿੰਗ ਚੱਲ ਪਈ ਹੈ। ਉਨ੍ਹਾਂ ਕਿਹਾ ਕਿ ਆਵਾਜਾਈ ਲਈ ਜਲਦੀ ਹੀ ਇਸ ਪੁੱਲ ਨੂੰ ਲੋਕਾਂ ਦੇ ਸਪਰਪਿਤ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਸੰਦੇਸ਼ ਦੌਰਾਨ ਸਿਹਤ, ਸਿੱਖਿਆ, ਬਿਜਲੀ, ਸਰਕਾਰੀ ਨੌਕਰੀਆਂ, ਪ੍ਰਸ਼ਾਸਨਿਕ ਸੁਧਾਰਾਂ, ਦੇ ਨਾਲ ਜਲ ਸਰੋਤ, ਵਾਤਾਵਰਣ, ਖੇਡਾਂ ਦੇ ਵਿਭਾਗਾਂ ਨਾਲ ਜੁੜੀਆਂ ਅਹਿਮ ਪਹਿਲਕਦਮੀਆਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਹੋ ਰਹੇ ਹਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਟੇਡੀਅਮ ਵਿਖੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ ਵੀ ਉਨ੍ਹਾਂ ਦੇ ਨਾਲ ਸਨ। ਪਰੇਡ ਦੇ ਨਿਰੀਖਣ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। ਡੀ.ਐਸ.ਪੀ ਕਲਾਨੌਰ ਗੁਰਵਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾਵਾਂ, ਹੋਮਗਾਰਡਜ਼, ਐਨ.ਸੀ.ਸੀ ਦੀਆਂ ਟੁਕੜੀਆਂ ਨੇ ਪੰਜਾਬ ਪੁਲਿਸ ਬੈਂਡ ਟੀਮ ਅਤੇ ਭਾਰਤੀ ਫ਼ੌਜ ਦੀ ਬੈਂਡ ਟੀਮ ਸਮੇਤ ਪਰੇਡ ਵਿੱਚ ਹਿੱਸਾ ਲਿਆ। ਕੈਬਨਿਟ ਮੰਤਰੀ ਸ. ਭੁੱਲਰ ਵੱਲੋਂ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਵੀਰ ਨਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਦਾ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਇਸ ਉਪਰੰਤ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ਭਗਤੀ ’ਤੇ ਆਧਾਰਿਤ ਵੱਖ-ਵੱਖ ਸਭਿਆਚਾਰਕ ਕੋਰੀਓਗ੍ਰਾਫੀ ਅਤੇ ਰਵਾਇਤੀ ਲੋਕ ਨਾਚਾਂ ਗਿੱਧੇ ਤੇ ਭੰਗੜੇ, ਮਾਰਸ਼ਲ ਆਰਟ ਗਤਕੇ ਦੀ ਸ਼ਾਨਦਾਰੀ ਪੇਸ਼ਕਾਰੀ ਕਰਕੇ ਅਜ਼ਾਦੀ ਜਸ਼ਨਾਂ ਵਿੱਚ ਵਾਧਾ ਕੀਤਾ। ਸਕੂਲੀ ਵਿਦਿਆਰਥੀਆਂ ਨੇ ਬੈਂਡ ਅਤੇ ਮਾਸ ਪੀਟੀ ਸ਼ੋਅ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ।
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸਕੂਲੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੁੰਦਿਆਂ ਕੱਲ੍ਹ ਮਿਤੀ 16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਜਿਨ੍ਹਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਅਜ਼ਾਦੀ ਸਮਾਗਮ ਦੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲਿਆ ਸੀ ਉਨ੍ਹਾਂ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਤਰਫੋਂ ਮੁਹੱਈਆ ਕਰਵਾਏ ਗਏ ਟਰਾਈ ਸਾਈਕਲਾਂ ਤੇ ਸਿਲਾਈ ਮਸ਼ੀਨਾਂ ਦੀ ਲੋੜਵੰਦਾਂ ਨੂੰ ਵੰਡ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਸ. ਭੁੱਲਰ ਵੱਲੋਂ ਜ਼ਿਲ੍ਹੇ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਸਮਾਜ ਸੇਵਕਾਂ, ਅਧਿਆਪਕਾਂ, ਡਾਕਟਰਾਂ, ਖਿਡਾਰੀਆਂ ਸਮੇਤ ਹੋਰਾਂ ਨੂੰ ਜ਼ਿਲ੍ਹਾ ਪੱਧਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਵੱਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ, ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਸ੍ਰੀ ਰਾਮ ਸਿੰਘ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਪਨਸਪ ਦੇ ਚੇਅਰਮੈਨ ਸ. ਬਲਬੀਰ ਸਿੰਘ ਪੰਨੂ, ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਜੀਵ ਸ਼ਰਮਾਂ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਰਵਿੰਦਰਪਾਲ ਸਿੰਘ, ਐੱਸ.ਡੀ.ਐੱਮ. ਸ੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਤਹਿਸੀਲਦਾਰ ਰਾਜਵਿੰਦਰ ਕੌਰ, ਐੱਸ.ਪੀ. ਨਵਜੋਤ ਸਿੰਘ, ਐੱਸ.ਪੀ. ਸ. ਪਿ੍ਰਥੀਪਾਲ ਸਿੰਘ, ਸ਼ਮਸ਼ੇਰ ਸਿੰਘ ਦੀਨਾਨਗਰ, ਮਨਦੀਪ ਸਿੰਘ ਗਿੱਲ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।