ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ
ਗੁਰਦਾਸਪੁਰ, 22 ਅਗਸਤ 2023 (ਦੀ ਪੰਜਾਬ ਵਾਇਰ ) । ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਹਨ। ਸ੍ਰੀ ਓਬਰਾਏ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪ੍ਰਭਾਵਤ ਖੇਤਰ ਲਈ ਪਸ਼ੂਆਂ ਵਾਸਤੇ 325 ਕੁਇੰਟਲ ਸੁੱਕੇ ਚਾਰੇ ਦੇ ਬੈਗ ਦਾਨ ਵਜੋਂ ਦਿੱਤੇ ਗਏ।
ਪੁਰਾਣਾ ਸ਼ਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕੋਲੋਂ ਸੁੱਕੇ ਚਾਰੇ ਦੇ 325 ਬੈਗ ਪ੍ਰਾਪਤ ਕਰਨ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ੍ਰੀ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਦਾਨ ਹੜ੍ਹ ਪ੍ਰਭਾਵਤ ਖੇਤਰ ਦੇ ਪਸ਼ੂ ਪਾਲਕਾਂ ਨੂੰ ਵੱਡੀ ਰਾਹਤ ਦੇਵੇਗਾ। ਉਨ੍ਹਾਂ ਕਿਹਾ ਕਿ ਹੜ੍ਹਾਂ ਦਾ ਪਾਣੀ ਆਉਣ ਕਾਰਨ ਪਸ਼ੂਆਂ ਦੇ ਚਾਰੇ ਦੀ ਵੱਡੀ ਕਿੱਲਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਰਾਹੀਂ ਲੋੜਵੰਦ ਪਸ਼ੂ ਪਾਲਕਾਂ ਵਿੱਚ ਇਸ ਦਾਨ ਕੀਤੇ ਸੁੱਕੇ ਚਾਰੇ ਦੀ ਵੰਡ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ. ਓਬਰਾਏ ਦੇ ਇਸ ਵੱਡੇ ਸਹਿਯੋਗ ਲਈ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦੀ ਹੈ।
ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸ. ਰਵਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਡਾ. ਐੱਸ.ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁੱਕੇ ਚਾਰੇ ਦਾ ਵੱਡਾ ਟਰਾਲਾ ਜਿਸ ਵਿੱਚ 325 ਕੁਇੰਟਲ ਸੁੱਕਾ ਚਾਰਾ (ਮੱਕੀ ਦਾ ਅਚਾਰ) ਹੈ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਪੁਰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸੇਵਾ ਕਾਰਜਾਂ ਵਿੱਚ ਯੋਗਦਾਨ ਪਾਇਆ ਜਾਂਦਾ ਰਿਹਾ ਹੈ ਅਤੇ ਇਸ ਮੌਕੇ ਹੜ੍ਹ ਪੀੜਤਾਂ ਦੀ ਮਦਦ ਕਰਨਾ ਵੀ ਸਰਬੱਤ ਦਾ ਭਲਾ ਟਰੱਸਟ ਦਾ ਫ਼ਰਜ ਸੀ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਦੇ ਕਾਰਜ ਵਿੱਚ ਉਹ ਹਮੇਸ਼ਾਂ ਹਾਜ਼ਰ ਰਹਿਣਗੇ।
ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸ. ਰਵਿੰਦਰ ਸਿੰਘ ਮਠਾਰੂ, ਸਲਾਹਕਾਰ ਪਲਵਿੰਦਰ ਸਿੰਘ ਲੰਬੜਦਾਰ, ਸੈਕਟਰੀ ਇੰਦਰਪ੍ਰੀਤ ਸਿੰਘ ਰਿੱਕੀ, ਵਿੱਤ ਸੈਕਟਰੀ ਰਜਿੰਦਰ ਸਿੰਘ ਹੈਪੀ, ਮੈਂਬਰ ਕੇਵਲ ਕ੍ਰਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।