ਗੁਰਦਾਸਪੁਰ, 17 ਅਗਸਤ 2023 (ਦੀ ਪੰਜਾਬ ਵਾਇਰ)। ਜ਼ਿਲੇ ਦਾ ਕੁਝ ਹਿਸਾ ਇਸ ਸਮੇਂ ਹੜਾਂ ਦੀ ਮਾਰ ਹੇਠ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਵੱਲੋਂ ਦਿਸ਼ਾਂ ਨਿਰਦੇਸ਼ਾਂ ਅਤੇ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਮਾਂਡੀ ਜੀ ਨੇ ਦੱਸਿਆਂ ਕਿ ਸਿਹਤ ਵਿਭਾਗ ਗੁਰਦਾਸਪੁਰ ਹੜਾਂ ਦੌਰਾਨ ਮੈਡੀਕਲ ਸਹਾਇਤਾ ਲਈ ਪੂਰੀ ਤਰਾਂ ਤਿਆਰ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਤੇ ਬਲਾਕ ਪੱਧਰ ‘ਤੇ ਵਿਸ਼ੇਸ਼ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ ।
ਸਿਵਲ ਸਰਜਨ ਨੇ ਹੜਾਂ ਦੌਰਾਨ ਇਨਫੈਕਸ਼ਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਕੰਟਰੋਲ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਘਰਾਂ ਅਤੇ ਮਹੁੱਲਿਆਂ ਵਿੱਚ ਪਾਣੀ ਭਰ ਜਾਣ ਦੀ ਸੂਰਤ ਵਿੱਚ ਸਿਰਫ ਸਾਫ ਪਾਣੀ ਦੀ ਵਰਤੋਂ ਕਰੋ । ਪੀਣ ਵਾਲੇ ਪਾਣੀ ਨੂੰ ਉਬਾਲ ਕੇ, ਠੰਡਾ ਕਰਕੇ ਵਰਤਿਆ ਜਾਵੇ ਅਤੇ ਸਮੇਂ ਸਮੇਂ ‘ਤੇ ਸਾਬਣ ਅਤੇ ਪਾਣੀ ਨਾਲ ਹੱਥ ਧੋਵੋ । ਦੂਸ਼ਿਤ ਪਾਣੀ ਨਾਲ ਚਮੜੀ ਤੇ ਬੈਕਟੀਰੀਅਲ ਇਨਫੈਕਸ਼ਨ ਹੋ ਸਕਦੀ ਹੈ, ਚਮੜੀ ਦੀ ਲਾਗ ਨੂੰ ਰੋਕਣ ਲਈ ਰਬੜ ਦੇ ਬੂਟ ਅਤੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨੋ । ਮੀਂਹ ਦੌਰਾਨ ਜੇਕਰ ਖਾਣ ਵਾਲਾ ਸਾਮਾਨ ਗਿੱਲਾ ਹੋ ਜਾਵੇ ਤਾਂ ਉਸਨੂੰ ਖਾਣ ਤੋਂ ਗੁਰੇਜ ਕਰੋ। ਉਹਨਾਂ ਕਿਹਾ ਕਿ ਇਸ ਮੌਸਮ ਦੌਰਾਨ ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ ।
ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਮੈਡੀਕਲ ਟੀਮਾਂ ਪੂਰੀ ਤਰ੍ਹਾਂ ਮੁਸਤੈਦ
ਸਿਵਲ ਸਰਜਨ ਡਾ. ਹਰਭਜਨ ਰਾਮ ਨੇ ਦੱਸਿਆ ਕਿ ਹੜਾਂ ਦੀ ਸਥਿਤੀ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਮੂਸਤੈਦ ਹੈ। ਉਨ੍ਹਾਂ ਕਿਹਾ ਕਿ ਬਲਾਕ ਰਣਜੀਤ ਬਾਗ ਅਤੇ ਕਾਹਨੂੰਵਾਨ ਨੂੰ ਵਿਸ਼ੇਸ਼ ਹਦਾਇਤਾ ਦਿਤੀਆਂ ਗਈਆਂ ਹਨ। ਮੈਡੀਕਲ ਟੀਮਾਂ ਬੜੀ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਹੈ। ਐਸਡੀਆਰਐਫ ਅਤੇ ਐਨਡੀਆਰਐਫ ਨਾਲ ਡਾਕਟਰਾਂ ਦੀਆਂ ਟੀਮਾਂ ਵਲੋਂ ਬਿਮਾਰ ਵਿਅਕਤੀਆਂ ਦਾ ਚੈੱਕਅੱਪ ਕਰਕੇ ਦਵਾਈਆਂ ਆਦਿ ੳਪਲਧ ਕਾਰਵਾਈ ਦਾ ਰਹੀਆਂ ਹਨ। ਮੈਡੀਕਲ ਟੀਮਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਲੋੜਵੰਦਾਂ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੇਣ । ਉਨ੍ਹਾਂ ਇਹ ਵੀ ਨਿਰਦੇਸ਼ ਜਾਰੀ ਕੀਤੇ ਕਿ ਮਰੀਜ਼ਾਂ ਨੂੰ ਦਵਾਈਆਂ ਪੱਖੋਂ ਕਿਸੇ ਵੀ ਤਰ੍ਹਾਂ ਦੀ ਕਮੀਂ ਨਹੀਂ ਆਉਣੀ ਚਾਹੀਦੀ। ਜ਼ਿਲ੍ਹੇ ਦੇ ਸਾਰੇ ਰਾਹਤ ਕੇਂਦਰਾਂ ‘ਤੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਪੂਰੀ ਤਰ੍ਹਾਂ ਚੌਕਸ ਹਨ।