ਬਜ਼ੁਰਗਾਂ ਦਾ ਮਾਣ-ਸਨਾਮਨ ਬਹਾਲ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾਣਗੇ – ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂ
ਗੁਰਦਾਸਪੁਰ, 1 ਨਵੰਬਰ 2023 (ਦੀ ਪੰਜਾਬ ਵਾਇਰ )। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀਨੀਅਰ ਸੀਟੀਜ਼ਨ ਦੀ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਅੱਜ ਬਿਰਦ ਆਸ਼ਰਮ ਬੱਬਰੀ (ਨੇੜੇ ਸਿਵਲ ਹਸਪਤਾਲ) ਗੁਰਦਾਸਪੁਰ ਵਿਖੇ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ ਗਈ।
ਇਸ ਜ਼ਿਲ੍ਹਾ ਪੱਧਰੀ ਕੈਂਪ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਬਜ਼ੁਰਗ ਸਾਡਾ ਮਾਣ ਹਨ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਬਜ਼ੁਰਗ ਦੇ ਮਾਣ-ਸਨਮਾਨ ਨੂੰ ਬਹਾਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਆਪਣੇ ਅਧਿਕਾਰਾਂ ਦੀ ਜਾਣਕਾਰੀ ਜ਼ਰੂਰ ਹੋਣੀ ਚਾਹੀਦੀ ਹੈ। ਉਨ੍ਹਾਂ ਸੀਨੀਅਰ ਸਿਟੀਜ਼ਨ ਐਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਬੱਚਾ ਆਪਣੇ ਬਜ਼ੁਰਗਾਂ ਦੀ ਸੇਵਾ-ਸੰਭਾਲ ਨਹੀਂ ਕਰਦਾ ਤਾਂ ਉਹ ਬਜ਼ੁਰਗ ਡਿਪਟੀ ਕਮਿਸ਼ਨਰ ਦਫ਼ਤਰ, ਏ.ਡੀ.ਸੀ. ਦਫ਼ਤਰ ਜਾਂ ਐੱਸ.ਡੀ.ਐੱਮ. ਦਫ਼ਤਰ ਵਿੱਚ ਇਸਦੀ ਸ਼ਿਕਾਇਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਂਵੇ ਬਜ਼ੁਰਗਾਂ ਨੇ ਆਪਣੀ ਜਾਇਦਾਦ ਆਪਣੀ ਔਲਾਦ ਦੇ ਨਾਮ ਵੀ ਕਿਉਂ ਨਾ ਕਰ ਦਿੱਤੀ ਹੋਵੇ, ਉਹ ਜਾਇਦਾਦ ਵੀ ਸੀਨੀਅਰ ਸਿਟੀਜ਼ਨ ਐਕਟ ਤਹਿਤ ਮਾਪੇ ਆਪਣੀ ਔਲਾਦ ਤੋਂ ਵਾਪਸ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਸਾਰੇ ਯੋਗ ਬਜ਼ੁਰਗਾਂ ਨੂੰ ਕਿਹਾ ਕਿ ਉਹ ਆਪਣੀ ਬੁਢਾਪਾ ਪੈਨਸ਼ਨ ਜ਼ਰੂਰ ਲਗਾਉਣ। ਇਸਤੋਂ ਇਲਾਵਾ ਸਾਰੇ ਯੋਗ ਲਾਭਪਾਤਰੀ ਆਪਣੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾਉਣ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ 60 ਸਾਲ ਦੀ ਉਮਰ ਤੋਂ ਉੱਪਰ ਸਾਰੇ ਬਜ਼ੁਰਗਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਹਿਲ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ, ਮੁਸ਼ਕਲਾਂ ਪਹਿਲ ਦੇ ਅਧਾਰ ’ਤੇ ਸੁਣੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ ਨੇ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਲਈ ਚਲਾਈ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬਜ਼ੁਰਗਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਅੱਖਾਂ ਦੀਆਂ ਐਨਕਾਂ ਵੀ ਮੁਫ਼ਤ ਵੰਡੀਆਂ ਗਈਆਂ। ਕੈਂਪ ਦੌਰਾਨ ਯੋਗ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ ਵੀ ਲਗਾਈ ਗਈ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ, ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਸੀ.ਡੀ.ਪੀ.ਓ. ਵਰਿੰਦਰ ਸਿੰਘ ਗਿੱਲ, ਉੱਘੇ ਸਮਾਜ ਸੇਵੀ ਸ੍ਰੀ ਰੋਮੇਸ਼ ਮਹਾਜਨ, ਬਿਰਦ ਆਸ਼ਰਮ ਦੀ ਸੰਚਾਲਕ ਮੈਡਮ ਅਰਪਨਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਬਜ਼ੁਰਗ ਹਾਜ਼ਰ ਸਨ।