ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ
  • PublishedNovember 7, 2023

ਗੁਰਦਾਸਪੁਰ, 7 ਨਵੰਬਰ 2023 ( ਦੀ ਪੰਜਾਬ ਵਾਇਰ)। ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਚੱਲ ਰਿਹਾ ਹੈ।

ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੋਟਾਂ ਬਣਾਉਣ ਅਤੇ ਚੋਣ ਪ੍ਰੀਕ੍ਰਿਆ ਵਿੱਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜਿਸ ਵੀ ਨੌਜਵਾਨ ਦੀ ਉਮਰ 18 ਸਾਲ ਹੈ ਉਸਦੀ ਵੋਟ ਜਰੂਰ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਸਕੂਲਾਂ, ਕਾਲਜਾਂ, ਆਈਲਸ ਸੈਂਟਰਾਂ, ਉਦਯੋਗਾਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਵਿੱਚ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇੱਕ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਿਆਂ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਜ਼ਿਲ੍ਹਾ ਸਵੀਪ ਟੀਮ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਉਹ 18-19 ਸਾਲ ਦੇ ਨੌਜਵਾਨ ਵੋਟਰਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਨੌਜਵਾਨ ਨੂੰ ਵੋਟਰ ਹੈਲਪਲਾਈਨ ਐਪ ਬਾਰੇ ਵੀ ਜਾਗਰੂਕ ਕੀਤਾ ਜਾਵੇ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਵੀ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਵੋਟਾਂ ਜਰੂਰ ਬਣਵਾਉਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 9 ਦਸੰਬਰ 2023 ਤੱਕ ਨਵੀਆਂ ਵੋਟਾਂ ਬਣਾਉਣ ਲਈ ਦਾਅਵੇ/ਇਤਰਾਜ਼ ਫਾਰਮ ਨੰਬਰ-6, ਵੋਟ ਕਟਵਾਉਣ ਲਈ ਫਾਰਮ ਨੰਬਰ-7, ਵੇਰਵਿਆਂ ਦੀ ਸੋਧ ਕਰਵਾਉਣ/ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰਬਰ-8, ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਜਾਣਗੇ।

ਉਨਾਂ ਦੱਸਿਆ ਕਿ ਮਿਤੀ 2 ਤੇ 3 ਦਸੰਬਰ 2023 ਨੂੰ (ਸ਼ਨੀਵਾਰ, ਐਤਵਾਰ) ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਥੇ ਬੀ.ਐੱਲ.ਓਜ਼ ਵੱਲੋਂ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ। ਉਨਾਂ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਮਿਤੀ 26 ਦਸੰਬਰ 2023 ਤੱਕ ਦਾਅਵੇ/ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਫਾਰਮਾਂ ਦੇ ਨਿਪਟਾਰੇ ਉਪਰੰਤ ਅਨੁਪੂਰਕਾਂ ਦਾ ਕੰਮ ਮੁਕੰਮਲ ਕਰਕੇ ਮਿਤੀ 5 ਜਨਵਰੀ 2024 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਤਹਿਸੀਲਦਾਰ ਚੋਣਾਂ ਮਨਜਿੰਦਰ ਸਿੰਘ ਬਾਜਵਾ, ਜ਼ਿਲਾ ਸਿੱਖਿਆ ਅਫ਼ਸਰ ਸ੍ਰੀਮਤੀ ਮਮਤਾ ਸੇਠੀ ਖੁਰਾਣਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ, ਨਾਇਬ ਤਹਿਸੀਲਦਾਰ ਹਿਰਦੇਪਾਲ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire