Close

Recent Posts

ਗੁਰਦਾਸਪੁਰ

ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਅਗਲੀਆਂ ਫ਼ਸਲਾਂ ਦੀ ਬਿਜਾਈ ਕੀਤੀ ਜਾਵੇ ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਅਗਲੀਆਂ ਫ਼ਸਲਾਂ ਦੀ ਬਿਜਾਈ ਕੀਤੀ ਜਾਵੇ ਮੁੱਖ ਖੇਤੀਬਾੜੀ ਅਫ਼ਸਰ
  • PublishedOctober 7, 2023

ਜ਼ਿਲ੍ਹਾ ਵਾਸੀ ਪਰਾਲੀ ਨੂੰ ਅੱਗ ਲੱਗਣ ਦੀ ਸੂਚਨਾ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਦੇਣ

ਗੁਰਦਾਸਪੁਰ, 7 ਅਕਤੂਬਰ 2023 (ਦੀ ਪੰਜਾਬ ਵਾਇਰ )। ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤੀ ਸੰਦਾਂ ਨਾਲ ਬੜੀ ਅਸਾਨੀ ਨਾਲ ਪਰਾਲੀ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ ਅਤੇ ਬਿਨ੍ਹਾਂ ਅੱਗ ਲਗਾਏ ਪਰਾਲੀ ਨੂੰ ਖੇਤਾਂ ਵਿੱਚ ਮਿਲਾ ਕੇ ਕਣਕ ਸਮੇਤ ਹੋਰ ਫਸਲਾਂ ਦੀ ਬਿਜਾਈ ਕੀਤੀ ਜਾ ਰਹੀ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੀ.ਆਰ.ਐੱਮ ਸਕੀਮ ਅਧੀਨ ਜਾਗਰੁਕਤਾ ਵੈਨਾਂ ਰਾਹੀਂ ਵੀ ਕਿਸਾਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ ਹਾਟ ਸਪਾਟ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਹਿੱਤ ਕਿਸਾਨ ਜਾਗਰੁਕਤਾ ਕੈਂਪ ਲਗਾਏ ਜਾ ਰਹੇ ਅਤੇ ਸਕੂਲਾਂ ਵਿੱਚ ਮੋਰਨਿੰਗ ਅਸੈਂਮਬਲੀ ਵਿੱਚ ਬੱਚਿਆਂ ਨੂੰ ਵੀ ਪਰਾਲੀ ਦੀ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ ਤਾਂ ਜੋ ਉਹ ਘਰ ਜਾ ਕੇ ਆਪਣੇ ਮਾਪਿਆਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕਰ ਸਕਣ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ 300 ਤੋਂ ਵੱਧ ਅਧਿਕਾਰੀ ਤੇ ਕਰਮਚਾਰੀ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੇ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਿੰਡ ਜਾਂ ਆਸ-ਪਾਸ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਦੀ ਹੈ ਤਾਂ ਉਹ ਇਸਦੀ ਜਾਣਕਾਰੀ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਦੇਣ ਤਾਂ ਜੋ ਉਸ ਅੱਗ ਨੂੰ ਬੁਝਾਇਆ ਜਾ ਸਕੇ।

Written By
The Punjab Wire