ਸੂਬੇ ਦੇ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਚੁੱਕਿਆ ਕਦਮ
ਉਦਯੋਗ ਲਈ ਵਿਸ਼ੇਸ਼ ਤੌਰ ਉਤੇ ਸਥਾਪਤ ਹੋਣਗੇ ਸਬ-ਸਟੇਸ਼ਨ
ਪਹਿਲਾਂ ਲੋਕ ਸਫਲਤਾ ਸ਼ਬਦ ਸੁਣ ਤੋਂ ਭੈਭੀਤ ਹੋ ਜਾਂਦੇ ਸਨ ਕਿਉਂਕਿ ਸਿਆਸਤਦਾਨ ਕਾਰੋਬਾਰ ਵਿੱਚੋਂ ਹਿੱਸਾਪੱਤੀ ਭਾਲਦੇ ਸਨ
ਸਾਡੇ ਕੋਲ ਲੋਕਾਂ ਨੂੰ ਲੁੱਟਣ ਦਾ ਤਜਰਬਾ ਨਹੀਂ ਪਰ ਹਸਪਤਾਲ, ਸਕੂਲ ਅਤੇ ਹੋਰ ਭਲਾਈ ਕਾਰਜਾਂ ਰਾਹੀਂ ਲੋਕਾਂ ਦੀ ਸੇਵਾ ਕਰਨ ਦਾ ਤਜਰਬਾ
ਜਲੰਧਰ, 14 ਸਤੰਬਰ 2023 (ਦੀ ਪੰਜਾਬ ਵਾਇਰ)। ਸੂਬੇ ਦੇ ਉਦਯੋਗਿਕ ਵਿਕਾਸ ਖਾਸ ਕਰਕੇ ਪੇਂਡੂ ਇਲਾਕਿਆਂ ਦੇ ਵਿਕਾਸ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਸਨਅਤੀ ਯੂਨਿਟ ਸਥਾਪਤ ਕਰਨ ਦਾ ਸੱਦਾ ਦਿੱਤਾ।
ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕਿਆਂ ਵਿੱਚ ਉਦਯੋਗਪਤੀਆਂ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਦੂਹਰਾ ਉਦੇਸ਼ ਪੂਰਾ ਹੋਵੇਗਾ ਕਿਉਂਜੋ ਇਸ ਨਾਲ ਜਿੱਥੇ ਸਨਅਤੀ ਵਿਕਾਸ ਨੂੰ ਹੁਲਾਰਾ ਮਿਲੇਗਾ, ਉਥੇ ਹੀ ਪੇਂਡੂ ਖੇਤਰ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ। ਭਗਵੰਤ ਸਿੰਘ ਮਾਨ ਨੇ ਸਨਅਤਾਕਾਰਾਂ ਨੂੰ ਇਨ੍ਹਾਂ ਇਲਾਕਿਆਂ ਵਿਚ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਪੂਰਨ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਲੋਕਾਂ ਦੀ ਸੇਵਾ ਕਰਨ ਦੇ ਮਕਸਦ ਨਾਲ ਆਈ.ਆਰ.ਐਸ. ਦਾ ਵੱਕਾਰੀ ਅਹੁਦਾ ਤਿਆਗ ਦੇਣ ਲਈ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਹੀ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦੇ ਖਿਲਾਫ਼ ਵਿੱਢੀ ਜੰਗ ਦੌਰਾਨ ਆਮ ਆਦਮੀ ਪਾਰਟੀ ਦਾ ਗਠਨ ਕੀਤਾ ਜਿਸ ਦੀ ਸ਼ੁਰੂਆਤ ਦਿੱਲੀ ਦੇ ਰਾਮ ਲੀਲਾ ਮੈਦਾਨ ਤੋਂ ਹੋਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜ਼ਮੀਨੀ ਪੱਧਰ ਉਤੇ ਦਿਲ ਤੋਂ ਲੋਕਾਂ ਨਾਲ ਜੁੜੇ ਹੋਏ ਨੇਤਾ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਨਿਰੰਤਰ ਯਤਨਾਂ ਸਦਕਾ ਆਮ ਆਦਮੀ ਪਾਰਟੀ ਅੱਜ ਦੇਸ਼ ਦੀ ਇਕ ਕੌਮੀ ਪਾਰਟੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦਾ ਇਕਮਾਤਰ ਉਦੇਸ਼ ਲੋਕਾਂ ਦੀ ਨਿਸ਼ਕਾਮ ਸੇਵਾ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲੰਧਰ ਵਿਖੇ ਕਨਵੈਂਨਸ਼ਨ ਸੈਂਟਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਏਅਰਪੋਰਟ ਅਤੇ ਰੇਲਵੇ ਸਟੇਸ਼ਨ ਦੀ ਨੇੜਲੀ ਥਾਂ ਉਤੇ ਸਥਾਪਤ ਕੀਤਾ ਜਾਵੇਗਾ ਤਾਂ ਕਿ ਸਨਅਤਕਾਰਾਂ ਨੂੰ ਸਹੂਲਤ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਹਰੇਕ ਯਤਨ ਸੂਬੇ ਵਿਚ ਉਦਯੋਗਿਕ ਵਿਕਾਸ ਲਈ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਐਮ.ਐਸ.ਐਮ.ਈ. ਸੈਕਟਰ ਵਿੱਚ ਪੰਜਾਬ ਨੇ ਦੇਸ਼ ਭਰ ਵਿੱਚੋਂ ਬਾਜ਼ੀ ਮਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 2.75 ਲੱਖ ਐਮ.ਐਸ.ਐਮ.ਈ. ਯੂਨਿਟਾਂ ਦੀ ਰਜਿਸਟ੍ਰੇਸ਼ਨ ਹੋਈ ਹੈ ਜੋ ਮੁਲਕ ਵਿੱਚ ਹੁਣ ਤੱਕ ਸਭ ਤੋਂ ਵੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮ.ਐਸ.ਐਮ.ਈ. ਦੀ ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡੀ ਭੂਮਿਕਾ ਹੈ।
ਵਿਰੋਧੀ ਧਿਰਾਂ ਉਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਹੁੰਦੇ ਹੋਏ ਲੋਕਾਂ ਵਿੱਚ ਜਾਣ ਦੀ ਬਜਾਏ ਮਹਿਲਾਂ ਵਿੱਚ ਰਹਿਣ ਵਾਲੇ ਸਿਆਸਤਦਾਨਾਂ ਨੂੰ ਇਨ੍ਹਾਂ ਲੋਕਾਂ ਨੇ ਹੀ ਸੂਬੇ ਦੇ ਸਿਆਸੀ ਨਕਸ਼ੇ ਤੋਂ ਮਿਟਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੁਣ ਨਵੇਂ ਯੁੱਗ ਦਾ ਆਰੰਭ ਹੋਇਆ ਹੈ ਅਤੇ ਜਿਹੜੇ ਲੋਕ ਆਪਣੇ ਆਪ ਨੂੰ ਅਜੇਤੂ ਸਮਝਦੇ ਸਨ, ਉਨ੍ਹਾਂ ਲੋਕਾਂ ਨੂੰ ਪੰਜਾਬ ਵਾਸੀਆਂ ਨੇ ਸੱਤਾ ਦੇ ਗਲਿਆਰਿਆਂ ਤੋਂ ਉਖਾੜ ਕੇ ਘਰ ਬਿਠਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਬਦਲਾਅ ਦੇਖਿਆ ਜਾਣ ਲੱਗਾ ਹੈ ਕਿਉਂਕਿ ਪਹਿਲੀ ਵਾਰ ਸ਼ਾਸਨ ਵਿੱਚ ਲੋਕ ਪੱਖੀ ਫੈਸਲਿਆਂ ਨੂੰ ਤਰਜੀਹ ਮਿਲਣ ਲੱਗੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਤਜਰਬੇਕਾਰ ਸਿਆਸਤਦਾਨਾਂ ਤੋਂ ਅੱਕ ਚੁੱਕੇ ਸਨ ਕਿਉਂਕਿ ਇਹ ਲੋਕ ਆਪਣੇ ਸੌੜੇ ਹਿੱਤਾਂ ਲਈ ਸੱਤਾ ਦੀ ਦੁਰਵਰਤੋਂ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਲੋਕਾਂ ਨੂੰ ਹਮੇਸ਼ਾ ਹੀ ਗੁੰਮਰਾਹ ਕੀਤਾ ਹੈ ਜਿਸ ਕਰਕੇ ਇਨ੍ਹਾਂ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਨਾਕਾਰ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਕੋਲ ਲੋਕਾਂ ਨੂੰ ਲੁੱਟਣ ਦਾ ਤਜਰਬਾ ਤਾਂ ਨਹੀਂ ਹੋ ਸਕਦਾ ਪਰ ਯਕੀਨਨ ਤੌਰ ਉਤੇ ਸਾਡੇ ਕੋਲ ਹਸਪਤਾਲ, ਸਕੂਲਾਂ ਅਤੇ ਹੋਰ ਲੋਕ ਭਲਾਈ ਦੇ ਕੰਮ ਕਰਕੇ ਲੋਕਾਂ ਦੀ ਸੇਵਾ ਕਰਨ ਦਾ ਤਜਰਬਾ ਜ਼ਰੂਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕ ਸਫ਼ਲ ਹੋਣ ਤੋਂ ਡਰਦੇ ਸਨ ਕਿਉਂਕਿ ਨੇਤਾ ਉਨ੍ਹਾਂ ਦੇ ਕੰਮਕਾਰ ਵਿੱਚ ਆਪਣਾ ਹਿੱਸਾਪੱਤੀ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਜਨਤਾ ਨੂੰ ਖਾਸ ਕਰਕੇ ਸਫਲ ਉਦਯੋਗਪਤੀਆਂ ਨੂੰ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਉਦਯੋਗਪਤੀਆਂ ‘ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਸਨ ਅਤੇ ਫਿਰ ਉਨ੍ਹਾਂ ਨੂੰ ਬਾਅਦ ਵਿੱਚ ਚੋਰ ਤੱਕ ਵੀ ਕਿਹਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ ਵਿੱਚ ਅਸਲ ਮਾਅਨਿਆਂ ਵਿੱਚ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗ ਪੱਖੀ ਸਰਕਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਇਹ ਸਿਸਟਮ ਮਹਿਜ਼ ਇੱਕ ਧੋਖਾ ਸੀ ਕਿਉਂਕਿ ਕਿਸੇ ਨੇ ਵੀ ਇਸ ਦੀ ਅਸਲ ਅਰਥਾਂ ਵਿੱਚ ਵਰਤੋਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਸਮਝੌਤਿਆਂ ‘ਤੇ ਪਰਿਵਾਰਾਂ ਨਾਲ ਦਸਤਖਤ ਕੀਤੇ ਜਾਂਦੇ ਸਨ ਪਰ ਹੁਣ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਕੀਤੇ ਜਾਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਰੁਕੀ ਹੋਈ ਸਪਲਾਈ 2015 ਤੋਂ ਬਾਅਦ ਹੁਣ ਮੁੜ ਸ਼ੁਰੂ ਹੋ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਕੋਲਾ ਖਾਣ ਤੋਂ ਸਪਲਾਈ ਰੋਕ ਕੇ ਪ੍ਰਾਈਵੇਟ ਥਰਮਲ ਪਲਾਟਾਂ ਤੋਂ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਝੋਨੇ ਦੇ ਸੀਜ਼ਨ ਦੌਰਾਨ ਵੀ ਉਦਯੋਗ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਵਿੱਤੀ ਬੇਨਿਯਮੀਆਂ ਕਾਰਨ ਸੂਬਾ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੇ ਆਰ.ਡੀ.ਐਫ ਦੇ ਫੰਡ ਵੀ ਰੋਕ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਰੇਲ-ਸ਼ਿਪ-ਰੇਲ ਰਾਹੀਂ ਕੋਲਾ ਮੁਹੱਈਆ ਕਰਵਾਉਣ ਦੇ ਫੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਵਿਰੋਧ ਤੋਂ ਬਾਅਦ ਇਹ ਫੈਸਲਾ ਵਾਪਸ ਲਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਨਾਲ ਬੇਇਨਸਾਫ਼ੀ ਸੀ ਜਿਸ ਦਾ ਡਟ ਕੇ ਵਿਰੋਧ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਨਅਤਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਸਬ-ਸਟੇਸ਼ਨਾਂ ਦਾ ਨਿਰਮਾਣ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੰਗ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਨ ਵਾਲੀਆਂ ਹੋਰ ਪਾਰਟੀਆਂ ਦੇ ਉਲਟ ‘ਆਪ’ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਖੇਤਰਾਂ ਸਬੰਧੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿਹੜੇ ਵਾਅਦੇ ਲੋਕਾਂ ਨਾਲ ਨਹੀਂ ਵੀ ਕੀਤੇ ਗਏ ਸਨ, ਉਨ੍ਹਾਂ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਫੋਕਲ ਪੁਆਇੰਟਾਂ ਦੇ ਨਿਰਮਾਣ ਲਈ ਸੀ.ਐਸ.ਆਰ. ਫੰਡਾਂ ਦੀ ਵਰਤੋਂ ਕਰਨ ਲਈ ਨੀਤੀ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਬਰਕਰਾਰ ਰੱਖਣ ਲਈ ਫੋਕਲ ਪੁਆਇੰਟਾਂ ਅਤੇ ਉਦਯੋਗਿਕ ਖੇਤਰਾਂ ਵਿੱਚ ਪੁਲਿਸ ਚੌਕੀਆਂ ਬਣਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ 18 ਮਹੀਨਿਆਂ ਵਿੱਚ ਅਜਿਹੇ ਬੇਮਿਸਾਲ ਕੰਮ ਕੀਤੇ ਹਨ ਜੋ ਪਿਛਲੀਆਂ ਸਰਕਾਰਾਂ ਆਪਣੇ 70 ਸਾਲਾਂ ਦੇ ਤੋਂ ਵੱਧ ਕਾਰਜਕਾਲ ਵਿੱਚ ਨਹੀਂ ਕਰ ਸਕੀਆਂ।
ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪਤਵੰਤਿਆਂ ਦਾ ਸਵਾਗਤ ਕੀਤਾ।ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬਾ ਸਰਕਾਰ ਦੇ ਕਾਰਜਕਾਲ ਦੇ ਪਿਛਲੇ 18 ਮਹੀਨਿਆਂ ਦੌਰਾਨ ਸੂਬੇ ਵਿੱਚ ਹੋਏ ਉਦਯੋਗਿਕ ਵਿਕਾਸ ਬਾਰੇ ਸੰਖੇਪ ਪੇਸ਼ਕਾਰੀ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਤ ਬਲਬੀਰ ਸਿੰਘ ਸੀਚੇਵਾਲ, ਵਿਕਰਮਜੀਤ ਸਾਹਨੀ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਵੀ ਹਾਜ਼ਰ ਸਨ।