ਗੁਰਦਾਸਪੁਰ, 17 ਅਗਸਤ 2023 (ਦੀ ਪਜਾਬ ਵਾਇਰ ) – ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪੁਰਾਣਾ ਸ਼ਾਲਾ ਦੇ ਨਜ਼ਦੀਕ ਪਿੰਡ ਜਗਤਪੁਰ ਟਾਂਡਾ ਵਿਖੇ ਪਹੁੰਚ ਕੇ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਦੇ ਚੱਲ ਰਹੇ ਕਾਰਜ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਧੁੱਸੀ ਬੰਨ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ `ਤੇ ਜਾਰੀ ਹੈ ਅਤੇ ਜਲਦੀ ਹੀ ਇਸਨੂੰ ਠੀਕ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਘੱਟਣ ਕਾਰਨ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਜਲਦੀ ਹੀ ਹਾਲਾਤ ਆਮ ਵਾਂਗ ਹੋ ਜਾਣਗੇ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਔਖੀ ਘੜ੍ਹੀ ਵਿੱਚ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਹੈ ਅਤੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਤ ਖੇਤਰ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ ਲਈ 2.50 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਵਿੱਚ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।
ਦੋ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਹੋਈ ਮੌਤ ਉੱਪਰ ਗਹਿਰਾ ਦੁੱਖ ਪ੍ਰਗਟ ਕਰਦਿਆਂ ਸ੍ਰੀ ਕਟਾਰੂ ਚੱਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਪਾਣੀ ਦੇ ਨੇੜੇ ਨਾ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ ਅਤੇ ਕਿਸੇ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਰਾਹਤ ਕਾਰਜਾਂ ਵਿੱਚ ਲੱਗੀਆਂ ਸਾਰੀਆਂ ਟੀਮਾਂ ਦੀ ਸਰਾਹਨਾ ਕੀਤੀ।