ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਗੁਰਦਾਸਪੁਰ ਵਿੱਚ ‘ਵਾਕਾਥੋਨ’ ਦਾ ਆਯੋਜਿਨ
ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ ਸਿਵਲ, ਪੁਲਿਸ ਅਧਿਕਾਰੀ, ਵਕੀਲ, ਸਕੂਲੀ ਵਿਦਿਆਰਥੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ‘ਵਾਕਾਥੋਨ’ ਵਿੱਚ ਸ਼ਾਮਲ ਹੋਏ
ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਹੰਭਲਾ ਮਾਰਨ ਦੀ ਜ਼ਰੂਰਤ – ਜ਼ਿਲ੍ਹਾ ਤੇ ਸੈਸ਼ਨ ਜੱਜ
ਗੁਰਦਾਸਪੁਰ, 7 ਅਕਤੂਬਰ 2023 (ਦੀ ਪੰਜਾਬ ਵਾਇਰ)। ਮਾਣਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਅਨੁਸਾਰ 1 ਅਕਤੂਬਰ ਤੋਂ 31 ਅਕਤੂਬਰ 2023 ਤੱਕ ਚਲਾਈ ਜਾ ਰਹੀ ‘ਨਸ਼ਾ ਵਿਰੋਧੀ ਮੁਹਿੰਮ’ ਤਹਿਤ ਅੱਜ ਸਵੇਰੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ‘ਵਾਕਾਥਨ’ ਦਾ ਆਯੋਜਨ ਕੀਤਾ ਗਿਆ।
ਇਸ ਵਾਕਾਥਨ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਸੁਮਿਤ ਭੱਲਾ ਸਮੇਤ ਹੋਰ ਜੂਡੀਸ਼ੀਅਲ ਅਧਿਕਾਰੀ, ਬਾਰ ਐਸੋਸੀਏਸ਼ਨ ਦੇ ਮੈਂਬਰ, ਸਕੂਲੀ ਵਿਦਿਆਰਥੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਏ।
ਇਹ ਵਾਕਾਥਨ ਫਿਸ਼ ਪਾਰਕ ਤੋਂ ਸ਼ੁਰੂ ਹੋ ਕੇ ਲਿਟਲ ਫਲਾਵਰ ਸਕੂਲ, ਗੁਰੂ ਰਵਿਦਾਸ ਚੌਂਕ ਰਾਹੀਂ ਜੇਲ੍ਹ ਰੋਡ, ਗੁਰੂ ਨਾਨਕ ਪਾਰਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰਾਹੀਂ ਹੁੰਦੀ ਹੋਈ ਪੰਚਾਇਤ ਭਵਨ ਵਿਖੇ ਪਹੁੰਚ ਕੇ ਸਮਾਪਤ ਹੋਈ। ਵਾਕਾਥੋਨ ਵਿੱਚ ਭਾਗ ਲੈ ਰਹੇ ਜੂਡੀਸ਼ੀਅਲ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਜਵਾਨਾਂ, ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਸਕੂਲੀ ਵਿਦਿਆਰਥੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸਮਾਜ ਵਿਚੋਂ ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਦਾ ਹੋਕਾ ਦਿੱਤਾ।
ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਕਿਹਾ ਕਿ ਨਸ਼ਿਆਂ ਦਾ ਪਸਾਰ ਕਿਸੇ ਵੀ ਸਮਾਜ ਲਈ ਬੇਹੱਦ ਖ਼ਤਰਨਾਕ ਹੁੰਦਾ ਹੈ ਅਤੇ ਇਸ ਬੁਰਾਈ ਨੂੰ ਰੋਕਣ ਤੇ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਅਨੁਸਾਰ 1 ਅਕਤੂਬਰ ਤੋਂ 31 ਅਕਤੂਬਰ 2023 ਤੱਕ ਚਲਾਈ ਜਾ ਰਹੀ ਹੈ ਜਿਸ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਮੀਨਾਰ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਹ ਵਾਕਾਥੋਨ ਵੀ ਇਸੇ ਲੜੀ ਤਹਿਤ ਕਰਵਾਈ ਕੀਤੀ ਗਈ ਹੈ।
ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਭਾਗ ਲੈਣ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਦੇ ਸ਼ਿਕਾਰ ਵਿਅਕਤੀਆਂ ਦਾ ਨਸ਼ਾ ਛੁਡਾਉਣ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਵੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਖ਼ਿਲਾਫ ਉੱਠ ਖੜ੍ਹੇ ਹੋਣ ਅਤੇ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਅਤੇ ਪੁਿਲਸ ਵਿਭਾਗ ਦੇ ਵਟਸਐਪ ਹੈਲਪ ਲਾਈਨ ਨੰਬਰ 78145-45950 ’ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਸੂਚਨਾ ਦੇਣ ਵਾਲੇ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।