ਕਿਸੇ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ
ਲੋੜ ਪੈਣ `ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਕੀਤਾ ਜਾ ਸਕਦਾ ਹੈ ਸੰਪਰਕ
ਗੁਰਦਾਸਪੁਰ, 23 ਅਗਸਤ 2023 (ਦੀ ਪੰਜਾਬ ਵਾਇਰ ) । ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਾਰਸ਼ ਦੇ ਮੱਦੇਨਜ਼ਰ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਦੀਆਂ ਸੰਭਾਵਨਾਵਾਂ ਤੋਂ ਬਾਅਦ ਦਰਿਆਵਾਂ ਵਿੱਚ ਪਾਣੀ ਛੱਡਿਆ ਜਾ ਸਕਦਾ ਹੈ। ਇਸ ਸਭ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦਰਿਆ ਬਿਆਸ ਅਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਅਗਾਹ ਕੀਤਾ ਹੈ ਕਿ ਉਹ ਆਉਂਦੇ ਕੁਝ ਦਿਨ ਚੌਕਸੀ ਜਰੂਰ ਵਰਤਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਦਰਿਆਵਾਂ ਵਿੱਚ ਵੀ ਪਾਣੀ ਕੰਟਰੋਲ `ਚ ਵਹਿ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਾਰਸ਼ ਕਾਰਨ ਚੱਕੀ ਦਰਿਆ ਵਿਚੋਂ ਪਾਣੀ ਆਉਣ ਕਾਰਨ ਦਰਿਆ ਬਿਆਸ ਵਿੱਚ ਥੋੜਾ ਪਾਣੀ ਜਰੂਰ ਵਧਿਆ ਹੈ ਪਰ ਉਹ ਵੀ ਕੰਟਰੋਲ ਹੇਠ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਡੈਮਾਂ ਵਿੱਚ ਵੀ ਪਾਣੀ ਦਾ ਪੱਧਰ ਠੀਕ ਹੈ ਅਤੇ ਜਦੋਂ ਵੀ ਡੈਮਾਂ ਵਿਚੋਂ ਪਾਣੀ ਛੱਡਣਾ ਹੋਵੇਗਾ ਤਾਂ ਜ਼ਿਲ੍ਹਾ ਵਾਸੀਆਂ ਨੂੰ ਇਸਦੀ ਅਗਾਊਂ ਸੂਚਨਾ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ਵਿੱਚ ਬਿਲਕੁਲ ਨਾ ਆਉਣ ਅਤੇ ਕੇਵਲ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੰਜਾਬ ਸਰਕਾਰ ਵੱਲੋਂ ਸਾਂਝੀ ਕੀਤੀ ਜਾਂਦੀ ਅਧਿਕਾਰਤ ਸੂਚਨਾ ਉੱਪਰ ਹੀ ਭਰੋਸਾ ਕਰਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਦਰਿਆਵਾਂ ਕੰਢੇ ਰਹਿੰਦੀ ਵਸੋਂ ਨੂੰ ਕਿਹਾ ਹੈ ਕਿ ਉਹ ਕਿਸੇ ਵੀ ਮਦਦ ਜਾਂ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 `ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ਉੱਪਰ ਨੇੜੇ ਤੋਂ ਨਜ਼ਰ ਰੱਖੀ ਜਾ ਰਹੀ ਹੈ।