ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾ ਤਹਿਤ ਮੰਤਰੀ ਧਾਲੀਵਾਲ, ਵਿਧਾਇਕ ਕਲਸੀ ਅਤੇ ਚੇਅਰਮੈਨ ਬਹਿਲ ਨੇ ਅਧਿਕਾਰੀਆਂ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਦਾ ਕੀਤਾ ਦੌਰਾ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾ ਤਹਿਤ ਮੰਤਰੀ ਧਾਲੀਵਾਲ, ਵਿਧਾਇਕ ਕਲਸੀ ਅਤੇ ਚੇਅਰਮੈਨ ਬਹਿਲ ਨੇ ਅਧਿਕਾਰੀਆਂ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਦਾ ਕੀਤਾ ਦੌਰਾ
  • PublishedAugust 16, 2023

ਟ੍ਰੈਕਟਰ ਟ੍ਰਾਲੀ ਤੇ ਬੈਠਕੇ ਪਹੁੰਚੇ ਮੰਤਰੀ ਕਿਹਾ ਪੰਜਾਬ ਸਰਕਾਰ ਇਸ ਔਖੀ ਘੜ੍ਹੀ ਵਿੱਚ ਲੋਕਾਂ ਦੇ ਨਾਲ – ਧਾਲੀਵਾਲ

ਧੁੱਸੀ ਬੰਨ ਦੇ ਪਾੜ ਨੂੰ ਪੂਰਨ ਦਾ ਕੰਮ ਜਾਰੀ, ਕੱਲ ਤੋਂ ਮਨਰੇਗਾ ਮਜ਼ਦੂਰਾਂ ਨੂੰ ਵੀ ਲਗਾਇਆ ਜਾਵੇਗਾ

ਗੁਰਦਾਸਪੁਰ, 16 ਅਗਸਤ 2023 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਦਿੱਤੇ ਗਏ ਨਿਰਦੇਸ਼ਾ ਦੇ ਤਹਿਤ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੁਰਾਣਾ ਸ਼ਾਲਾ ਦੇ ਨਜ਼ਦੀਕ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਇਕ ਸ਼ੈਰੀ ਕਲਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਟਰੈਕਟਰ-ਟਰਾਲੀ ਵਿੱਚ ਸਵਾਰ ਹੋ ਕੇ ਹੜ੍ਹ ਪ੍ਰਭਾਵਤ ਪਿੰਡਾਂ ਦਾ ਦੌਰਾ ਕੀਤਾ ਅਤੇ ਬਿਆਸ ਦਰਿਆ ਉੱਪਰ ਬਣੇ ਮੁਕੇਰੀਆਂ ਦੇ ਪੁੱਲ ਦਾ ਜਾਇਜਾ ਵੀ ਲਿਆ। ਇਸ ਮੌਕੇ ਉਨ੍ਹਾਂ ਪੁਰਾਣਾ ਸ਼ਾਲਾ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਨਾਲ ਗੱਲ-ਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਹੜ੍ਹਾਂ ਦੀ ਸਥਿਤੀ ਨੂੰ ਜਾਣਿਆ।

ਇਸ ਮੌਕੇ ਸ. ਧਾਲੀਵਾਲ ਨੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦੇ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪੰਜਾਬ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਧੁੱਸੀ ਬੰਨ ਵਿੱਚ ਪਏ ਪਾੜਾਂ ਨੂੰ ਪੂਰਨ ਦਾ ਕੰਮ ਜਾਰੀ ਹੈ ਅਤੇ ਕੱਲ ਤੋਂ ਵੱਡੀ ਗਿਣਤੀ ਵਿੱਚ ਮਨਰੇਗਾ ਦੀ ਲੇਬਰ ਲਗਾ ਕੇ ਧੁੱਸੀ ਬੰਨ ਦੀ ਰਿਪੇਅਰ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਹਾ ਕਿ ਦਰਿਆ ਬਿਆਸ ਦੇ ਨਾਲ ਬੇਟ ਇਲਾਕੇ ਦੇ ਕਰੀਬ 12 ਪਿੰਡਾਂ ਵਿੱਚ ਪਾਣੀ ਆਇਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਐੱਨ.ਡੀ.ਆਰ.ਐੱਫ, ਭਾਰਤੀ ਫ਼ੌਜ ਅਤੇ ਬੀ.ਐੱਸ.ਐੱਫ ਦੇ ਸਹਿਯੋਗ ਨਾਲ ਇਨ੍ਹਾਂ ਖੇਤਰਾਂ ਵਿੱਚ ਬਚਾਅ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਪਾਣੀ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਨਾਲ ਲੋਕਾਂ ਨੂੰ ਖਾਣ-ਪੀਣ ਤੇ ਹੋਰ ਜਰੂਰਤ ਦੀ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਆਉਣ ਕਾਰਨ ਲੋਕਾਂ ਦੇ ਘਰਾਂ ਅਤੇ ਫ਼ਸਲਾਂ ਦਾ ਜੋ ਨੁਕਸਾਨ ਹੋਇਆ ਹੈ ਉਸਦਾ ਅਨੁਮਾਨ ਲਗਾ ਕੇ ਰਾਜ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

ਸ. ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਤ ਲੋਕਾਂ ਦੀ ਸਹਾਇਤਾ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਸਰਕਾਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਰੀਲੀਫ ਕੈਂਪ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਉਹ ਖੁਦ ਵੀ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਸਾਰੀ ਸਥਿਤੀ ਉੱਪਰ ਕਾਬੂ ਪਾ ਲਿਆ ਜਾਵੇਗਾ।

Written By
The Punjab Wire