ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦਾ ਦਿੱਤਾ ਭਰੋਸਾ, ਮਾਮਲਾ ਹੋਇਆ ਦਰਜ
ਗੁਰਦਾਸਪੁਰ, 20 ਸਤੰਬਰ 2023(ਦੀ ਪੰਜਾਬ ਵਾਇਰ ) । ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਜ਼ਿਲ੍ਹਾ ਹਸਤਪਾਲ ਬੱਬਰੀ (ਗੁਰਦਾਸਪੁਰ) ਵਿਖੇ ਪਹੁੰਚ ਕੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਕਾਹਲੋਂ ਜਿਸਨੂੰ ਬੀਤੇ ਦਿਨ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਸੀ, ਉਸਦਾ ਹਾਲ-ਚਾਲ ਜਾਣਿਆ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਵੀ ਮੌਜੂਦ ਸਨ।
ਹਰਪ੍ਰੀਤ ਸਿੰਘ ਕਾਹਲੋਂ ਦਾ ਹਾਲ ਜਾਨਣ ਤੋਂ ਬਾਅਦ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਹਰਪ੍ਰੀਤ ਸਿੰਘ ਕਾਹਲੋਂ ਦੇ ਇਲਾਜ ਵਿੱਚ ਕੋਈ ਢਿੱਲ-ਮੱਠ ਨਾ ਵਰਤੀ ਜਾਵੇ ਅਤੇ ਉਸਦਾ ਸਾਰਾ ਇਲਾਜ ਮੁਫ਼ਤ ਕੀਤਾ ਜਾਵੇ। ਇਸ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਮਲੇ ਕਰਨ ਵਾਲੇ ਦੋਸ਼ੀ ਕਿਸੇ ਵੀ ਸੂਰਤ ਵਿੱਚ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਐੱਸ.ਐੱਸ.ਪੀ. ਗੁਰਦਾਸਪੁਰ ਨੂੰ ਕਿਹਾ ਕਿ ਦੋਸ਼ੀਆਂ ਦੀ ਜਲਦ ਭਾਲ ਕਰਕੇ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿਸਦੇ ਚਲਦਿਆ ਪੁਲਿਸ ਨੇ ਹਮਲਾਵਰਾਂ ਖ਼ਿਲਾਫ਼ ਥਾਣਾ ਕਲਾਨੌਰ ਵਿੱਚ ਕੇਸ ਦਰਜ ਕਰ ਲਿਆ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਹ ਆਪਣੇ ਹਲਕਾ ਵਾਸੀਆਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹਨ ਅਤੇ ਹਲਕਾ ਵਾਸੀਆਂ ਦੇ ਹਰ ਦੁੱਖ-ਤਕਲੀਫ਼ ਵਿੱਚ ਉਨ੍ਹਾਂ ਦਾ ਸਾਥ ਦੇਣ ਲਈ ਉਹ ਵਚਨਬੱਧ ਹਨ।