Close

Recent Posts

ਹੋਰ ਗੁਰਦਾਸਪੁਰ

ਖੇਤੀਬਾੜੀ ਵਿਭਾਗ ਨੇ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦਿੱਤੀ

ਖੇਤੀਬਾੜੀ ਵਿਭਾਗ ਨੇ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦਿੱਤੀ
  • PublishedSeptember 26, 2023

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਤੋਂ ਵੀ ਜਾਣੂ ਕਰਵਾਇਆ

ਗੁਰਦਾਸਪੁਰ, 26 ਸਤੰਬਰ 2023 (ਦੀ ਪੰਜਾਬ ਵਾਇਰ ) । ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਸਥਾਨਕ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੀਤਾ ਜਦੋਂ ਕਿ ਮੇਲੇ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕੀਤੀ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਪਾਲ ਸਿੰਘ ਸੰਧੂ, ਉੱਘੇ ਜਨਤਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀ ਸ਼ਮਸ਼ੇਰ ਸਿੰਘ, ਅੰਮ੍ਰਿਤਪਾਲ ਸਿੰਘ ਕਲਸੀ ਸਮੇਤ ਵੱਖ-ਵੱਖ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ।

ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁਧ ਬਣਾਈ ਰੱਖਣ ਅਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਵਿਗਿਆਨਕ ਖੇਤੀ ਕਰਨ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿੱਚ ਖੇਤਾਂ ਵਿਚ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਉਨਾਂ ਕਿਹਾ ਕਿ ਜਿਹੜੇ ਪਿੰਡਾਂ ਵਿਚ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਨਾਂ ਪਿੰਡਾਂ ਨੂੰ ਵਿਸੇਸ਼ ਗਰਾਂਟ ਦਿੱਤੀ ਜਾਵੇਗੀ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਤੀਬਾੜੀ ਕਿੱਤੇ ਨੂੰ ਅਪਣਾ ਕੇ ਵਿਗਿਆਨਿਕ ਢੰਗ ਨਾਲ ਖੇਤੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਦੀ ਸਲਾਹ ਨਾਲ ਕੀਤੀ ਖੇਤੀ ਅੱਜ ਵੀ ਲਾਹੇਵੰਦਾ ਕਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਨਾਲ ਹੋਰ ਸਹਾਇਕ ਧੰਦੇ ਸ਼ੁਰੂ ਕਰਕੇ ਕਿਸਾਨ ਆਪਣੀ ਆਮਦਨ ਵਧਾ ਸਕਦੇ ਹਨ।

ਇਸ ਮੌਕੇ ਵਿਧਾਇਕ ਐਡ. ਅਮਰਪਾਲ ਸਿੰਘ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਖੁਸ਼ਹਾਲੀ ਵਿੱਚ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਅਤੇ ਉਨ੍ਹਾਂ ਨੂੰ ਬੜੀ ਤਸੱਲੀ ਹੈ ਕਿ ਕਿਸਾਨ ਸਖਤ ਮਿਹਨਤ ਕਰਕੇ ਦੇਸ਼ ਦੇ ਲੋਕਾਂ ਦਾ ਢਿੱਡ ਭਰ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਾਹਿਰਾਂ ਵੱਲੋਂ ਦਿੱਤੀਆਂ ਸਿਫਾਰਸ਼ਿਾਂ ਦੀ ਪਾਲਣਾ ਜਰੂਰ ਕਰਨ ਤਾਂ ਜੋ ਖੇਤੀ ਹੋਰ ਵੀ ਲਾਹੇਵੰਦ ਬਣ ਸਕੇ।

ਇਸ ਮੌਕੇ ਜ਼ਿਲਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ ਅਤੇ ਸਰਕਾਰ ਨੇ ਕਿਸਾਨਾਂ ਨੂੰ ਖੁਸ਼ਹਾਲ ਕਰਨ ਲਈ ਕ੍ਰਾਂਤੀਕਾਰੀ ਫੈਸਲੇ ਲਏ ਹਨ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਚੰਗੇ ਫੈਸਲੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਰਹਿੰਦ ਖੁਹੰਦ ਨੂੰ ਅੱਗ ਲਗਾਏ ਬਗੈਰ ਨਿਪਟਾਉਣ ਲਈ ਸਰਕਾਰ ਨੇ ਬਹੁਤ ਵੱਡੇ ਪੱਧਰ `ਤੇ ਮਸ਼ੀਨਰੀ ਸਬਸਿਡੀ ਦਿੱਤੀ ਹੈ ਤੇ ਉਨ੍ਹਾਂ ਨੂੰ ਆਸ ਹੈ ਕਿ ਕਿਸਾਨ ਇਸ ਦੀ ਵਰਤੋਂ ਕਰਕੇ ਰਹਿੰਦ ਖੂੰਹਦ ਦਾ ਨਿਪਟਾਰਾ ਕਰਨਗੇ।

ਇਸ ਮੌਕੇ ਸਿਹਤ ਵਿਭਾਗ ਤੋਂ ਆਏ ਡਾ. ਪ੍ਰਭਜੋਤ ਕੌਰ ਕਲਸੀ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਖੇਤਾਂ ਵਿੱਚ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਅੱਗ ਨਾ ਲਗਾਈ ਜਾਵੇ।

ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋਂ ਨੇ ਆਏ ਹੋਏ ਸਮੂਹ ਕਿਸਾਨਾਂ, ਉਚ ਅਧਿਕਾਰੀਆਂ ਅਤੇ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਨਾਲ ਹੀ ਵਿਭਾਗ ਦੀਆਂ ਯੋਜਨਾਵਾਂ ਅਤੇ ਉਪਰਾਲਿਆਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਕਿਸਾਨ ਖੇਤਾਂ ਵਿੱਚ ਅੱਗ ਨਾ ਲਗਾਉਣ ਕਿਉਂਕਿ ਗੁਰੂ ਸਾਹਿਬਾਨ ਨੇ ਵੀ ਮਿੱਟੀ, ਹਵਾ ਤੇ ਪਾਣੀ ਨੂੰ ਬਹੁਤ ਵੱਡਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ 338 ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵੱਖ-ਵੱਖ ਪਿੰਡਾਂ ਵਿੱਚ ਤੈਨਾਤੀ ਕੀਤੀ ਗਈ ਹੈ ਜੋ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਅੱਗ ਲੱਗਣ ਦੀਆਂ ਘਠਨਾਵਾਂ ਨੂੰ ਰੋਕਣਗੇ।

ਇਸ ਮੌਕੇ ਜ਼ਿਲ੍ਹਾ ਸਿਫ਼ਲਾਈ ਅਫ਼ਸਰ ਡਾ. ਅਮਰੀਕ ਸਿੰਘ ਨੇ ਵੀ ਕਿਸਾਨਾਂ ਨਾਲ ਅਹਿਮ ਨੁਕਤੇ ਸਾਂਝੇ ਕੀਤੇ। ਜੰਗਲਾਤ ਵਿਭਾਗ ਵੱਲੋਂ ਇਸ ਮੌਕੇ ਬੂਟਿਆਂ ਦਾ ਲੰਗਰ ਲਗਾਇਆ ਗਿਆ। ਜਦੋਂ ਕਿ ਗਰੀਨਡੇਲ ਪਬਲਿਕ ਸਕੂਲ ਚੀਮਾ ਖੁੱਡੀ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਤੇ ਗਿੱਧਾ ਪੇਸ਼ ਕਰਕੇ ਕਿਸਾਨਾਂ ਨੂੰ ਖੇਤਾਂ ਵਿਚ ਅੱਗ ਨਾ ਲਗਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਮੂਹ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਦਾ ਪ੍ਰਣ ਚੁਕਾਇਆ ਗਿਆ ਅਤੇ ਕਿਸਾਨਾਂ ਨੇ ਵੀ ਦੋਵੇਂ ਹੱਥ ਖੜੇ ਕਰਕੇ ਅੱਗ ਨਾ ਲਗਾਉਣ ਦਾ ਅਹਿਦ ਲਿਆ।

ਨੌਜਵਾਨ ਕਿਸਾਨ ਆਗੂ ਇੰਦਰਪਾਲ ਸਿੰਘ ਬੈਂਸ ਨੇ ਵੀ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਇਸ ਉਪਰਾਲੇ ਵਿੱਚ ਯੋਗਦਾਨ ਦੇਣ।

ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਵਾਤਾਵਰਣ ਨੂੰ ਬਚਾਉਣ ਵਾਲੇ ਤੇ ਵੱਖ ਵੱਖ ਮੱਲਾਂ ਮਾਰਨ ਵਾਲੇ ਅਗਾਹਵਧੂ ਕਿਸਾਨ ਮਨਭਾਵਨ ਸਿੰਘ ਕਾਹਲੋਂ ਅਤੇ ਜਸ਼ਨਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੇ ਫਰਜ ਨਿਭਾਉਂਦਿਆਂ ਖੇਤੀਬਾੜੀ ਅਫਸਰ ਪਰਮਬੀਰ ਸਿੰਘ ਕਾਹਲੋਂ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਖੇਤੀਬਾੜੀ ਅਫਸਰ ਰਵਿੰਦਰ ਸਿੰਘ, ਏ.ਓ ਰਾਜੀਵ ਖੋਖਰ, ਹੀਰਾ ਸਿੰਘ, ਹਰਪਿੰਦਰ ਸਿੰਘ, ਮਨਧੀਰ ਸਿੰਘ. ਡੀ.ਐਸ. ਭੱਟੀ, ਬਲਜਿੰਦਰ ਸਿੰਘ, ਪੀ.ਡੀ ਪ੍ਰਭਜੋਤ ਸਿੰਘ, ਏਡੀ.ਓ ਮਨਜੀਤ ਸਿੰਘ, ਏਈਓ ਮੋਹਨ ਸਿੰਘ ਵਾਹਲਾ, ਏਈਓ ਹਰਮਨਪ੍ਰੀਤ ਸਿੰਘ, ਦੀਪਕ ਭਾਰਦਵਾਜ, ਸਮੇਤ ਇਲਾਕੇ ਦੇ ਉਘੇ ਕਿਸਾਨ, ਖੇਤੀਬਾੜੀ ਵਿਭਾਗ ਦੇ ਵੱਖ ਵੱਖ ਅਧਿਕਾਰੀ ਹਾਜ਼ਰ ਸਨ।

Written By
The Punjab Wire