ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਹਾਲ ਰੱੱਖਣ ਅਤੇ ਲੋਕਾਂ ਦੀ ਸੁਰੱਖਿਆ ਲਈ ਹੋਣਗੇ ਜਿੰਮੇਵਾਰ
ਗੁਰਦਾਸਪੁਰ, 23 ਅਗਸਤ 2023 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰ ਨੂੰ ਮੈਜਿਸਟ੍ਰੇਟ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਬਤੌਰ ਮੈਜਿਸਟ੍ਰੇਟ ਆਪਣੇ ਇਲਾਕੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਜਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਜਿਸਟ੍ਰੇਟਸ ਵੱਲੋਂ ਕਾਨੂੰਨ ਵਿਵਸਥਾ ਦੇ ਪੱਖ ਤੋਂ ਸਾਰੀ ਸਥਿਤੀ ਉੱਪਰ ਗਹਿਰੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਜ਼ਿਲ੍ਹੇ ਵਿੱਚ ਕੋਈ ਵੀ ਅਣ-ਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਤੇ ਸਹੂਲਤ ਲਈ ਹਰ ਸਮੇਂ ਹਾਜ਼ਰ ਹੈ ਅਤੇ ਲੋਕਾਂ ਦੀ ਜਾਨ-ਮਾਲੀ ਦੀ ਰਾਖੀ ਅਤੇ ਸੁਰੱਖਿਆ ਦੇ ਨਾਲ ਕਾਨੂੰਨ ਵਿਵਸਥਾ ਨੂੰ ਬਣਾ ਕੇ ਰੱਖਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਜਿੰਮੇਵਾਰੀ ਹੈ।
ਡਿਪਟੀ ਕਮਿਸ਼ਨਰ ਦੇ ਹੁਕਮਾਂ ਤੋਂ ਬਾਅਦ ਜ਼ਿਲ੍ਹੇ ਦੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਵੱਲੋਂ ਬਤੌਰ ਮੈਜਿਟਰੇਟ ਆਪਣੀ ਡਿਊਟੀ ਸੰਭਾਲ ਲਈ ਗਈ ਹੈ।