ਭਗਵੰਤ ਮਾਨ ਸਰਕਾਰ ਨੇ ਮਹਿਜ਼ 18 ਮਹੀਨਿਆਂ ਵਿੱਚ ਨੌਜਵਾਨਾਂ ਨੂੰ 37100 ਸਰਕਾਰੀ ਨੌਕਰੀਆਂ ਦਿੱਤੀਆਂ

ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਭਾਈਵਾਲ ਬਣਾ ਕੇ ਨਵੀਂ ਕ੍ਰਾਂਤੀ ਦਾ ਮੁੱਢ ਬੰਨ੍ਹਿਆ

ਮੈਰਿਟ ਅਤੇ ਪਾਰਦਰਸ਼ਤਾ ਨਾਲ ਭਰਤੀ ਹੋਣ ਕਰਕੇ ਵਿਦੇਸ਼ਾਂ ਤੋਂ ਨੌਜਵਾਨ ਦੀ ਵਤਨ ਵਾਪਸੀ ਦਾ ਦੌਰ ਸ਼ੁਰੂ ਹੋਇਆ

ਨੌਜਵਾਨਾਂ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਹਿਯੋਗ ਦੇਣ ਦਾ ਸੱਦਾ

ਚੰਡੀਗੜ੍ਹ, 15 ਅਕਤੂਬਰ 2023 (ਦੀ ਪੰਜਾਬ ਵਾਇਰ))। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਅੱਜ ਇੱਥੇ ਮਿਊਂਸਪਲ ਭਵਨ ਵਿਖੇ ਗ੍ਰਹਿ ਮਾਮਲੇ, ਟਰਾਂਸਪੋਰਟ ਅਤੇ ਮਾਲ ਵਿਭਾਗਾਂ ਦੇ ਨਵੇਂ ਭਰਤੀ ਹੋਏ 304 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸ਼ੁਰੂਆਤ ਵਿੱਚ ਪਹਿਲੇ ਨਵਰਾਤੇ ਦੇ ਪਵਿੱਤਰ ਮੌਕੇ ਦੀ ਲੋਕਾਂ ਨੂੰ ਵਧਾਈ ਦਿੱਤੀ। ਨਵੇਂ ਭਰਤੀ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਇਕ ਇਤਿਹਾਸਕ ਮੌਕਾ ਹੈ ਕਿਉਂਕਿ ਨੌਜਵਾਨ ਹੁਣ ਰਸਮੀ ਤੌਰ ਉਤੇ ਸੂਬਾ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਗਏ ਹਨ। ਭਗਵੰਤ ਸਿੰਘ ਮਾਨ ਨੇ ਇਸ ਵਿਲੱਖਣ ਪ੍ਰਾਪਤੀ ਲਈ ਇਨ੍ਹਾਂ ਉਮੀਦਵਾਰਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਕਿਉਂਕਿ ਉਹ ਸਖ਼ਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਕਾਮਯਾਬ ਹੋਏ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁਢਲੇ ਫਰਜ਼ ਨੂੰ ਨਿਭਾਉਣ ਦੇ ਨਾਲ-ਨਾਲ ਹਮੇਸ਼ਾ ਹੀ ਦੇਸ਼ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਦਲਦੇ ਹਾਲਤਾਂ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਆਧੁਨਿਕੀਕਰਨ ਹੋਣਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇੱਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਗੁਆਚ ਰਹੀਆਂ ਕਈ ਕੀਮਤੀ ਜਾਨਾਂ ਨੂੰ ਬਚਾਉਣ ਲਈ ਇੱਕ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ ਨੂੰ ਰੋਕਣ ਅਤੇ ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਸੜਕ ਹਾਦਸਿਆਂ ਦੀ ਰੋਕਥਾਮ ਦਾ ਕੰਮ ਸੌਂਪਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਅਤਿ ਆਧੁਨਿਕ ਯੰਤਰਾਂ ਨਾਲ ਲੈਸ 144 ਵਾਹਨਾਂ ਹਰ 30 ਕਿਲੋਮੀਟਰ ਬਾਅਦ ਸੜਕਾਂ ‘ਤੇ ਤਾਇਨਾਤ ਕੀਤੇ ਜਾਣਗੇ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਮੈਡੀਕਲ ਕਿੱਟ ਵੀ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਐਲਾਨ ਕਰਦਿਆਂ ਬਹੁਤ ਮਾਣ ਅਤੇ ਤਸੱਲੀ ਹੋ ਰਹੀ ਹੈ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਨਾਲ ਲਗਦੇ ‘ਕੱਚੇ’ ਸ਼ਬਦ ਨੂੰ ਖਤਮ ਕਰਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਪਾਰ ਕਰਦਿਆਂ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰੈਗੂਲਰ ਹੋਣ ਨਾਲ ਇਨ੍ਹਾਂ ਅਧਿਆਪਕਾਂ ਨੂੰ ਛੁੱਟੀਆਂ ਸਮੇਤ ਹੋਰ ਲਾਭ ਦੇ ਨਾਲ-ਨਾਲ ਤਨਖਾਹਾਂ ਵਿੱਚ ਪੰਜ ਫੀਸਦੀ ਦਾ ਸਾਲਾਨਾ ਵਾਧਾ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਜਾਣਗੀਆਂ, ਜਿਸ ਲਈ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਖਾਸ ਕਰਕੇ ਸਰਕਾਰੀ ਖੇਤਰ ਵਿੱਚ ਭਰਤੀਆਂ ਮੌਕੇ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ। ਉਨ੍ਹਾਂ ਕਿਹਾ ਕਿ ਰਸੂਖਵਾਨ ਲੋਕ ਖੁਦ ਹੀ ਇਨ੍ਹਾਂ ਪ੍ਰੀਖਿਆਵਾਂ ਦੇ ਪੇਪਰ ਲੀਕ ਕਰਵਾ ਕੇ ਮੋਟੀਆਂ ਰਕਮਾਂ ਲੈ ਕੇ ਅਯੋਗ ਵਿਅਕਤੀਆਂ ਦੇ ਪਿਛਲੇ ਦਰਵਾਜ਼ੇ ਰਾਹੀਂ ਦਾਖ਼ਲੇ ਕਰਵਾਉਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾੜੀ ਪ੍ਰਥਾ ਨੂੰ ਖ਼ਤਮ ਕੀਤਾ ਹੈ ਅਤੇ ਹੁਣ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਪਰਵਾਸ ਦੇ ਰੁਝਾਨ ਦਾ ਪੁੱਠਾ ਗੇੜ ਸ਼ੁਰੂ ਹੋ ਗਿਆ ਹੈ ਕਿਉਂਕਿ ਜੋ ਨੌਜਵਾਨ ਰੋਜ਼ਗਾਰ ਲਈ ਵਿਦੇਸ਼ ਗਏ ਸਨ, ਉਹ ਹੁਣ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਾਪਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ ਜਿਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇ ਕੇ ਉਨ੍ਹਾਂ ਦੇ ਵੱਧ ਅਧਿਕਾਰਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਵੱਕਾਰੀ ਅਹੁਦਿਆਂ ‘ਤੇ ਸੇਵਾ ਨਿਭਾਉਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ਦੇ ਕਾਬਲ ਬਣਾ ਕੇ ਦੇਸ਼ ਦੀ ਸੇਵਾ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰਨ ਅਤੇ ਉਨ੍ਹਾਂ ਦੀ ਖੱਜਲ-ਖੁਆਰੀ ਦੀ ਬਜਾਏ ਇਨਸਾਫ ਦਿਵਾਉਣ ਲਈ ਸਮਝਦਾਰੀ ਅਤੇ ਦਿਆਨਦਾਰੀ ਨਾਲ ਡਿਊਟੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਸੂਬੇ ਦੇ ਵਿਕਾਸ ਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ।
ਇਸ ਮੌਕੇ ਮਾਲ ਮੰਤਰੀ ਮੰਤਰੀ ਬ੍ਰਮ ਸ਼ੰਕਰ ਜਿੰਪਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਡੀ.ਜੀ.ਪੀ. ਗੌਰਵ ਯਾਦਵ,ਵਿੱਤ ਕਮਿਸ਼ਨਰ (ਮਾਲ) ਕੇ.ਏ.ਪੀ. ਸਿਨਹਾ, ਸਕੱਤਰ ਗ੍ਰਹਿ ਗੁਰਕਿਰਤ ਕ੍ਰਿਪਾਲ ਸਿੰਘ, ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Exit mobile version