Close

Recent Posts

ਪੰਜਾਬ ਮੁੱਖ ਖ਼ਬਰ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲਿਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲਿਆ
  • PublishedOctober 6, 2023

ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ : ਕਟਾਰੂਚੱਕ

ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ, ਨਾਲੋ-ਨਾਲ ਲਿਫਟਿੰਗ ਤੇ 24 ਘੰਟੇ ਵਿੱਚ ਅਦਾਇਗੀ ਦੇ ਕੀਤੇ ਗਏ ਪੁਖਤਾ ਪ੍ਰਬੰਧ

ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵਾਂਗੇ

ਗੁਰਦਾਸਪੁਰ, 6 ਅਕਤੂਬਰ 2023 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਰਾਜ ਭਰ ਵਿੱਚ 1854 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਗੁਰਦਾਸਪੁਰ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਮੰਡੀਆਂ ਵਿਚ ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਕਾਰ ਵੱਲੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਗਈ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਕੋਲ ਅਕਤੂਬਰ ਮਹੀਨੇ ਵਿੱਚ ਹੀ 37 ਹਜ਼ਾਰ ਕਰੋੜ ਰੁਪਏ ਦੀ ਸੀ.ਸੀ.ਐਲ. ਪ੍ਰਾਪਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਦੀਵਾਲੀ, ਦੁਸ਼ਿਹਰਾ ਤੇ ਵਿਸਾਖੀ ਵਰਗੇ ਅਹਿਮ ਤਿਓਹਾਰਾਂ ਮੌਕੇ ਵੀ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਹੀ ਰਾਤਾਂ ਕੱਟਣੀਆਂ ਪੈਂਦੀਆਂ ਸਨ ਪ੍ਰੰਤੂ ਮਾਨ ਸਰਕਾਰ ਨੇ ਤਹੱਈਆ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰਾਤਾਂ ਨਹੀਂ ਕੱਟਣ ਦੇਵੇਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਫਸਲ ਦੇ ਤੈਅ ਸਮੇਂ ਅੰਦਰ ਅਦਾਇਗੀ ਕਰਨ ਲਈ ਕੀਤੇ ਪ੍ਰਬੰਧਾਂ ਕਰਨ ਹੁਣ ਤੱਕ 85 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਲਿਫਟਿੰਗ ਦੀ ਪ੍ਰਕ੍ਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਲਿਫਟਿੰਗ ਵਾਲੇ ਵਾਹਨਾਂ ’ਤੇ ਜੀ.ਪੀ.ਐਸ. ਟਰੈਕਰ ਵੀ ਲਗਾਏ ਗਏ ਹਨ ਤਾਂ ਜੋ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਥੇ ਉਹ ਖੁਦ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਓਥੇ ਉਨ੍ਹਾਂ ਦੇ ਸਾਥੀ ਮੰਤਰੀ, ਵਿਧਾਇਕ, ਚੇਅਰਮੈਨ, ਰਾਜ ਸਰਕਾਰ ਦੇ ਉੱਚ ਅਧਿਕਾਰੀ ਵੀ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ।

ਉਨ੍ਹਾਂ ਕਿਹਾ ਮੰਡੀਆਂ ਵਿੱਚ ਕਿਸਾਨਾਂ ਨੂੰ ਬਾਸਮਤੀ ਦਾ ਰੇਟ ਵੀ ਸਹੀ ਮਿਲ ਰਿਹਾ ਹੈ ਅਤੇ ਜੇਕਰ ਬਾਸਮਤੀ ਦਾ ਭਾਅ ਡਿੱਗਦਾ ਹੈ ਤਾਂ ਸਰਕਾਰ ਉਸ ਵਿੱਚ ਦਖ਼ਲ ਦੇਵੇਗੀ। ਇਸ ਮੌਕੇ ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਂਦੀ ਜਾਵੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ। ਇਸ ਮੌਕੇ ਸ੍ਰੀ ਕਟਾਰੂਚੱਕ ਨੇ ਮੰਡੀ ਵਿੱਚ ਆਏ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀ ਸ਼ਮਸ਼ੇਰ ਸਿੰਘ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾਂ, ਸ੍ਰੀਮਤੀ ਡੇਜ਼ੀ ਮਹਿਤਾ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ।

Written By
The Punjab Wire