ਸੰਗਰੂਰ, 6 ਨਵੰਬਰ 2023 (ਦੀ ਪੰਜਾਬ ਵਾਇਰ)। ਸੰਗਰੂਰ ਦੀ ਅਮਰਗੜ੍ਹ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪਿਛਲੇ ਸਾਲ ਈਡੀ ਨੇ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਮਾਜਰਾ ਤੋਂ ਜਲੰਧਰ ਦੇ ਈਡੀ ਦਫ਼ਤਰ ਵਿੱਚ ਪਿਛਲੇ ਇੱਕ ਘੰਟੇ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਭਾਰੀ ਸੁਰੱਖਿਆ ਦਰਮਿਆਨ ਜਲੰਧਰ ਦਫ਼ਤਰ ਲਿਆਂਦਾ ਗਿਆ। ਦੱਸਿਆ ਗਿਆ ਹੈ ਕਿ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਉਸ ਦੌਰਾਨ ਈਡੀ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਆਪਣੇ ਨਾਲ ਲੈ ਗਈ। ਜਲੰਧਰ ਈਡੀ ਦਫ਼ਤਰ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ। ਸੁਰੱਖਿਆ ਲਈ ਮੌਕੇ ‘ਤੇ ਪੁਲਿਸ ਟੀਮ ਵੀ ਤਾਇਨਾਤ ਕੀਤੀ ਗਈ ਹੈ।
ਵਿਧਾਇਕ ਜਸਵੰਤ ‘ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ। ਏਜੰਸੀ ਪਹਿਲਾਂ ਵੀ ਕਈ ਵਾਰ ਜਾਂਚ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਈਡੀ ਨੇ ਸਤੰਬਰ ਮਹੀਨੇ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ ਸੀ। ਈਡੀ ਦੇ ਅਧਿਕਾਰੀਆਂ ਨੇ ਕਰੀਬ 14 ਘੰਟੇ ਤੱਕ ਉਸ ਦੇ ਘਰ ਦੀ ਤਲਾਸ਼ੀ ਲਈ। ਸੂਤਰਾਂ ਮੁਤਾਬਕ ਮਾਜਰਾ ਨੂੰ ਪਹਿਲਾਂ ਈਡੀ ਨੇ ਪੁੱਛਗਿੱਛ ਲਈ ਹੀ ਬੁਲਾਇਆ ਸੀ। ਪਰ ਸੋਮਵਾਰ ਨੂੰ ਈਡੀ ਨੇ ਉਸਨੂੰ ਅਚਾਨਕ ਹਿਰਾਸਤ ਵਿੱਚ ਲੈ ਲਿਆ।