ਗੁਰਦਾਸਪੁਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ‘ਅਬਾਦ ਸਿੱਖਿਆ’ ਤਹਿਤ ਮੁੱਢਲੀ ਸਹਾਇਤਾ ਦੀ ਸਿਖਲਾਈ ਦੇਣ ਦੇ ਪ੍ਰੋਗਰਾਮ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ‘ਅਬਾਦ ਸਿੱਖਿਆ’ ਤਹਿਤ ਮੁੱਢਲੀ ਸਹਾਇਤਾ ਦੀ ਸਿਖਲਾਈ ਦੇਣ ਦੇ ਪ੍ਰੋਗਰਾਮ ਦੀ ਸ਼ੁਰੂਆਤ
  • PublishedNovember 7, 2023

‘ਅਬਾਦ ਸਿੱਖਿਆ’ ਤਹਿਤ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਮੁੱਢਲੀ ਸਹਾਇਤਾ ਦੀ ਸਿਖਲਾਈ

ਗੁਰਦਾਸਪੁਰ, 7 ਨਵੰਬਰ 2023 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ‘ਅਬਾਦ ਸਿੱਖਿਆ’ ਤਹਿਤ ਮੁੱਢਲੀ ਸਹਾਇਤਾ ਦੀ ਸਿਖਲਾਈ ਦੇਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ‘ਅਬਾਦ ਸਿੱਖਿਆ’ ਮੁਹਿੰਮ ਦੀ ਸ਼ੁਰੂਆਤ ਅੱਜ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ ਗਈ।‘ਅਬਾਦ ਸਿੱਖਿਆ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੀ ਵੱਧ ਤੋਂ ਵੱਧ ਸਿਖਲਾਈ ਦਿੱਤੀ ਜਾਵੇਗੀ।

‘ਅਬਾਦ ਸਿੱਖਿਆ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੁੱਢਲੀ ਸਹਾਇਤਾ ਦੇਣ ਦੀ ਜਾਣਕਾਰੀ ਹਰ ਨਾਗਰਿਕ ਲਈ ਹੋਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੀਆਂ ਜਾਨਾਂ ਕੇਵਲ ਇਸ ਕਾਰਨ ਹੀ ਚਲੀਆਂ ਜਾਂਦੀਆਂ ਹਨ ਜਦੋਂ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਗੱਲ ਨੂੰ ਮਹਿਸੂਸ ਕਰਦੇ ਹੋਏ ‘ਅਬਾਦ ਸਿੱਖਿਆ’ ਤਹਿਤ ਮੁੱਢਲੀ ਸਹਾਇਤਾ ਦੀ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੀ ਸਿਖਲਾਈ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਮੁੱਢਲੀ ਸਹਾਇਤਾ ਦੀਆਂ ਸਾਰੀਆਂ ਤਕਨੀਕਾਂ ਨੂੰ ਚੰਗੀ ਤਰ੍ਹਾਂ ਸਿੱਖਣ ਅਤੇ ਜ਼ਿੰਦਗੀ ਵਿੱਚ ਜਦੋਂ ਵੀ ਕਿਤੇ ਲੋੜ ਪਵੇ ਤਾਂ ਇਨ੍ਹਾਂ ਤਕਨੀਕਾਂ ਦੀ ਸਹਾਇਤਾ ਨਾਲ ਕਿਸੇ ਦੀ ਜਾਨ ਬਚਾਈ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਹਾਦਸਾ ਵਾਪਰਨ ਦੀ ਸਥਿਤੀ ਵਿੱਚ ਘਬਰਾਉਣਾ ਬਿਲਕੁਲ ਨਹੀਂ ਚਾਹੀਦਾ ਅਤੇ ਬੜੀ ਬਹਾਦਰੀ ਅਤੇ ਹਿੰਮਤ ਨਾਲ ਹਾਲਾਤ ਦਾ ਸਾਹਮਣਾ ਕਰਦੇ ਹੋਏ ਪੀੜ੍ਹਤ ਨੂੰ ਮੁੱਢਲੀ ਸਹਾਇਤਾ ਦੇ ਕੇ ਡਾਕਟਰ ਕੋਲ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਮਾਸਟਰ ਟਰੇਨਰਾਂ ਵੱਲੋਂ ਮੁੱਢਲੀ ਸਹਾਇਤਾ ਦੀ ਲਾਈਵ ਡੇਮੋ ਦੇਣ ਦੇ ਨਾਲ ਮੁੱਢਲੀ ਸਹਾਇਤਾ ਤਕਨੀਕਾਂ ਦੇ ਲਿਖਤੀ ਪੈਂਫਲੈਂਟ ਵੰਡੇ ਜਾਣਗੇ ਅਤੇ ਵੀਡੀਓ ਵੀ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਢਲੀ ਸਹਾਇਤਾ ਦੀ ਸਿਖਲਾਈ ਨਾਲ ਅਸੀਂ ਭਵਿੱਖ ਵਿੱਚ ਬਹੁਤ ਸਾਰੀਆਂ ਜਾਨਾਂ ਬਚਾ ਸਕਾਂਗੇ।

ਇਸ ਤੋਂ ਪਹਿਲਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸੈਕਟਰੀ ਸ੍ਰੀ ਰਾਜੀਵ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੀਆਂ ਤਕਨੀਕਾਂ ਦਾ ਪ੍ਰੈਕਟੀਕਲ ਕਰਕੇ ਦਿਖਾਇਆ। ਇਸ ਮੌਕੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਨੇ ਮੁੱਢਲੀ ਸਹਾਇਤਾ ਦੀ ਸਿਖਲਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਿਆ ਹੈ। ਵਿਦਿਆਰਥੀਆਂ ਨੇ ਕਿਹਾ ਕਿ ਉਹ ਆਪਣੇ ਘਰਾਂ ਵਿੱਚ ਅਤੇ ਹੋਰ ਲੋਕਾਂ ਨੂੰ ਵੀ ਇਨ੍ਹਾਂ ਤਕਨੀਕਾਂ ਬਾਰੇ ਦੱਸਣਗੇ।

ਇਸ ਮੌਕੇ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਮੇਸ਼ ਠਾਕੁਰ, ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸੈਕਟਰੀ ਸ੍ਰੀ ਰਾਜੀਵ ਸਿੰਘ, ਐੱਸ.ਐੱਮ.ਓ ਡਾ. ਚੇਤਨਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਸਮਾਜ ਸੇਵੀ ਤੇ ਸਾਬਕਾ ਸਿੱਖਿਆ ਅਧਿਕਾਰੀ ਇੰਦਰਜੀਤ ਸਿੰਘ ਬਾਜਵਾ ਤੋਂ ਇਲਾਵਾ ਅਧਿਕਾਰੀ ਅਤੇ ਮੈਰੀਟੋਰੀਅਸ ਸਕੂਲ ਦਾ ਸਟਾਫ਼ ਹਾਜ਼ਰ ਸੀ।  

Written By
The Punjab Wire