ਗੁਰਦਾਸਪੁਰ ਦੇਸ਼ ਪੰਜਾਬ

ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਦਿਸ਼ਾ ਤਹਿਤ ਮੀਟਿੰਗ ਵਿਚ ਕੇਂਦਰੀ ਸਕੀਮਾਂ ਦੀ ਕੀਤੀ ਸਮੀਖਿਆ

ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਦਿਸ਼ਾ ਤਹਿਤ ਮੀਟਿੰਗ ਵਿਚ ਕੇਂਦਰੀ ਸਕੀਮਾਂ ਦੀ ਕੀਤੀ ਸਮੀਖਿਆ
  • PublishedNovember 3, 2023

ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਅਤੇ ਵਿਸ਼ਵਕਰਮਾ ਯੋਜਨਾ ਉੱਪਰ ਹੋਰ ਗੰਭੀਰਤਾ ਨਾਲ ਕੰਮ ਕਰਨ ਦੀ ਹਦਾਇਤ

ਗੁਰਦਾਸਪੁਰ, 3 ਨਵੰਬਰ 2023 (ਦੀ ਪੰਜਾਬ ਵਾਇਰ ) । ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਲੋਕ ਹਿੱਤ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜ ਤੈਅ ਸਮੇਂ ਵਿਚ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਉਨ੍ਹਾਂ ਦਾ ਲਾਭ ਸਮੇਂ ਸਿਰ ਮਿਲ ਸਕੇ। ਉਹ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਜਾਇਜ਼ਾ ਲੈ ਰਹੇ ਸਨ।

ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਮੁਕੇਰੀਆਂ ਜੰਗੀ ਲਾਲ ਮਹਾਜਨ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਭਾਸ਼ ਚੰਦਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਰਵਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਅਤੇ ਦਿਸ਼ਾ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਸਬੰਧਤ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਅਤੇ ਵਿਸ਼ਵਕਰਮਾ ਯੋਜਨਾ ’ਤੇ ਹੋਰ ਗੰਭੀਰਤਾ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਐਮ.ਪੀ ਲੈਡ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ ਅਤੇ ਸ਼ਹਿਰੀ), ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਖੇਤੀਬਾੜੀ ਸਿੰਚਾਈ ਯੋਜਨਾ, ਸਮੱਗਰ ਸਿੱਖਿਆ ਅਭਿਆਨ, ਨਿਰਮਾਣ ਯੋਜਨਾ, ਮੈਡੀਕਲ ਕਾਲਜ, ਜਨਨੀ ਸੁਰੱਖਿਆ ਯੋਜਨਾ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਮਿਸ਼ਨ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਸਮਾਜਿਕ ਸੁਰੱਖਿਆ ਯੋਜਨਾਵਾਂ, ਮਨਰੇਗਾ, ਪੀ.ਐੱਮ.ਕੇ.ਵੀ.ਵਾਈ, ਬੀ.ਐੱਸ.ਐੱਨ.ਐੱਲ. ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਅਤੇ ਵਿਸ਼ਵਕਰਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਤਾਂ ਜੋ ਰੇਹੜੀ, ਫੜੀ ਵਾਲੇ ਅਤੇ ਹੁਨਰਮੰਦ ਵਿਅਕਤੀ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਕੇ ਆਪਣੀ ਰੋਜ਼ੀ-ਰੋਟੀ ਕਮਾ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਕਿੱਲ ਡਿਵੈਲਪਮੈਂਟ ਦੀ ਸਿਖਲਾਈ ਦੇ ਕੇ ਉਨ੍ਹਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਸਵੈ ਰੁਜ਼ਗਾਰ ਸਕੀਮ ਤਹਿਤ ਬੈਂਕਾਂ ਤੋਂ ਸਬਸਿਡੀ ਲਈ ਕਰਜ਼ੇ ਦੁਆਏ ਜਾਣ।

ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਨਿਰਮਾਣ ਕਾਰਜਾਂ ਵਿਚ ਹੋਰ ਵੀ ਗੰਭੀਰਤਾ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸ਼ੁਰੂ ਕੀਤੇ ਕੰਮਾਂ ਨੂੰ ਜਲਦੀ ਮੁਕੰਮਲ ਕਰਕੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੂੰ ਭਰੋਸਾ ਦਿਵਾਇਆ ਕਿ ਐਮ.ਪੀ ਲੈਡ ਫੰਡ ਅਤੇ ਹੋਰ ਕੇਂਦਰੀ ਸਕੀਮਾਂ ਤਹਿਤ ਜ਼ਿਲ੍ਹੇ ਵਿਚ ਸ਼ੁਰੂ ਹੋਏ ਵਿਕਾਸ ਕਾਰਜਾਂ ਨੂੰ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੇਂਦਰੀ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਸਬੰਧਤ ਵਿਭਾਗਾਂ ਤੋਂ ਇਨ੍ਹਾਂ ਸਕੀਮਾਂ ਦੀ ਲਗਾਤਾਰ ਸਮੀਖਿਆ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਵਿਭਾਗਾਂ ਨੂੰ ਸ਼ੁਰੂ ਕੀਤੇ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚਾੜ੍ਹਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।    

Written By
The Punjab Wire