ਜ਼ਿਲ੍ਹਾ ਵਾਸੀ ਵੋਟਾਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ’ਤੇ ਸੰਪਰਕ ਕਰ ਸਕਦੇ ਹਨ
ਗੁਰਦਾਸਪੁਰ, 18 ਸਤੰਬਰ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਆਪਣੀ ਵੋਟ ਜਰੂਰ ਬਣਵਾਉਣ ਤਾਂ ਜੋ ਉਹ ਵੀ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਧਿਕਾਰੀਆਂ, ਸੈਕਟਰ ਅਫ਼ਸਰਾਂ ਅਤੇ ਬੀ.ਐੱਲ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਜਿਹੜੇ ਨੌਜਵਾਨ ਲੜਕੇ-ਲੜਕੀਆਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਜਾਂ 1 ਜਨਵਰੀ 2024 ਨੂੰ ਉਨ੍ਹਾਂ ਦੀ ਉਮਰ 18 ਸਾਲ ਹੋ ਜਾਣੀ ਹੈ ਉਨ੍ਹਾਂ ਸਾਰਿਆਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਸੀਨੀਅਰ ਸਕੈਂਡਰੀ ਸਕੂਲਾਂ, ਕਾਲਜਾਂ, ਆਈ.ਟੀ.ਆਈਜ਼, ਬਹੁ-ਤਕਨੀਕੀ ਕਾਲਜਾਂ ਅਤੇ ਆਈਲਸ ਸੈਂਟਰਾਂ ਵਿੱਚ ਵੋਟਾਂ ਬਣਾਉਣ ਦੇ ਵਿਸ਼ੇਸ਼ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ‘ਸਵੀਪ’ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਨੌਜਵਾਨ ਆਪਣੀ ਵੋਟ ਬਣਵਾਉਣ ਲਈ ਆਪਣੇ ਇਲਾਕੇ ਦੇ ਬੀ.ਐੱਲ.ਓ. ਜਾਂ ਸੈਕਟਰ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ।