Close

Recent Posts

ਪੰਜਾਬ ਮੁੱਖ ਖ਼ਬਰ ਰਾਜਨੀਤੀ

ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ: ਸੁਸ਼ੀਲ ਕੁਮਾਰ ਰਿੰਕੂ

ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ: ਸੁਸ਼ੀਲ ਕੁਮਾਰ ਰਿੰਕੂ
  • PublishedSeptember 18, 2023

ਲੋਕ ਸਭਾ ਮੈਂਬਰ ਨੇ ਸੰਸਦ ਭਵਨ ਵਿੱਚ ਪੰਜਾਬੀ ਭਾਸ਼ਾ ਵਿੱਚ ਆਪਣਾ ਬਿਆਨ ਦਿੱਤਾ

ਕਿਹਾ, ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ

ਜਲੰਧਰ, 18 ਸਤੰਬਰ 2023 (ਦੀ ਪੰਜਾਬ ਵਾਇਰ)। ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸੰਸਦ ਵਿੱਚ ਆਪਣਾ ਬਿਆਨ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਲਈ ਸ਼ੁਰੂ ਕੀਤਾ ਗਿਆ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸੇ ਸਦਨ ਵਿੱਚ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਤਿਆਰ ਕਰਕੇ ਸਦਨ ਵਿੱਚ ਪੇਸ਼ ਕੀਤਾ ਸੀ, ਜਿਸ ਨੂੰ ਬਚਾਉਣ ਲਈ ਅੱਜ ਆਮ ਆਦਮੀ ਪਾਰਟੀ ਵੱਲੋਂ ਸੰਘਰਸ਼ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਪੰਜਾਬੀਆਂ ਨੇ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਹ ਸੰਵਿਧਾਨ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੰਸਦ ਦੇ 75 ਸਾਲਾਂ ਦੇ ਸਫ਼ਰ ‘ਤੇ ਆਯੋਜਿਤ ਇਕ ਵਿਚਾਰ-ਚਰਚਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੰਸਦ ਕੰਪਲੈਕਸ ਹੀ ਨਹੀਂ ਸਗੋਂ ਦੇਸ਼ ਦਾ ਲੋਕਤੰਤਰ ਦਾ ਮੰਦਰ ਹੈ। ਉਹ ਇਸ ਸਦਨ ਵਿੱਚ ਉਨ੍ਹਾਂ ਸਾਰੇ ਮਹਾਨ ਲੋਕਾਂ ਦੀ ਮੌਜੂਦਗੀ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਵਿਧਾਨ ਅਤੇ ਲੋਕਤੰਤਰ ਨੂੰ ਕਾਇਮ ਰੱਖਣ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਆਪਣਾ ਪੂਰਾ ਬਿਆਨ ਪੰਜਾਬੀ ਭਾਸ਼ਾ ਵਿੱਚ ਹੀ ਰੱਖਿਆ। ਉਨ੍ਹਾਂ ਕਿਹਾ ਕਿ ‘ਅਨੇਕਤਾ ਵਿੱਚ ਏਕਤਾ’ ਸਾਡੇ ਦੇਸ਼ ਦਾ ਮੂਲ ਮੰਤਰ ਹੈ ਜੋ ਸਾਡੇ ਲੋਕਤੰਤਰ ਨੂੰ ਹੋਰ ਵੀ ਮਜ਼ਬੂਤ ਬਣਾਉਂਦਾ ਹੈ ਪਰ ਦੇਸ਼ ਦੇ ਲੋਕਾਂ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਤੰਤਰ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦਾ ਹਮੇਸ਼ਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

Written By
The Punjab Wire