ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ, ਪੰਜਾਬ ਪੁਲਿਸ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਇਸ ਲੜਾਈ ਨੂੰ ਜਿੱਤੇਗੀ – ਡੀ.ਜੀ.ਪੀ. ਗੌਰਵ ਯਾਦਵ

ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ, ਪੰਜਾਬ ਪੁਲਿਸ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਇਸ ਲੜਾਈ ਨੂੰ ਜਿੱਤੇਗੀ – ਡੀ.ਜੀ.ਪੀ. ਗੌਰਵ ਯਾਦਵ
  • PublishedSeptember 5, 2023

‘ਮਿਸ਼ਨ ਨਿਸ਼ਚੈ’ ਤਹਿਤ ਪੁਲਿਸ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ ਜਾਗਰੂਕ ਕਰਨ ਦੀ ਮੁਹਿੰਮ ਅਰੰਭੀ

ਗੁਰਦਾਸਪੁਰ, 5 ਸਤੰਬਰ 2023 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਫੈਸਲਾਕੁੰਨ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ‘ਮਿਸ਼ਨ ਨਿਸ਼ਚੈ’ ਜਰੀਏ ਸਰਹੱਦੀ ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ।

‘ਮਿਸ਼ਨ ਨਿਸ਼ਚੈ’ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰੰਮ ਤਹਿਤ ਲਾਮਬੱਧ ਕਰਨ ਲਈ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਵੱਲੋਂ ਅੱਜ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ, ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਡਾ. ਨਰਿੰਦਰ ਭਾਰਗਵ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਅੰਮ੍ਰਿਤਸਰ ਰੂਰਲ ਸ੍ਰੀ ਸਤਿੰਦਰਜੀਤ ਸਿੰਘ, ਐੱਸ.ਐੱਸ.ਪੀ. ਪਠਾਨਕੋਟ ਸ. ਕਮਲਪ੍ਰੀਤ ਸਿੰਘ ਖੱਖ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ, ਐੱਸ.ਪੀ. ਪ੍ਰਿਥੀਪਾਲ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

ਪੁਲਿਸ ਵਿਭਾਗ ਵੱਲੋਂ ਸਥਾਨਕ ਹੋਟਲ ਮੈਨੇਜਮੈਂਟ ਇੰਸਟੀਚਿਊਟ ਵਿਖੇ ਕਰਵਾਏ ਗਏ ਇੱਕ ਸੈਮੀਨਾਰ ਦੌਰਾਨ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ ਅਤੇ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਪੁਲਿਸ ਵਿਭਾਗ ਨਸ਼ਿਆਂ ਦੇ ਅੱਤਵਾਦ ਉੱਪਰ ਨਿਸ਼ਚੈ ਹੀ ਕਾਬੂ ਪਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਖਿਲਾਫ ਦੇਸ਼ ਦੀ ਲੜਾਈ ਲੜ ਰਿਹਾ ਹੈ ਪੰਜਾਬ ਪੁਲਿਸ ਇਸ ਵਿਚ ਜਰੂਰ ਸਫਲ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜੋਂ ਪੁੱਟਣ ਲਈ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 14 ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕੁੱਲ 14179 ਐਫ.ਆਈ.ਆਰ. ਦਰਜ ਕੀਤੀਆਂ ਹਨ, ਜਿਨਾਂ ਵਿੱਚੋਂ 1717 ਵਪਾਰਕ ਮਾਤਰਾ ਨਾਲ ਸਬੰਧਤ ਹਨ।

ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਨੇ ਤਿੰਨ-ਨੁਕਾਤੀ ਰਣਨੀਤੀ ਲਾਗੂ ਕੀਤੀ ਹੈ, ਜਿਸ ਵਿੱਚ ਪੁਲਿਸ ਦੀ ਸ਼ਾਮੂਲੀਅਤ, ਲੋਕ ਸੰਪਰਕ ਪ੍ਰੋਗਰਾਮ ਅਤੇ ਨਸ਼ਿਆਂ ਦੀ ਮੰਗ ਘਟਾਉਣ, ਜਿਹੇ ਤਿੰਨ ਅਹਿਮ ਪਹਿਲੂ ਸ਼ਾਮਲ ਹਨ।

ਲੋਕ ਸੰਪਰਕ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਪੁਲਿਸ ਵਿਭਾਗ ਦੀ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਜਾਂ ਪੁਲਿਸ ਸਟੇਸ਼ਨ ਪੱਧਰ ’ਤੇ ਵਿਸ਼ੇਸ਼ ਯੋਜਨਾ ਹੋਵੇਗੀ, ਜਿਸ ਤਹਿਤ ਪੁਲਿਸ ਟੀਮਾਂ ਸਾਰੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ। ੳਹਨਾਂ ਦੱਸਿਆ ਕਿ ਰੈਲੀਆਂ, ਵਰਕਸ਼ਾਪਾਂ, ਸੈਮੀਨਾਰ, ਦੌੜਾਂ, ਸਾਈਕਲ ਰੈਲੀਆਂ ਆਦਿ ਸਮੇਤ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਨ ਲਈ ਸਕੂਲੀ ਬੱਚਿਆਂ, ਕਾਲਜ ਦੇ ਵਿਦਿਆਰਥੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਸ਼ਾਮਲ ਕੀਤਾ ਜਾਵੇਗਾ।

ਇਸ ਮੌਕੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਨੇ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ, ਬਰਿਆਰ ਵਿਖੇ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਦੀਆਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਉਨ੍ਹਾਂ ਕੋਲੋਂ ਸੁਝਾਅ ਲਏ। ਸਰਹੱਦੀ ਖੇਤਰ ਦੇ ਵਸਨੀਕਾਂ ਨੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੁਲਿਸ ਵਿਭਾਗ ਤੇ ਪੰਜਾਬ ਸਰਕਾਰ ਦਾ ਹਰ ਤਰ੍ਹਾਂ ਨਾਲ ਸਾਥ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਡੀ.ਜੀ.ਪੀ ਪੰਜਾਬ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਦੀ ਪੁਲਿਸ ਨੂੰ ਇਤਲਾਹ ਦੇਣ ਤਾਂ ਜੋ ਅਜਿਹੇ ਸਮਾਜ ਅਤੇ ਮਨੁੱਖਤਾ ਵਿਰੋਧੀ ਅਨਸਰਾਂ ਉੱਪਰ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲ-ਦਲ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਤਲਾਹ ਦੇਣ ਵਾਲੇ ਵਿਅਕਤੀ ਦਾ ਨਾਮ-ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਜਲਦੀ ਹੀ ਸੂਬਾ ਪੱਧਰ ’ਤੇ ਨਸ਼ਾ ਵਿਰੋਧੀ ਹੈਲਪ ਲਾਈਨ ਦੀ ਸ਼ੁਰੂਆਤ ਕੀਤੀ ਜਾਵੇਗੀ। ਸੈਮੀਨਾਰ ਦੇ ਅਖੀਰ ਵਿੱਚ ਨਸ਼ਿਆਂ ਦੇ ਖ਼ਾਤਮੇ ਵਿੱਚ ਸਹਿਯੋਗ ਦੇਣ ਦੀ ਸਹੁੰ ਵੀ ਚੁੱਕੀ ਗਈ।

ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਾਥ ਦੇਣ ਵਾਲੇ ਦੋ ਕਿਸਾਨਾਂ ਜਰਨੈਲ ਸਿੰਘ ਅਤੇ ਪ੍ਰਭਜਿੰਦਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ। ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਕੀਤਾ ਗਿਆ ਤਾਂ ਜੋ ਉਹ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਦਾ ਹੋਕਾ ਦੇ ਸਕਣ।

ਇਸ ਤੋਂ ਬਾਅਦ ਡੀ.ਜੀ.ਪੀ ਪੰਜਾਬ ਵੱਲੋਂ ਪੁਲਿਸ ਲਾਈਨ, ਗੁਰਦਾਸਪੁਰ ਵਿਖੇ ਤਿਆਰ ਕੀਤੇ ਗਏ ਇੱਕ ‘ਤੰਦਰੁਸਤੀ ਕੇਂਦਰ’ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਰਹੱਦੀ ਪਿੰਡ ਵਾਲੀਬਾਲ ਟਰਾਫੀ ਦਾ ਫਾਈਨਲ ਮੈਚ ਕਰਵਾਇਆ ਗਿਆ। ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਵੱਲੋਂ ਜੇਤੂ ਖਿਡਾਰੀਆਂ ਨੂੰ ਬਾਰਡਰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਇਸੇ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨੁੱਕੜ ਨਾਟਕ ਵੀ ਕਰਵਾਇਆ ਗਿਆ।

Written By
The Punjab Wire