ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਬਜਾਏ ‘ਆਪ’ ਮੌਜੂਦਾ ਨੌਕਰੀਆਂ ਖੋਹਣ ‘ਤੇ ਤੁਲੀ ਹੋਈ ਹੈ: ਵਿਰੋਧੀ ਧਿਰ ਦੇ ਆਗੂ
ਚੰਡੀਗੜ੍ਹ, 12 ਅਕਤੂਬਰ 2023 (ਦੀ ਪੰਜਾਬ ਵਾਇਰ)। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ ਦੇ ਕਰੀਬ 100 ਕਰਮਚਾਰੀਆਂ ਦੀ ਛਾਂਟੀ ਦਾ ਨੋਟਿਸ ਜਾਰੀ ਕਰਨ ‘ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਧੋਖਾਧੜੀ ਦਾ ਅੰਦਾਜ਼ਾ ਅਜਿਹੇ ਉਦਾਸੀਨ ਰਵੱਈਏ ਤੋਂ ਲਗਾਇਆ ਜਾ ਸਕਦਾ ਹੈ। ਬਾਜਵਾ ਨੇ ਕਿਹਾ ਕਿ ਜਿਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਅਤੇ ਬੇਰੁਜ਼ਗਾਰੀ ਤੋਂ ਛੁਟਕਾਰਾ ਦਿਵਾਉਣ ਦੇ ਵਾਅਦੇ ਨਾਲ ਸੱਤਾ ਹਾਸਲ ਕੀਤੀ, ਉਹ ਹੁਣ ਇਸ ਇੰਜੀਨੀਅਰਿੰਗ ਇੰਸਟੀਚਿਊਟ ਦੇ ਲਗਭਗ 100 ਕਰਮਚਾਰੀਆਂ ਦੀਆਂ ਨੌਕਰੀਆਂ ਖੋਹਣ ‘ਤੇ ਤੁਲੀ ਹੋਈ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਨਾ ਸਿਰਫ ਛਾਂਟੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਲਕਿ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਕੋਈ ਹੋਰ ਵਿਕਲਪ ਨਾ ਬਚਣ ਕਾਰਨ, ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਅਤੇ ਕੁਝ ਗੈਰ-ਸਰਕਾਰੀ ਸੰਗਠਨ ਅਤੇ ਕਿਸਾਨ ਯੂਨੀਅਨਾਂ ਵੀ ਉਨ੍ਹਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋ ਗਈਆਂ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਹੀ ਸੂਬੇ ਦੇ ਨਾਗਰਿਕਾਂ ਦੀ ਬਹੁਤੀ ਪਰਵਾਹ ਨਹੀਂ ਕਰਦੇ। ਕੀ ਇਹ ਉਸ ਕਿਸਮ ਦਾ ਵਿਕਾਸ ਮਾਡਲ ਹੈ ਜਿਸ ਦਾ ਉਨ੍ਹਾਂ ਨੇ ਵਾਅਦਾ ਕੀਤਾ ਸੀ? ਬਾਜਵਾ ਨੇ ਕਿਹਾ ਕਿ 100 ਮੁਲਾਜ਼ਮਾਂ ਦੀ ਛਾਂਟੀ ਕਰਨ ਦੇ ਅਜਿਹੇ ਸਖ਼ਤ ਫੈਸਲੇ ਨਾਲ ‘ਆਪ’ ਸਰਕਾਰ ਦੀ ਲੋਕ ਵਿਰੋਧੀ ਚੇਹਿਰੇ ਦਾ ਪਰਦਾਫਾਸ਼ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਬੀਐਚਐਸਬੀਆਈਈਟੀ ਦੇ ਕਰਮਚਾਰੀਆਂ ਨਾਲ ਇਕਜੁੱਟਤਾ ਨਾਲ ਖੜ੍ਹੀ ਹੈ ਅਤੇ ਲੋੜ ਪੈਣ ‘ਤੇ ਉਨ੍ਹਾਂ ਦੇ ਸੰਘਰਸ਼ ਵਿਚ ਸ਼ਾਮਲ ਹੋਣ ਤੋਂ ਪਿੱਛੇ ਨਹੀਂ ਹਟੇਗੀ। ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ‘ਤੇ ਇਸ ਤਾਨਾਸ਼ਾਹੀ ਨੋਟਿਸ ਨੂੰ ਵਾਪਸ ਲੈਣ ਲਈ ਦਬਾਅ ਪਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।