13 ਤਸਕਰਾਂ ਦੀ ਲਿਸਤ ਤਿਆਰ, ਪਹਿਲ੍ਹਾਂ ਵਾਰ ਜਿਲ੍ਹਾ ਪੁਲਿਸ ਵੱਲੋਂ ਲਿਆ ਗਿਆ ਇਹ ਐਕਸ਼ਨ
ਗੁਰਦਾਸਪੁਰ 07 ਸਤੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਹੁਣ ਪੰਜਾਬ ਪੁਲਿਸ ਨਸ਼ੇ ਦੇ ਸੌਦਾਗਰਾਂ ਖਿਲਾਫ ਵੱਡੀ ਕਾਰਵਾਈ ਕਰ ਰਹੀ ਹੈ। ਹੁਣ ਜਿੱਥੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਜਾਣਾ ਪਵੇਗਾ, ਇਸ ਦੇ ਨਾਲ ਹੀ ਨਸ਼ਾ ਤਸਕਰੀ ਕਰਕੇ ਬਣਾਈ ਜਾਇਦਾਦ ਵੀ ਜ਼ਬਤ ਕੀਤੀ ਜਾਵੇਗੀ। ਗੁਰਦਾਸਪੁਰ ਪੁਲਿਸ ਵੱਲੋਂ ਐਸਐਸਪੀ ਹਰੀਸ਼ ਦਾਯਮਾ ਦੀ ਅਗਵਾਈ ਤਲੇ ਇਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਇਹ ਪਹਿਲੀ ਵਾਰ ਹੈ ਕਿ ਗੁਰਦਾਸਪਰ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਨਾਮਜ਼ਦ ਤਿੰਨ ਮੁਲਜ਼ਮਾਂ ਦੀ ਲੱਖਾਂ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ ਹਰੀਸ਼ ਦਾਯਮਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ.ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਵਿਰੋਧੀ ਮੁਹਿੰਮ ਤਹਿਤ ਤਿੰਨ ਮੁਲਜ਼ਮਾਂ ਖਿਲਾਫ਼ ਐਨਡੀਪੀ ਐਕਟ ਤਹਿਤ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕੀਤੇ ਗਏ ਹਨ। ਨਸ਼ੀਲੇ ਪਦਾਰਥਾਂ ਦੀ ਕਮਾਈ ਤੋਂ ਬਣੀ ਉਕਤ ਦੋਸ਼ੀਆ ਦੀ ਜਾਇਦਾਦ ਦੀ ਜਾਂਚ ਕਰਨ ਉਪਰੰਤ ਸਮਰੱਥ ਅਧਿਕਾਰੀ ਦਿੱਲੀ ਦੇ ਹੁਕਮਾਂ ‘ਤੇ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ 52 ਲੱਖ 18 ਹਜ਼ਾਰ 266 ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ। ਇਹ ਮਾਮਲਾ ਸਾਲ 2021 ਅਤੇ 2022 ਦਾ ਹੈ। ਇਸ ਜਾਇਦਾਦ ਨੂੰ ਅਟੈਚ ਕਰਨ ਲਈ ਪਹਿਲਾਂ ਰਿਕਾਰਡ ਦੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਪ੍ਰਸਤਾਵ ਤਿਆਰ ਕੀਤਾ ਗਿਆ।
ਐਸਐਸਪੀ ਦਾਯਮਾ ਨੇ ਦੱਸਿਆ ਕਿ ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੇ 13 ਹੋਰ ਕੇਸ ਤਿਆਰ ਕੀਤੇ ਗਏ ਹਨ, ਜਿਨ੍ਹਾਂ ‘ਤੇ ਵੀ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਗੁਰਦਾਸਪੁਰ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਨਸ਼ਾ ਤਸਕਰਾਂ ਦੀ ਜਾਇਦਾਦ ਅਟੈਚ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਸਮੱਗਲਰਾਂ ਬਾਰੇ ਪੁਲੀਸ ਨੂੰ ਸੂਚਿਤ ਕਰਨ ਤਾਂ ਜੋ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਇਆ ਜਾ ਸਕੇ।