ਸਿਹਤ ਗੁਰਦਾਸਪੁਰ

ਚੇਅਰਮੈਨ ਰਮਨ ਬਹਿਲ ਨੇ ਆਮ ਆਦਮੀ ਕਲੀਨਿਕਾਂ ’ਚ ਨਵ-ਨਿਯੁਕਤ 21 ਕਲੀਨਿਕਲ ਅਸਿਸਟੇਂਟਸ ਨੂੰ ਨਿਯੁਕਤੀ ਪੱਤਰ ਵੰਡੇ

ਚੇਅਰਮੈਨ ਰਮਨ ਬਹਿਲ ਨੇ ਆਮ ਆਦਮੀ ਕਲੀਨਿਕਾਂ ’ਚ ਨਵ-ਨਿਯੁਕਤ 21 ਕਲੀਨਿਕਲ ਅਸਿਸਟੇਂਟਸ ਨੂੰ ਨਿਯੁਕਤੀ ਪੱਤਰ ਵੰਡੇ
  • PublishedOctober 7, 2023

ਮਾਨ ਸਰਕਾਰ ਨੇ ਯੋਗਤਾ ਅਨੁਸਾਰ ਮੈਰਿਟ ’ਤੇ ਨੌਜਵਾਨਾਂ ਨੂੰ ਨੌਂਕਰੀਆਂ ਦਿੱਤੀਆਂ ਰਮਨ ਬਹਿਲ

ਗੁਰਦਾਸਪੁਰ, 7 ਅਕਤੂਬਰ 2023 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਪੂਰੀ ਮੈਰਿਟ ਦੇ ਅਧਾਰ ’ਤੇ ਨੌਂਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਮਾਨ ਸਰਕਾਰ ਨੇ ਪਿਛਲੇ ਡੇਡ ਸਾਲ ਵਿੱਚ 35000 ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਂਕਰੀਆਂ ਦਿੱਤੀਆਂ ਹਨ।

ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਸੂਬਾ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ’ਚ ਨਿਯੁਕਤ ਕੀਤੇ ਗਏ 21 ਕਲੀਨਿਕਲ ਅਸਿਸਟੇਂਟਸ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਦਿਆਂ ਜਿਥੇ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਜਾ ਰਿਹਾ ਹੈ ਓਥੇ ਕਾਬਲ ਸਿਹਤ ਅਮਲੇ ਨੂੰ ਭਰਤੀ ਕਰਕੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਾਹਿਰਾਂ ਡਾਕਟਰਾਂ ਦੇ ਨਾਲ ਕਲੀਨਿਕਲ ਅਸਿਸਟੇਂਟਸ ਅਤੇ ਹੋਰ ਸਿਹਤ ਅਮਲੇ ਦੀ ਤਾਇਨਾਤੀ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਅੱਜ 21 ਕਲੀਨਿਕਲ ਅਸਿਸਟੇਂਟ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਜਦਕਿ ਬਾਕੀ ਨਿਯੁਕਤ ਹੋਏ ਨੌਜਵਾਨ ਲੜਕੇ-ਲੜਕੀਆਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਅਤੇ ਬਾਕੀ ਹੋਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡਾਕਟਰਾਂ ਅਤੇ ਹੋਰ ਸਟਾਫ਼ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਨਵ-ਨਿਯੁਕਤ 21 ਕਲੀਨਿਕਲ ਅਸਿਸਟੇਂਟਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਬੜੇ ਭਾਗਾਂ ਵਾਲੇ ਹਨ ਜੋ ਉਨ੍ਹਾਂ ਨੂੰ ਸਰਕਾਰੀ ਖੇਤਰ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ।

ਇਸ ਮੌਕੇ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਡੀ.ਐੱਮ.ਸੀ. ਡਾ. ਰੋਮੀ ਰਾਜਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤੇਜਿੰਦਰ ਕੌਰ, ਡੀ.ਪੀ.ਐੱਮ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਮਾਸ ਮੀਡੀਆ ਅਫਸਰ ਗੁਰਿੰਦਰ ਕੌਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire