ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਨੂੰ ਹੜ੍ਹ ਪ੍ਰਭਾਵਤ ਖੇਤਰ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਅਤੇ ਵੈਟਨਰੀ ਕੈਂਪ ਲਗਾਉਣ ਦੀਆਂ ਦਿੱਤੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਨੂੰ ਹੜ੍ਹ ਪ੍ਰਭਾਵਤ ਖੇਤਰ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਅਤੇ ਵੈਟਨਰੀ ਕੈਂਪ ਲਗਾਉਣ ਦੀਆਂ ਦਿੱਤੀਆਂ ਹਦਾਇਤਾਂ
  • PublishedAugust 19, 2023

ਗੁਰਦਾਸਪੁਰ, 19 ਅਗਸਤ 2023 (ਦੀ ਪੰਜਾਬ ਵਾਇਰ ) । ਬੀਤੇ ਦਿਨੀਂ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵੱਧਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਇਲਾਕੇ ਵਿੱਚ ਪਾਣੀ ਭਰਨ ਨਾਲ ਲੋਕਾਂ ਦੀਆਂ ਫਸਲਾਂ ਅਤੇ ਹੋਰ ਮਾਲੀ ਨੁਕਸਾਨ ਹੋਇਆ ਹੈ। ਇਸਦੇ ਨਾਲ ਹੀ ਇਲਾਕੇ ਵਿੱਚ ਬੀਤੇ ਕੁਝ ਦਿਨਾਂ ਤੋਂ ਪਾਣੀ ਖੜ੍ਹਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਬਣਿਆ ਹੋਇਆ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਜਿਨ੍ਹਾਂ ਪਿੰਡਾਂ ਵਿੱਚ ਪਾਣੀ ਦਾ ਪੱਧਰ ਘੱਟ ਗਿਆ ਹੈ ਉਨ੍ਹਾਂ ਪਿੰਡਾਂ ਵਿੱਚ ਅੱਜ ਤੋਂ ਹੀ ਫੋਗਿੰਗ ਕਰਨ ਦੇ ਨਾਲ ਮੈਡੀਕਲ ਕੈਂਪ ਅਤੇ ਵੈਟਨਰੀ ਕੈਂਪ ਲਗਾਏ ਜਾਣ।

ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਗੁਰਦਾਸਪੁਰ ਨੂੰ ਹਦਾਇਤ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਹਰ ਪਿੰਡ ਜਿਥੇ ਪਾਣੀ ਘੱਟ ਗਿਆ ਹੈ ਓਥੇ ਆਪਣੀਆਂ ਮੈਡੀਕਲ ਟੀਮਾਂ ਭੇਜੀਆਂ ਜਾਣ ਅਤੇ ਵਿਸ਼ੇਸ਼ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਸਿਹਤ ਜਾਂਚ ਕੀਤੀ ਜਾਵੇ। ਇਸਤੋਂ ਇਲਾਵਾ ਮੱਛਰਾਂ ਤੋਂ ਬਚਾਅ ਲਈ ਫੋਗਿੰਗ ਕੀਤੀ ਜਾਵੇ ਅਤੇ ਪਾਣੀ ਤੋਂ ਹੋਣ ਵਾਲੀਆਂ ਹੋਰ ਬਿਮਾਰੀਆਂ ਤੋਂ ਬਚਾਅ ਕਰਨ ਦੇ ਨਾਲ ਲੋਕਾਂ ਨੂੰ ਵੀ ਬਿਮਾਰੀਆਂ ਤੋਂ ਬਚਣ ਲਈ ਵਰਤੀਆਂ ਜਾਂਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾਵੇ।

ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹੜ੍ਹ ਪ੍ਰਭਾਵਤ ਪਿੰਡਾਂ ਵਿੱਚ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਦੇਖਭਾਲ ਲਈ ਵਿਸ਼ੇਸ਼ ਵੈਟਨਰੀ ਕੈਂਪ ਲਗਾਏ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੈਡੀਕਲ ਕੈਂਪ ਅਤੇ ਵੈਟਨਰੀ ਕੈਂਪ ਅੱਜ ਤੋਂ ਹੀ ਸ਼ੁਰੂ ਕਰ ਦਿੱਤੇ ਜਾਣ ਤਾਂ ਜੋ ਹੜ੍ਹ ਪ੍ਰਭਾਵਤ ਲੋਕਾਂ ਅਤੇ ਉਨ੍ਹਾਂ ਦੇ ਮਾਲ-ਡੰਗਰ ਨੂੰ ਰਾਹਤ ਮਿਲ ਸਕੇ।

Written By
The Punjab Wire