Close

Recent Posts

ਗੁਰਦਾਸਪੁਰ ਪੰਜਾਬ

ਡੇਂਗੂ ਦੇ ਕੇਸਾਂ ’ਤੇ ਕਾਬੂ ਪਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਤੁਰੰਤ ਐਕਸ਼ਨ ਕਰਨ ਦੇ ਨਿਰਦੇਸ਼ ਦਿੱਤੇ

ਡੇਂਗੂ ਦੇ ਕੇਸਾਂ ’ਤੇ ਕਾਬੂ ਪਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਤੁਰੰਤ ਐਕਸ਼ਨ ਕਰਨ ਦੇ ਨਿਰਦੇਸ਼ ਦਿੱਤੇ
  • PublishedSeptember 8, 2023

ਸ਼ਹਿਰਾਂ ਵਿੱਚ ਫੌਗਿੰਗ ਤੇ ਸਪਰੇਅ ਕਰਨ ਦੇ ਨਾਲ ਘਰਾਂ ਵਿੱਚ ਜਾ ਕੇ ਡੇਂਗੂ ਦਾ ਲਾਰਵਾ ਨਸ਼ਟ ਕੀਤਾ ਜਾਵੇ

ਪਿੰਡ ਸ਼ਾਹਪੁਰ ਜਾਜਨ ਵਿੱਚ ਡਾਇਰੀਆ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਇਸਦੇ ਇਲਾਜ ਤੇ ਹੱਲ ਦੀਆਂ ਹਦਾਇਤਾਂ ਜਾਰੀ

ਗੁਰਦਾਸਪੁਰ, 8 ਸਤੰਬਰ 2023 (ਦੀ ਪੰਜਾਬ ਵਾਇਰ)। ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੇ ਆ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂੂ ਅਗਰਵਾਲ ਨੇ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਵੱਧ ਰਹੀ ਬਿਮਾਰੀ ਉੱਪਰ ਕਾਬੂ ਪਾਉਣ ਲਈ ਤੁਰੰਤ ਲੋੜੀਂਦੀ ਕਾਰਵਾਈ ਕਰਨ।

ਅੱਜ ਸਥਾਨਕ ਪੰਚਾਇਤ ਭਵਨ ਸਿਹਤ ਵਿਭਾਗ ਦੀ ਰੀਵਿਊ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 104 ਡੇਂਗੂ ਦੇ ਅਤੇ 19 ਚਿਕਨਗੁਨੀਆ ਦੇ ਕੇਸ ਰੀਪੋਰਟ ਹੋਏ ਹਨ ਅਤੇ ਇਨ੍ਹਾਂ ਕੇਸਾਂ ਦੀ ਗਿਣਤੀ ਹੋਰ ਨਾ ਵਧੇ ਅਤੇ ਮਰੀਜ਼ ਜਲਦੀ ਠੀਕ ਹੋਣ ਇਸ ਲਈ ਸਿਹਤ ਵਿਭਾਗ ਵੱਲੋਂ ਸਾਰੇ ਅਹਿਤਿਆਤੀ ਕਦਮ ਚੁੱਕੇ ਜਾਣ। ਉਨ੍ਹਾਂ ਸਿਹਤ ਵਿਭਾਗ, ਨਗਰ ਨਿਗਮ ਬਟਾਲਾ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਇਲਾਕਿਆਂ ਦਾ ਡੋਰ-ਟੂ-ਡੋਰ ਸਰਵੇ ਕਰਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਜਾਵੇ ਅਤੇ ਜਿਸ ਵੀ ਘਰੋਂ ਜਾਂ ਕਾਰੋਬਾਰੀ ਅਦਾਰੇ ਵਿਚੋਂ ਡੇਂਗੂ ਦਾ ਲਾਰਵਾ ਮਿਲਦਾ ਹੈ ਉਸਨੂੰ ਨਸ਼ਟ ਕੀਤਾ ਜਾਵੇ। ਇਸਦੇ ਨਾਲ ਹੀ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਜਿਨ੍ਹਾਂ ਖੇਤਰਾਂ ਵਿੱਚ ਡੇਂਗੂ ਦੇ ਕੇਸ ਆ ਰਹੇ ਹਨ ਓਥੇ ਵਿਸ਼ੇਸ਼ ਧਿਆਨ ਦੇਣ ਦੇ ਨਾਲ ਸਾਰੇ ਹੀ ਸ਼ਹਿਰਾਂ ਵਿੱਚ ਸਫ਼ਾਈ ਦਾ ਖਾਸ ਖਿਆਲ ਰੱਖਿਆ ਜਾਵੇ, ਫੌਗਿੰਗ ਅਤੇ ਸਪਰੇਅ ਦਾ ਛਿੜਕਾਅ ਰੈਗੂਲਰ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਖੁਦ ਵੀ ਮੀਡੀਆ ਦੇ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਵਿੱਚ ਅਤੇ ਆਲੇ-ਦੁਆਲੇ ਪਾਣੀ ਨੂੰ ਖੜ੍ਹਾ ਨਾ ਹੋਣ ਦੇਣ। ਘਰਾਂ ਦੀ ਫਰਿਜਾਂ, ਕੂਲਰਾਂ, ਗਮਲਿਆਂ ਅਤੇ ਛੱਤਾਂ ਉੱਪਰ ਪਏ ਪੁਰਾਣੇ ਟਾਇਰਾਂ ਤੇ ਕਬਾੜ ਦੇ ਸਮਾਨ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ ਕਿਉਂਕਿ ਇਹੀ ਪਾਣੀ ਡੇਂਗੂ ਦੇ ਮੱਛਰਾਂ ਦੀ ਪੈਦਾਵਾਰ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਹਰ ਹਫ਼ਤੇ ਡਰਾਈ ਡੇਅ ਮਨਾਉਂਦੇ ਹੋਏ ਫਰਿਜਾਂ, ਕੂਲਰਾਂ, ਗਮਲਿਆਂ ਆਦਿ ਦੇ ਪਾਣੀ ਨੂੰ ਸੁਕਾਇਆ ਜਾਵੇ। ਮੱਛਰ ਤੋਂ ਬਚਣ ਲਈ ਆਪਣੇ ਸਰੀਰ ਨੂੰ ਢੱਕ ਕੇ ਰੱਖਣ ਤੋਂ ਇਲਾਵਾ ਮੱਛਰਦਾਨੀਆਂ ਜਾਂ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਜਾਵੇ।

ਪਿੰਡ ਸ਼ਾਹਪੁਰ ਜਾਜਨ ਵਿੱਚ ਡਾਇਰੀਆ ਦੇ 121, ਰਾਮਪੁਰ ਵਿੱਚ 20 ਅਤੇ ਮੋਹਰੀਵਾਲ ਵਿਖੇ 3 ਕੇਸ ਆਉਣ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਬਿਮਾਰੀ ਉੱਪਰ ਕਾਬੂ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰਭਾਵਤ ਪਿੰਡਾਂ ਦੇ ਘਰ-ਘਾਰ ਜਾ ਕੇ ਸਾਰੀ ਸਥਿਤੀ ਦਾ ਜਾਇਜਾ ਲੈਣ। ਉਨ੍ਹਾਂ ਕਿਹਾ ਕਿ ਡਾਇਰੀਆ ਫੈਲਣ ਦੇ ਕਾਰਨ ਪਤਾ ਕਰਨ ਦੇ ਨਾਲ ਤੁਰੰਤ ਉਨ੍ਹਾਂ ਕਾਰਨਾਂ ਨੂੰ ਦੂਰ ਕੀਤਾ ਜਾਵੇ। ਇਸਦੇ ਨਾਲ ਹੀ ਮਰੀਜ਼ਾਂ ਦਾ ਪੂਰਾ ਇਲਾਜ ਕੀਤਾ ਜਾਵੇ। ਉਨ੍ਹਾਂ ਜਲ ਸਪਲਾਈ ਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਨ੍ਹਾਂ ਪਿੰਡਾਂ ਦੀਆਂ ਜਲ-ਸਪਲਾਈ ਪਾਈਪਾਂ ਵਿੱਚ ਆਏ ਨੁਕਸ ਨੂੰ ਤੁਰੰਤ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਤੱਕ ਡਾਇਰੀਆ ਉੱਪਰ ਕਾਬੂ ਨਹੀਂ ਪਾਇਆ ਜਾਂਦਾ ਓਦੋਂ ਤੱਕ ਇਨ੍ਹਾਂ ਪਿੰਡਾਂ ਵਿੱਚ ਟੈਂਕਰ ਜਰੀਏ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਜਾਰੀ ਰੱਖੀ ਜਾਵੇ। ਇਸਦੇ ਨਾਲ ਹੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਪਾਣੀ ਨੂੰ ਉਭਾਲ ਕੇ ਪੀਣ ਦੀ ਸਲਾਹ ਦਿੱਤੀ ਜਾਵੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਡੇਂਗੂ, ਮਲੇਰੀਆ, ਚਿਕਨਗੁਨੀਆਂ, ਡਾਇਰੀਆ ਆਦਿ ਦੀ ਜਾਣਕਾਰੀ, ਕਿਸੇ ਕਿਸਮ ਦੀ ਸਹਾਇਤਾ ਜਾਂ ਆਪਣੇ ਇਲਾਕੇ ਵਿੱਚ ਫੌਗਿੰਗ, ਸਪਰੇਅ ਆਦਿ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਜਾਂ ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ, ਫੂਡ ਸੇਫ਼ਟੀ ਮੁਹਿੰਮ, ਸੈਕਸ ਰੇਸ਼ੋ ਦੇ ਸੁਧਾਰ ਅਤੇ ਸਿਹਤ ਵਿਭਾਗ ਦੀਆਂ ਚੱਲ ਰਹੀਆਂ ਹੋਰ ਸਕੀਮਾਂ ਦਾ ਰੀਵਿਊ ਵੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤੇਜਿੰਦਰ ਕੌਰ, ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕੌਰ ਕਲਸੀ (ਵੈਕਟਰ ਬੋਰਨ), ਡਾ. ਵੰਦਨਾ ਐਪੀਡਮੋਲੋਜਿਸਟ (ਵਾਟਰ ਬੋਰਨ), ਜ਼ਿਲ੍ਹਾ ਟਿਕਾਕਾਰਨ ਅਫ਼ਸਰ ਡਾ. ਅਰਵਿੰਦ ਮੰਚਨਦਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

Written By
The Punjab Wire