ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ
ਜਾਗਰੂਕਤਾ ਵੈਨਾਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰਨਗੀਆਂ ਜਾਗਰੂਕ
ਡਿਪਟੀ ਕਮਿਸ਼ਨਰ ਦੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
ਗੁਰਦਾਸਪੁਰ, 3 ਅਕਤੂਬਰ 2023 (ਦੀ ਪੰਜਾਬ ਵਾਇਰ)। ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਜ਼ਿਲ੍ਹੇ ਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਣ ਦੇ ਨਾਲ ਉਨ੍ਹਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨਗੀਆਂ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇਨ੍ਹਾਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਜਾਗਰੂਕਤਾ ਵੈਨਾਂ ਨੂੰ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਤੱਕ ਵੱਖ-ਵੱਖ ਮਾਧਿਅਮਾਂ ਰਾਹੀਂ ਪਹੁੰਚ ਕਰਕੇ ਉਨ੍ਹਾਂ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪਾਂ ਰਾਹੀਂ ਅਤੇ ਲਿਟਰੇਚਰ ਵੰਡ ਕੇ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਓਥੇ ਜ਼ਮੀਨ ਵਿੱਚਲੇ ਖੁਰਾਕੀ ਤੱਤ ਅਤੇ ਮਿੱਤਰ ਜੀਵ ਜੰਤੂ ਵੀ ਨਸ਼ਟ ਹੁੰਦੇ ਹਨ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਕਿਸੇ ਵੀ ਪੱਖ ਤੋਂ ਸਹੀ ਨਹੀਂ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾ ਕੇ ਮਿਸਾਲ ਪੈਦਾ ਕਰਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਉੱਪਰ ਸੰਦ ਮੁਹੱਈਆ ਕਰਵਾਏ ਗਏ ਹਨ ਜਿਸ ਦੀ ਮਦਦ ਨਾਲ ਅਸਾਨੀ ਨਾਲ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਵਿੱਚ ਇੱਕ ਵੀ ਅੱਗ ਲੱਗਣ ਦਾ ਕੇਸ ਸਾਹਮਣੇ ਨਹੀਂ ਆਵੇਗਾ ਉਸ ਪਿੰਡ ਨੂੰ ਇਨਾਮ ਵਜੋਂ ਵਿਸ਼ੇਸ਼ ਵਿਕਾਸ ਪ੍ਰੋਜੈਕਟ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਸਰਕਾਰੀ ਦਫ਼ਤਰਾਂ ਵਿੱਚ ਉਨ੍ਹਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਫ਼ਸਲੀ ਰਹਿੰਦ-ਖੂੰਹਦ ਦੀ ਅੱਗ ਨੂੰ ਰੋਕਣ ਲਈ ਧਾਰਾ 144 ਤਹਿਤ ਪਾਬੰਦੀ ਵੀ ਲਗਾਈ ਗਈ ਹੈ ਅਤੇ ਜੋ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰੇਗਾ ਉਸ ਖ਼ਿਲਾਫ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਹਰ ਪਿੰਡ ਪੱਧਰ ’ਤੇ ਸਰਕਾਰੀ ਅਮਲੇ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੂਚਨਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦਾ ਟੋਲ ਫਰੀ ਨੰਬਰ 1800-180-1852 ਜਾਰੀ ਕੀਤਾ ਗਿਆ ਹੈ ਜਿਸ ਉੱਪਰ ਕਿਸੇ ਵੀ ਸਮੇਂ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਕਿਸਾਨਾਂ ਦੇ ਸਹਿਯੋਗ ਨਾਲ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਉੱਪਰ ਪੂਰੀ ਤਰ੍ਹਾਂ ਕਾਬੂ ਪਾ ਲਵੇਗਾ।