ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਧਾਰਾ 144 ਤਹਿਤ ਦਰਿਆਵਾਂ ਤੇ ਨਹਿਰਾਂ ਦੇ ਪਾਣੀ ਵਿੱਚ ਜਾਣ ਦੀ ਲਗਾਈ ਹੋਈ ਹੈ ਪਾਬੰਦੀ
ਗੁਰਦਾਸਪੁਰ, 17 ਅਗਸਤ 2023 (ਦੀ ਪੰਜਾਬ ਵਾਇਰ ) । ਬਿਆਸ ਦਰਿਆ ਦੇ ਹੜ੍ਹ ਦਾ ਪਾਣੀ ਦੇਖਣ ਗਏ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ ਧੀਰੋਵਾਲ ਦੇ ਦੋ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ 14 ਸਾਲਾ ਜਸਕਰਨ ਸਿੰਘ ਕਰਨ ਪੁੱਤਰ ਬਲਦੇਵ ਸਿੰਘ ਅਤੇ 13 ਸਾਲਾ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਜੋ ਪਿੰਡ ਧੀਰੋਵਾਲ ਦੇ ਰਹਿਣ ਵਾਲੇ ਸਨ, ਬੀਤੀ ਸ਼ਾਮ ਇਹ ਦੋਵੇਂ ਜਾਣੇ ਸਾਈਕਲ ’ਤੇ ਆਪਣੇ ਘਰੋਂ ਪਿੰਡ ਧੀਰੋਵਾਲ ਦੇ ਨਜ਼ਦੀਕ ਖੇਤਾਂ ਵਿੱਚ ਆਏ ਦਰਿਆ ਬਿਆਸ ਦੇ ਪਾਣੀ ਨੂੰ ਦੇਖਣ ਗਏ ਸਨ।
ਜਦੋਂ ਦੇਰ ਸ਼ਾਮ ਤੱਕ ਇਹ ਦੋਵੇਂ ਘਰ ਨਾ ਆਏ ਤਾਂ ਪਰਿਵਾਰਕ ਮੈਂਬਰਾਂ ਨੇ ਇਨ੍ਹਾਂ ਦੀ ਭਾਲ ਸ਼ੁਰੂ ਕੀਤੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਵੀ ਭਾਲ ਸ਼ੁਰੂ ਕਰ ਦਿੱਤੀ ਜੋ ਸਾਰੀ ਰਾਤ ਜਾਰੀ ਰਹੀ। ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਪਿੰਡ ਧੀਰੋਵਾਲ ਦੇ ਨਜ਼ਦੀਕ ਨੀਵੇਂ ਇਲਾਕੇ ਦੇ ਖੇਤਾਂ ਕਿਨਾਰੇ ਸਾਈਕਲ ਅਤੇ ਬੱਚਿਆਂ ਦੀ ਚੱਪਲਾਂ ਦਿਖਾਈ ਦਿੱਤੀਆਂ ਤਾਂ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਓਥੇ ਸਰਚ ਅਭਿਆਨ ਚਲਾਇਆ ਗਿਆ। ਜਦੋਂ ਗੋਤਾਖੋਰਾਂ ਨੇ ਖੇਤ ਵਿੱਚ ਖੜ੍ਹੇ ਪਾਣੀ ਵਿੱਚ ਗੋਤਾ ਲਗਾਇਆ ਤਾਂ ਇਨ੍ਹਾਂ ਦੋਵਾਂ ਬੱਚਿਆਂ ਦੀਆਂ ਲਾਸ਼ਾ ਬਰਾਮਦ ਹੋ ਗਈਆਂ।
ਇਸ ਬੇਹੱਦ ਅਫ਼ਸੋਸਨਾਕ ਘਟਨਾ ਉੱਪਰ ਗਹਿਰਾ ਦੁੱਖ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਅਜਿਹਾ ਹਰਗਿਜ਼ ਨਹੀਂ ਸੀ ਹੋਣਾ ਚਾਹੀਦਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਹੜ੍ਹਾਂ ਦੇ ਪਾਣੀ ਵੱਲ ਬਿਲਕੁਲ ਨਾ ਜਾਣ ਦੇਣ। ਉਨ੍ਹਾਂ ਕਿਹਾ ਕਿ ਹੜ੍ਹ ਦੇ ਪਾਣੀ ਵੱਲ ਜਾਣਾ ਖ਼ਤਰੇ ਤੋਂ ਖਾਲੀ ਨਹੀਂ ਹੈ ਇਸ ਲਈ ਇਸ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਧਾਰਾ 144 ਤਹਿਤ ਦਰਿਆਵਾਂ, ਨਹਿਰਾਂ ਆਦਿ ਦੇ ਪਾਣੀ ਵਿੱਚ ਜਾਣ ਤੋਂ ਮਨਾਹੀ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਿਥੇ ਆਪਣਾ ਖਿਆਲ ਰੱਖਣ ਓਥੇ ਆਪਣੇ ਬੱਚਿਆਂ ਨੂੰ ਵੀ ਸਮਝਾਉਣ ਕਿ ਉਹ ਹੜ੍ਹਾਂ ਦੇ ਪਾਣੀ ਵੱਲ ਬਿਲਕੁਲ ਨਾ ਜਾਣ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਠੀਕਰੀ ਪਹਿਰੇ ਲਗਾ ਕੇ ਕਿਸੇ ਨੂੰ ਵੀ ਪਾਣੀ ਵੱਲ ਨਾ ਜਾਣ ਦੇਣ ਤਾਂ ਜੋ ਅਜਿਹੀ ਕੋਈ ਵੀ ਦੁਖਦਾਈ ਘਟਨਾ ਦੁਬਾਰਾ ਨਾ ਵਾਪਰੇ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਹਾਇਤਾ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਜਾਂ 112 ਉੱਪਰ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਹਰ ਸਮੇਂ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।