ਪੰਜਾਬ ਮੁੱਖ ਖ਼ਬਰ

ਜੰਗਲਾਤ ਹੇਠ ਰਕਬੇ ਨੂੰ ਵਧਾਉਣ ਲਈ ਪੌਦੇ ਲਗਾਉਣ ਵਿੱਚ ਤੇਜ਼ੀ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ

ਜੰਗਲਾਤ ਹੇਠ ਰਕਬੇ ਨੂੰ ਵਧਾਉਣ ਲਈ ਪੌਦੇ ਲਗਾਉਣ ਵਿੱਚ ਤੇਜ਼ੀ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ
  • PublishedAugust 24, 2023

ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਨੂੰ ਦਿੱਤੀ ਤਰਜੀਹ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ

ਹਰੀਕੇ ਵੈਟਲੈਂਡ ਨੂੰ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ‘ਤੇ ਦਿੱਤਾ ਜ਼ੋਰ

ਜੰਗਲ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਚੰਡੀਗੜ੍ਹ, 24 ਅਗਸਤ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਜੰਗਲਾਤ ਹੇਠ ਰਕਬੇ ਨੂੰ ਵਧਾਉਣ ‘ਤੇ ਤਰਜੀਹ ਦੇ ਰਹੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਹਾਲੀ ਦੇ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਬੂਟੇ ਲਗਾਉਣ ਵਿੱਚ ਤੇਜ਼ੀ ਲਿਆਉਣ ਲਈ ਕੋਈ ਕਸਰ ਬਾਕੀ ਨਾ ਛੱਡਣ ਵਾਸਤੇ ਕਿਹਾ। ਬੂਟੇ ਲਗਾਉਣ ਦੀ ਪਹਿਲਕਦਮੀ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਬੂਟੇ ਲਗਾਉਣ ਦੇ ਪ੍ਰੋਜੈਕਟ ਦੀ ਸਫਲਤਾ ਇੱਕ ਸਿਹਤਮੰਦ, ਸਾਫ਼-ਸੁਥਰਾ ਅਤੇ ਹਰਿਆ ਭਰਿਆ ਪੰਜਾਬ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਇਸ ਸਬੰਧ ਵਿਚ ਪ੍ਰਸਿੱਧ ਕਵੀ ਸਵਰਗੀ ਸ਼ਿਵ ਕੁਮਾਰ ਬਟਾਲਵੀ ਦਾ ਹਵਾਲਾ ਵੀ ਦਿੱਤਾ।

ਇਸ ਮੌਕੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਸਾਲ ਹੁਣ ਤੱਕ 67 ਲੱਖ ਬੂਟੇ ਲਗਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 51 ਲੱਖ ਬੂਟੇ ਪਨਕੈਂਪਾ ਸਕੀਮ ਅਧੀਨ ਲਗਾਏ ਗਏ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਪੌਦੇ ਲਗਾਉਣ ਦੀ ਯੋਜਨਾ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਮਹੀਨੇ ਵਿੱਚ ਇੱਕ ਵਾਰ ਸਮੀਖਿਆ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ।

ਜੰਗਲਾਤ ਦੀ ਜ਼ਮੀਨ ‘ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੰਤਰੀ ਨੇ ਹਦਾਇਤ ਕੀਤੀ ਕਿ ਅਜਿਹੇ ਕਬਜ਼ਿਆਂ ਨੂੰ ਹਟਾਉਣ ਲਈ ਵਿਆਪਕ ਯੋਜਨਾ ਬਣਾਈ ਜਾਵੇ। ਉਨ੍ਹਾਂ ਜੰਗਲਾਤ ਜ਼ਮੀਨ ’ਤੇ ਨਾਜਾਇਜ਼ ਉਸਾਰੀਆਂ ਬਾਰੇ ਵੀ ਵਿਸਥਾਰਤ ਰਿਪੋਰਟ ਮੰਗੀ। ਰਾਜ ਭਰ ਦੀਆਂ ਨਰਸਰੀਆਂ ਵਿੱਚ ਪਖਾਨੇ ਬਣਾਉਣ ਦੇ ਮੁੱਦੇ ‘ਤੇ ਮੰਤਰੀ ਨੇ ਕਿਹਾ ਕਿ ਇਹ ਵਿਭਾਗ ਵੱਲੋਂ ਚੁੱਕਿਆ ਗਿਆ ਇੱਕ ਬਹੁਤ ਹੀ ਅਹਿਮ ਉਪਰਾਲਾ ਹੈ ਅਤੇ ਇਸ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਲਈ ਜਿੱਥੇ ਵੀ ਲੋੜ ਹੋਵੇ, ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾਣ।

ਮੰਤਰੀ ਨੇ ਹਰੀਕੇ ਵੈਟਲੈਂਡ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਅਤੇ ਵੱਖ-ਵੱਖ ਪ੍ਰਜਾਤੀਆਂ ਦੀ ਸਾਂਭ ਸੰਭਾਲ ਕਰਨ ‘ਤੇ ਵੀ ਜ਼ੋਰ ਪਾਇਆ ਅਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਸਬੰਧ ਵਿੱਚ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ ਪ੍ਰੋਜੈਕਟ ਡਾਲਫਿਨ ਤਹਿਤ ਭਾਰਤ ਸਰਕਾਰ ਨੂੰ ਇੱਕ ਪ੍ਰਸਤਾਵ ਸੌਂਪਿਆ ਗਿਆ ਹੈ ਤਾਂ ਜੋ ਇਸ ਪ੍ਰਜਾਤੀ ਨੂੰ ਸੰਭਾਲਿਆ ਜਾ ਸਕੇ। ਪਸ਼ੂਆਂ ਨੂੰ ਬਚਾਉਣ ਦੇ ਮੁੱਦੇ ‘ਤੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਇਸ ਮਕਸਦ ਲਈ ਰੂਪਨਗਰ, ਫਿਰੋਜ਼ਪੁਰ ਅਤੇ ਬਠਿੰਡਾ ਵਿਖੇ ਪਸ਼ੂ ਐਂਬੂਲੈਂਸ ਲਿਆਉਣ ਦੀ ਤਜਵੀਜ਼ ਹੈ।

ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਸਾਰੇ ਫੀਲਡ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਰੇਂਜਰ ਪੱਧਰ ਤੱਕ ਸਾਰੇ ਕਰਮਚਾਰੀ ਵਰਦੀਆਂ ਪਹਿਨਦੇ ਹਨ ਤਾਂ ਜੋ ਉਹਨਾਂ ਦੀ ਦਿੱਖ ਵੱਖਰੀ ਹੋਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੰਜਾਬ ਰਾਜ ਵਣ ਵਿਕਾਸ ਨਿਗਮ ਲਿਮਿਟਡ ਦੇ ਚੇਅਰਮੈਨ ਰਾਕੇਸ਼ ਪੁਰੀ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਪੰਜਾਬ ਰਾਜ ਵਣ ਵਿਕਾਸ ਨਿਗਮ ਲਿਮਿਟਡ ਦੇ ਐਮ.ਡੀ. ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ.(ਪ੍ਰਸ਼ਾਸਨ) ਸੌਰਭ ਗੁਪਤਾ ਅਤੇ ਡੀ.ਐਫ.ਓਜ਼. ਹਾਜ਼ਰ ਸਨ।

Written By
The Punjab Wire