ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਨੇ ਬਲਾਕ ਪੱਧਰੀ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਅ ਰਹੀਆਂ ਹਨ ਇਹ ਖੇਡਾਂ – ਡਿਪਟੀ ਕਮਿਸ਼ਨਰ
ਮੁੱਖ ਮੰਤਰੀ ਭਗਵੰਤ ਮਾਨ ਦੇ ਉਦਮ ਸਦਕਾ, ਸੂਬੇ ਵਿਚ ਖੇਡ ਸੱਭਿਆਚਾਰ ਵਧਿਆ – ਰਮਨ ਬਹਿਲ
ਗੁਰਦਾਸਪੁਰ, 5 ਸਤੰਬਰ 2023 ( ਦੀ ਪੰਜਾਬ ਵਾਇਰ) । ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਸ਼ਹੀਦ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਸ਼ਾਨਦਾਰ ਅਗਾਜ਼ ਹੋਇਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਰੰਗ-ਬਿਰੰਗੇ ਗੁਬਾਰੇ ਛੱਡ ਕੇ ਇਨ੍ਹਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ।
ਬਲਾਕ ਗੁਰਦਾਸਪੁਰ ਦੇ ਖੇਡ ਮੁਕਾਬਲਿਆਂ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਯਤਨਾਂ ਸਦਕਾ ਪੰਜਾਬ ਵਿੱਚ ਪਿਛਲੇ ਸਾਲ ਤੋਂ ਖੇਡਾਂ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ ਅਤੇ ਹੁਣ ਪੰਜਾਬ ਦੇ ਨੌਜਵਾਨ ਖੇਡਾਂ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਸਾਲ ਹੋਣ ਵਾਲੇ ਖੇਡਾਂ ਵਤਨ ਪੰਜਾਬ ਦੀਆਂ
ਖੇਡ ਮੁਕਾਬਲਿਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਸੇਧ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।
ਖੇਡਾਂ ਦੀ ਮਹੱਤਤਾ ਬਾਰੇ ਗੱਲ ਕਰਿਦਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਨਾ ਸਿਰਫ ਸਾਨੂੰ ਤੰਦਰੁਸਤ ਰੱਖਦੀਆਂ ਹਨ ਬਲਕਿ ਇਹ ਅਨੁਸ਼ਾਸਨ ਅਤੇ ਜੀਵਨ ਜਾਚ ਵੀ ਸਿਖਾਉਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ’ ਨਾਲ ਜੁੜ ਕੇ ਰੰਗਲਾ ਪੰਜਾਬ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਉਦਮ ਸਦਕਾ, ਸੂਬੇ ਵਿਚ ਖੇਡ ਸੱਭਿਆਚਾਰ ਵੱਧਿਆ ਹੈ। ਉਨ੍ਹਾਂ ਕਿਹਾ ਕਿ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਕਰਵਾਏ ਗਏ ਖੇਡ ਮੁਕਾਬਲਿਆਂ ਨੇ ਸੂਬੇ ਦੇ ਪਿੰਡ ਪੱਧਰ `ਤੇ ਖਿਡਾਰੀਆਂ ਨੂੰ ਵੱਡਾ ਮੰਚ ਪ੍ਰਦਾਨ ਕੀਤਾ ਹੈ, ਜਿਸ ਰਾਹੀਂ ਉਹ ਆਪਣੀ ਪ੍ਰਤਿਭਾ ਨੂੰ ਸਭ ਦੇ ਸਾਹਮਣੇ ਪੇਸ਼ ਕਰ ਸਕਣਗੇ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਦਘਾਟਨੀ ਸਮਾਗਮ ਮੌਕੇ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਵਰਗਾਂ ਦੇ ਅਥਲੈਟਿਕਸ, ਖੋ-ਖੋ ਦੇ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ, ਸਰਕਾਰੀ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਪ੍ਰੀਤ ਦਵਿੰਦਰ ਕੌਰ, ਪ੍ਰੋ. ਬਲਜੀਤ ਸਿੰਘ, ਸਿੱਖਿਆ ਵਿਭਾਗ ਦੇ ਸਪੋਰਟਸ ਕੋਆਰਡੀਨੇਟਰ ਮੈਡਮ ਅਨੀਤਾ, ਮੈਡਮ ਰਾਜ ਕੌਰ, ਪ੍ਰੋ. ਦਲਜੀਤ ਸਿੰਘ, ਕੋਚ ਮੈਡਮ ਸਿੰਮੀ, ਸੀਨੀਅਰ ਸਹਾਇਕ ਕਮਲਬੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।