ਗੁਰਦਾਸਪੁਰ

ਭਾਰਤੀ ਚੋਣ ਕਮਿਸ਼ਨ ਵੱਲੋਂ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ

ਭਾਰਤੀ ਚੋਣ ਕਮਿਸ਼ਨ ਵੱਲੋਂ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ
  • PublishedOctober 1, 2023

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਬਜ਼ੁਰਗ ਵੋਟਰਾਂ ਨੂੰ ਸਨਮਾਨਿਤ ਕੀਤਾ

ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ 80 ਸਾਲ ਤੋਂ ਵੱਧ ਬਜ਼ੁਰਗ ਵੋਟਰਾਂ ਨੂੰ ਸਨਮਾਨਿਤ ਕੀਤਾ ਗਿਆ

ਗੁਰਦਾਸਪੁਰ, 1 ਅਕਤੂਬਰ 2023 ( ਦੀ ਪੰਜਾਬ ਵਾਇਰ )। ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਬਿਰਦ ਆਸ਼ਰਮ ਬੱਬਰੀ (ਨੇੜੇ ਸਿਵਲ ਹਸਪਤਾਲ ਗੁਰਦਾਸਪੁਰ) ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੇ ਬਜ਼ੁਰਗਾਂ ਨੇ ਜੀਵਨ ਭਰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅੱਜ ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਇਨ੍ਹਾਂ ਸਾਰੇ ਬਜ਼ੁਰਗਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 80 ਸਾਲ ਤੋਂ ਵੱਧ ਉਮਰ ਦੇ 31000 ਦੇ ਕਰੀਬ ਵੋਟਰ ਹਨ ਜਿਨ੍ਹਾਂ ਵਿਚ 432 ਵੋਟਰਾਂ ਦੀ ਉਮਰ 100 ਸਾਲ ਤੋਂ ਵੀ ਵੱਧ ਹੈ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਅੱਜ ਬਿਰਦ ਆਸ਼ਰਮ ਵਿੱਚ 80 ਸਾਲ ਤੋਂ ਵੱਧ ਉਮਰ ਦੇ 26 ਬਜ਼ੁਰਗਾਂ ਨੂੰ ਚੋਣ ਕਮਿਸ਼ਨ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰ ਵਿਧਾਨ ਸਭਾ ਹਲਕੇ ਵਿੱਚ ਸੈਕਟਰ ਪੱਧਰ ਅਤੇ ਬੂਥ ਪੱਧਰ ’ਤੇ ਵੀ ਵਿਸ਼ੇਸ਼ ਪ੍ਰੋਗਰਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੂਥ ਪੱਧਰ ’ਤੇ ਹਰੇਕ ਬੀ.ਐੱਲ.ਓ. ਵੱਲੋਂ ਘਰ-ਘਰ ਜਾ ਕੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ ’ਤੇ ਮਾਣ ਹੈ ਜਿਨ੍ਹਾਂ ਨੇ ਹਮੇਸ਼ਾਂ ਹੀ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ।

ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਰਜੀਵ ਸਿੰਘ, ਬਿਰਦ ਆਸ਼ਰਮ ਦੀ ਇੰਚਾਰਜ ਮੈਡਮ ਅਰਪਨਾ ਸ਼ਰਮਾਂ ਅਤੇ ਆਸ਼ਰਮ ਦੇ ਬਜ਼ੁਰਗ ਹਾਜ਼ਰ ਸਨ।

Written By
The Punjab Wire