ਸਿਹਤ ਗੁਰਦਾਸਪੁਰ ਪੰਜਾਬ

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਲਿਆ ਇੱਕ ਹੋਰ ਅਹਿਮ ਫੈਸਲਾ

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਲਿਆ ਇੱਕ ਹੋਰ ਅਹਿਮ ਫੈਸਲਾ
  • PublishedSeptember 9, 2023

ਹੁਣ ਸਰਕਾਰੀ ਹਸਪਤਾਲਾਂ ਵਿੱਚ ਚੱਲਦੀਆਂ ਕ੍ਰਿਸ਼ਨਾ ਲੈਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਉਨ੍ਹਾਂ ਪਰਿਵਾਰਕ ਮੈਂਬਰਾਂ ਦੇ ਹੋਣਗੇ ਮੁਫ਼ਤ ਟੈਸਟ – ਰਮਨ ਬਹਿਲ

ਗੁਰਦਾਸਪੁਰ, 9 ਸਤੰਬਰ 2023 (ਦੀ ਪੰਜਾਬ ਵਾਇਰ)। ਸੂਬਾ ਵਾਸੀਆਂ ਨੂੰ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਯਤਨਾਂ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਕ੍ਰਿਸ਼ਨਾ ਡਾਇਗਨੋਜ਼ ਲਿਮਟਿਡ ਵੱਲੋਂ ਚਲਾਈਆਂ ਜਾ ਰਹੀਆਂ ਕ੍ਰਿਸ਼ਨਾ ਲੈਬ ਵੱਲੋਂ ਹੁਣ ਸਰਕਾਰੀ ਮੁਲਾਜ਼ਮ, ਪੈਨਸ਼ਨਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੰਜਾਬ ਸਰਕਾਰ ਅਧੀਨ ਬੋਰਡ ਅਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਨੂੰ ਮੁਫ਼ਤ ਟੈਸਟ ਦੀ ਸਹੂਲਤ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਇਹ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਾਰੇ ਸਰਕਾਰੀ ਮੁਲਾਜ਼ਮ, ਪੈਨਸ਼ਨਰ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਰਕਾਰੀ ਹਸਪਤਾਲਾਂ ਵਿੱਚ ਚੱਲਦੀਆਂ ਕ੍ਰਿਸ਼ਨਾ ਲੈਬ `ਚੋਂ ਮੁਫ਼ਤ ਟੈਸਟ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਉੱਚ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਿਹਤ ਵਿਭਾਗ ਵੱਲੋਂ ਕ੍ਰਿਸ਼ਨਾ ਡਾਇਗਨੋਜ਼ ਲਿਮਟਿਡ ਨਾਲ ਸਮਝੌਤਾ ਕਰਕੇ ਮਰੀਜ਼ਾਂ ਦੇ ਬਹੁਤ ਸਸਤੀਆਂ ਦਰਾਂ `ਤੇ ਟੈਸਟ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਸਿਹਤ ਵਿਭਾਗ ਦਾ ਕ੍ਰਿਸ਼ਨਾ ਡਾਇਗਨੋਜ਼ ਲਿਮਟਿਡ ਨਾਲ ਇਹ ਵੀ ਸਮਝੌਤਾ ਹੋਇਆ ਹੈ ਕਿ ਉਹ ਜਿਨੇ ਵੀ ਟੈਸਟ ਕਰਦੇ ਹਨ ਉਨ੍ਹਾਂ ਵਿਚੋਂ 5 ਫੀਸਦੀ ਟੈਸਟ ਮੁਫ਼ਤ ਕਰਨਗੇ ਜਿਸ ਲਈ ਕੈਟਾਗਰੀਆਂ ਨਿਰਧਾਰਤ ਕੀਤੀਆਂ ਗਈਆਂ ਹਨ। ਸ੍ਰੀ ਰਮਨ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਨਾਲ ਹੋਰ ਕੈਟਾਗਰੀਆਂ ਦੇ ਨਾਲ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਸ੍ਰੀ ਬਹਿਲ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਸਿਵਲ ਹਸਪਤਾਲਾਂ ਦੇ ਐੱਸ.ਐੱਮ.ਓਜ਼ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Written By
The Punjab Wire