ਗੁਰਦਾਸਪੁਰ ਦੇਸ਼ ਪੰਜਾਬ

ਬਿਆਸ ਦਰਿਆ ਦੀ ਧੁੱਸੀ ਵਿੱਚ ਪਾੜ ਪੈਣ ਨਾਲ ਦਰਿਆ ਨੇੜਲੇ ਪਿੰਡਾਂ ਵਿੱਚ ਪਾਣੀ ਆਉਣ ਦਾ ਖ਼ਤਰਾ ਬਣਿਆ

ਬਿਆਸ ਦਰਿਆ ਦੀ ਧੁੱਸੀ ਵਿੱਚ ਪਾੜ ਪੈਣ ਨਾਲ ਦਰਿਆ ਨੇੜਲੇ ਪਿੰਡਾਂ ਵਿੱਚ ਪਾਣੀ ਆਉਣ ਦਾ ਖ਼ਤਰਾ ਬਣਿਆ
  • PublishedAugust 15, 2023

ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਭਾਵਤ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ `ਤੇ ਜਾਣ ਲਈ ਕਿਹਾ

ਬਿਆਸ ਦਰਿਆ `ਚ ਪਾਣੀ ਦਾ ਪੱਧਰ ਵੱਧਣ ਕਾਰਨ ਗੁਰਦਾਸਪੁਰ-ਮੁਕੇਰੀਆਂ ਟਰੈਫਿਕ ਨੂੰ ਡਾਈਵਰਟ ਕੀਤਾ

ਗੁਰਦਾਸਪੁਰ, 15 ਅਗਸਤ 2023 (ਮੰਨਨ ਸੈਣੀ ) – ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਾਰਸ਼ ਤੋਂ ਬਾਅਦ ਪੌਂਗ ਡੈਮ `ਚੋਂ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈਣ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਦੇ ਪਿੰਡਾਂ ਵਿੱਚ ਪਾਣੀ ਆਉਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਤੁਰੰਤ ਸੁਰੱਖਿਅਤ /ਉੱਚੇ ਸਥਾਨਾਂ ਤੇ ਜਾਣ ਲਈ ਕਿਹਾ ਹੈ।

ਦਰਿਆ ਬਿਆਸ ਦੇ ਪਾਣੀ ਕਾਰਨ ਬਣੇ ਐਮਰਜੈਂਸੀ ਹਲਾਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਪੂਰੀ ਤਰਾਂ ਤਿਆਰ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਮੌਕੇ `ਤੇ ਜਾ ਕੇ ਖੁਦ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਅਹਿਤਿਆਤ ਵਜੋਂ ਮੁਕੇਰੀਆਂ ਪੁੱਲ ਨੂੰ ਬੰਦ ਕਰਕੇ ਗੁਰਦਾਸਪੁਰ-ਮੁਕੇਰੀਆਂ ਟਰੈਫਿਕ ਨੂੰ ਦੀਨਾਨਗਰ ਹਾਈਵੇ ਵੱਲ ਦੀ ਡਾਈਵਰਟ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਥੇ ਧੁੱਸੀ ਬੰਨ ਵਿੱਚ ਪਾੜ ਪਿਆ ਹੈ ਉਸਨੂੰ ਭਰਨ ਦੇ ਯਤਨ ਅਤੇ ਬਚਾਅ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੜ੍ਹ ਪ੍ਰਭਾਵਤ ਖੇਤਰ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਸਾਰੀ ਸਥਿਤੀ ਉੱਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸਥਿਤੀ ਦਾ ਟਾਕਰਾ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰਤੇ ਕਾਲ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਤੁਰੰਤ ਸਹਾਇਤਾ ਪਹੁੰਚਾਈ ਜਾਵੇਗੀ।

Written By
The Punjab Wire